ਤਾਜਾ ਖਬਰਾਂ
ਅੰਮ੍ਰਿਤਸਰ ਵਿੱਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦੇ ਕਤਲ ਮਾਮਲੇ ਨੂੰ ਲੈ ਕੇ ਪੁਲਿਸ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਪੁਲਿਸ ਕਮਿਸ਼ਨਰ ਹਰਮਨਵੀਰ ਸਿੰਘ ਗਿੱਲ ਨੇ ਸੀਨੀਅਰ ਅਧਿਕਾਰੀਆਂ ਨਾਲ ਵਾਰਦਾਤ ਵਾਲੀ ਥਾਂ ਅਤੇ ਆਸ-ਪਾਸ ਦੇ ਇਲਾਕਿਆਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਸੀਪੀ ਗਿੱਲ ਮੁਤਾਬਕ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਮਲਾਵਰ ਵਾਰਦਾਤ ਤੋਂ ਪਹਿਲਾਂ ਮੈਡ ਸੰਧੂ ਦਾ ਪਿੱਛਾ ਕਰ ਰਹੇ ਸਨ ਅਤੇ ਉਸ ਦੀ ਰੇਕੀ ਕੀਤੀ ਜਾ ਰਹੀ ਸੀ। ਲੋਹਾਰਕਾ ਰੋਡ ’ਤੇ ਵਾਸ਼ਿੰਗ ਸਟੇਸ਼ਨ ਨੇੜੇ ਮੌਕਾ ਮਿਲਦਿਆਂ ਹੀ ਹਮਲਾਵਰਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ ਅਤੇ ਵਾਰਦਾਤ ਤੋਂ ਬਾਅਦ ਉਸੇ ਰਸਤੇ ਰਾਹੀਂ ਫਰਾਰ ਹੋ ਗਏ।
ਪੁਲਿਸ ਕਮਿਸ਼ਨਰ ਨੇ ਦਾਅਵਾ ਕੀਤਾ ਕਿ ਜਾਂਚ ਦੌਰਾਨ ਕਈ ਅਹਿਮ ਅਤੇ ਠੋਸ ਸੁਰਾਗ ਹੱਥ ਲੱਗੇ ਹਨ। ਉਨ੍ਹਾਂ ਕਿਹਾ ਕਿ ਕਤਲ ਨੂੰ ਅੰਜਾਮ ਦੇਣ ਵਾਲਿਆਂ ਦੇ ਨਾਲ-ਨਾਲ ਇਸ ਪਿੱਛੇ ਸਾਜ਼ਿਸ਼ ਰਚਣ ਵਾਲਿਆਂ ਬਾਰੇ ਵੀ ਪੁਲਿਸ ਨੂੰ ਕਾਫ਼ੀ ਜਾਣਕਾਰੀ ਮਿਲ ਚੁੱਕੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਬਹੁਤ ਜਲਦ ਪੂਰੇ ਮਾਮਲੇ ਦੀ ਤਸਵੀਰ ਸਾਫ਼ ਕਰ ਦਿੱਤੀ ਜਾਵੇਗੀ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਮੈਡ ਸੰਧੂ ਦੇ ਪਿਤਾ ਭੁਪਿੰਦਰ ਸਿੰਘ ਪੰਜਾਬ ਪੁਲਿਸ ਦੇ ਰਿਟਾਇਰਡ ਲੋਕਲ ਰੈਂਕ ਸਬ-ਇੰਸਪੈਕਟਰ ਹਨ, ਜੋ ਅੰਮ੍ਰਿਤਸਰ ਦਿਹਾਤੀ ਪੁਲਿਸ ਤੋਂ ਸੇਵਾਮੁਕਤ ਹੋਏ ਸਨ।
ਮਾਮਲੇ ਵਿੱਚ ਐੱਫਆਈਆਰ ਦਰਜ ਹੋ ਚੁੱਕੀ ਹੈ ਅਤੇ ਮ੍ਰਿਤਕ ਦਾ ਪੋਸਟਮਾਰਟਮ ਵੀ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਸ਼ੱਕੀ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸੀਪੀ ਗਿੱਲ ਨੇ ਕਿਹਾ ਕਿ ਸ਼ਹਿਰ ਦੀ ਕਾਨੂੰਨ-ਵਿਵਸਥਾ ਕਾਬੂ ਹੇਠ ਹੈ ਅਤੇ ਕਤਲ ਨਾਲ ਜੁੜੇ ਸ਼ੂਟਰਾਂ ਤੇ ਪੂਰੇ ਨੈੱਟਵਰਕ ਨੂੰ ਜਲਦ ਬੇਨਕਾਬ ਕਰਨ ਲਈ ਕਾਰਵਾਈ ਜਾਰੀ ਹੈ।
Get all latest content delivered to your email a few times a month.