ਤਾਜਾ ਖਬਰਾਂ
ਭਾਰਤੀ ਮੌਸਮ ਵਿਭਾਗ (IMD) ਦੇ ਚੰਡੀਗੜ੍ਹ ਕੇਂਦਰ ਨੇ ਪੰਜਾਬ ਵਿੱਚ ਅਗਲੇ ਤਿੰਨ ਦਿਨਾਂ ਲਈ ਮੌਸਮ ਖ਼ਰਾਬ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਸੂਬੇ ਦੇ 12 ਜ਼ਿਲ੍ਹਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਝੱਖੜ ਚੱਲਣ, ਗਰਜ-ਚਮਕ ਅਤੇ ਹਲਕੇ ਤੋਂ ਦਰਮਿਆਨੇ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿੱਚ ਆਈ ਇਸ ਤਬਦੀਲੀ ਨਾਲ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲੇਗੀ।
ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫ਼ਤਿਹਗੜ੍ਹ ਸਾਹਿਬ, ਰੂਪਨਗਰ ਅਤੇ ਮੋਹਾਲੀ ਵਿੱਚ ਤੇਜ਼ ਹਵਾਵਾਂ ਦੇ ਨਾਲ-ਨਾਲ ਕਈ ਥਾਵਾਂ 'ਤੇ ਬਾਰਿਸ਼ ਹੋਣ ਦੀ ਪੂਰੀ ਸੰਭਾਵਨਾ ਹੈ, ਜਦਕਿ ਮਾਲਵਾ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਹਲਕੀ ਬੂੰਦਾ-ਬਾਂਦੀ ਹੋ ਸਕਦੀ ਹੈ। 8 ਅਕਤੂਬਰ ਨੂੰ ਖ਼ਰਾਬ ਮੌਸਮ ਦਾ ਦਾਇਰਾ ਵਧ ਕੇ 13 ਜ਼ਿਲ੍ਹਿਆਂ ਤੱਕ ਪਹੁੰਚ ਜਾਵੇਗਾ, ਜਿਸ ਵਿੱਚ ਲੁਧਿਆਣਾ ਅਤੇ ਪਟਿਆਲਾ ਸਮੇਤ ਲਗਭਗ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਉਮੀਦ ਹੈ। ਇਸ ਤੋਂ ਬਾਅਦ 9 ਅਕਤੂਬਰ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਮੋਹਾਲੀ ਸਮੇਤ 8 ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਅਤੇ ਛਿੱਟੇ ਪੈਣ ਦਾ ਸਿਲਸਿਲਾ ਜਾਰੀ ਰਹੇਗਾ, ਜਦਕਿ 10 ਅਕਤੂਬਰ ਨੂੰ ਕੋਈ ਅਲਰਟ ਤਾਂ ਨਹੀਂ ਹੈ ਪਰ ਜ਼ਿਆਦਾਤਰ ਹਿੱਸਿਆਂ ਵਿੱਚ ਹਲਕੀ ਵਰਖਾ ਹੋ ਸਕਦੀ ਹੈ।
ਦੂਜੇ ਪਾਸੇ, ਬੀਤੇ 24 ਘੰਟਿਆਂ ਦੌਰਾਨ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਕਿ ਆਮ ਦੇ ਆਸ-ਪਾਸ ਹੀ ਬਨੀ ਹੋਈ ਹੈ। ਇਸ ਦੌਰਾਨ 36 ਡਿਗਰੀ ਸੈਲਸੀਅਸ ਤਾਪਮਾਨ ਨਾਲ ਬਠਿੰਡਾ ਸੂਬੇ ਵਿੱਚ ਸਭ ਤੋਂ ਗਰਮ ਰਿਹਾ। ਮੌਸਮ ਵਿਭਾਗ ਮੁਤਾਬਕ ਆਉਣ ਵਾਲੀ ਇਸ ਬਾਰਿਸ਼ ਨਾਲ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਵੱਡੀ ਰਾਹਤ ਮਿਲੇਗੀ।
Get all latest content delivered to your email a few times a month.