ਤਾਜਾ ਖਬਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਿੱਠੂ ਸਿੰਘ ਕਾਹਨੇਕੇ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪਹੁੰਚ ਕੇ ਮੁੱਖ ਮੰਤਰੀ ਭਗਵੰਤ ਸਿੰਘ ਨਾਲ ਕੀਤੀ ਮੁਲਾਕਾਤ ਸਬੰਧੀ ਆਪਣਾ ਸਪਸ਼ਟੀਕਰਨ ਅਤੇ ਖਿਮਾ ਜਾਚਨਾ ਸੌਂਪ ਦਿੱਤੀ ਹੈ।
ਦੱਸਿਆ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਨੂੰ 15 ਜੂਨ 2026 ਨੂੰ “ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ” ਐਲਾਨੇ ਜਾਣ ਤੋਂ ਬਾਅਦ ਮਿੱਠੂ ਸਿੰਘ ਕਾਹਨੇਕੇ ਵੱਲੋਂ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ ਸੀ। ਇਸ ਮਾਮਲੇ ਵਿੱਚ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ਾਂ ਤਹਿਤ ਉਨ੍ਹਾਂ ਨੂੰ 10 ਦਿਨਾਂ ਦੇ ਅੰਦਰ ਨਿੱਜੀ ਤੌਰ ’ਤੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ’ਤੇ ਸ਼੍ਰੋਮਣੀ ਕਮੇਟੀ ਦੀਆਂ ਇਕੱਤਰਤਾਵਾਂ ਵਿੱਚ ਸ਼ਾਮਲ ਹੋਣ ’ਤੇ ਵੀ ਰੋਕ ਲਗਾਈ ਗਈ ਸੀ।
8 ਅਕਤੂਬਰ ਨੂੰ ਮਿੱਠੂ ਸਿੰਘ ਕਾਹਨੇਕੇ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਜਥੇਦਾਰ ਸਾਹਿਬ ਦੇ ਨਾਮ ਆਪਣਾ ਸਪਸ਼ਟੀਕਰਨ ਅਤੇ ਖਿਮਾ ਜਾਚਨਾ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੂੰ ਸੌਂਪੀ। ਆਪਣੇ ਸਪਸ਼ਟੀਕਰਨ ਵਿੱਚ ਉਨ੍ਹਾਂ ਨੇ ਮੰਨਿਆ ਕਿ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਉਲੰਘਣਾ ਹੋਈ ਹੈ, ਜਿਸ ਲਈ ਉਨ੍ਹਾਂ ਨੇ ਖਿਮਾ ਮੰਗੀ ਹੈ।
ਕਾਹਨੇਕੇ ਨੇ ਆਪਣੇ ਪੱਖ ਵਿੱਚ ਕਿਹਾ ਕਿ ਮੁੱਖ ਮੰਤਰੀ ਨਾਲ ਮੁਲਾਕਾਤ ਦਾ ਮਕਸਦ ਕੋਈ ਨਿੱਜੀ ਲਾਭ ਲੈਣਾ ਨਹੀਂ ਸੀ, ਸਗੋਂ ਸ਼੍ਰੋਮਣੀ ਕਮੇਟੀ ਨਾਲ ਜੁੜੇ ਚੱਲ ਰਹੇ ਮਾਮਲਿਆਂ ਅਤੇ ਪੰਥਕ ਭਾਵਨਾਵਾਂ ਦੇ ਮੱਦੇਨਜ਼ਰ ਇਹ ਮੁਲਾਕਾਤ ਹੋਈ ਸੀ।
ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ ਮਿੱਠੂ ਸਿੰਘ ਕਾਹਨੇਕੇ ਵੱਲੋਂ ਪੇਸ਼ ਕੀਤਾ ਗਿਆ ਸਪਸ਼ਟੀਕਰਨ ਅਤੇ ਖਿਮਾ ਜਾਚਨਾ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰਿਆ ਜਾਵੇਗਾ। ਇਸ ਤੋਂ ਬਾਅਦ ਸਿੰਘ ਸਾਹਿਬਾਨ ਵੱਲੋਂ ਮਾਮਲੇ ਸਬੰਧੀ ਅਗਲਾ ਫ਼ੈਸਲਾ ਲਿਆ ਜਾਵੇਗਾ।
Get all latest content delivered to your email a few times a month.