ਤਾਜਾ ਖਬਰਾਂ
ਲੁਧਿਆਣਾ ਜ਼ਿਲ੍ਹੇ ਦੇ ਰਾਏਕੋਟ ਤੋਂ ਧੋਖਾਧੜੀ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਵਿਆਹ ਕਰਵਾਉਣ ਦੇ ਨਾਂ ’ਤੇ 51 ਲੱਖ 60 ਹਜ਼ਾਰ ਰੁਪਏ ਦੀ ਕਥਿਤ ਠੱਗੀ ਦੇ ਮਾਮਲੇ ਵਿੱਚ ਪੁਲਿਸ ਨੇ ਸੱਤ ਸਾਲਾਂ ਤੋਂ ਫਰਾਰ ਚੱਲ ਰਹੀ ਮਹਿਲਾ ਨੂੰ ਦਿੱਲੀ ਦੇ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਮਾਮਲਾ ਸਾਲ 2019 ਵਿੱਚ ਹੋਏ ਵਿਆਹ ਨਾਲ ਸਬੰਧਤ ਹੈ, ਜਿਸ ਵਿੱਚ ਪਿੰਡ ਬੇਪਾਰਾਏ ਖੁਰਦ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਨੇ ਇਨਸਾਫ਼ ਲਈ ਲੰਬੀ ਕਾਨੂੰਨੀ ਲੜਾਈ ਲੜੀ।
ਪ੍ਰਾਪਤ ਜਾਣਕਾਰੀ ਅਨੁਸਾਰ, ਹਰਪ੍ਰੀਤ ਸਿੰਘ ਦਾ ਵਿਆਹ ਸਾਲ 2019 ਵਿੱਚ ਪਿੰਡ ਗੁੱਡਾ ਦੀ ਰਹਿਣ ਵਾਲੀ ਜਸਪ੍ਰੀਤ ਕੌਰ ਨਾਲ ਹੋਇਆ ਸੀ। ਦੋਸ਼ ਹੈ ਕਿ ਵਿਆਹ ਤੋਂ ਬਾਅਦ ਕੈਨੇਡਾ ਜਾਣ ਲਈ ਮਹਿਲਾ ਨੇ 51.60 ਲੱਖ ਰੁਪਏ ਦੀ ਰਕਮ ਹਾਸਲ ਕੀਤੀ। ਕੈਨੇਡਾ ਪਹੁੰਚਣ ਦੇ ਲਗਭਗ ਇੱਕ ਮਹੀਨੇ ਬਾਅਦ ਉਸ ਨੇ ਆਪਣੇ ਪਤੀ ਨਾਲ ਗੱਲਬਾਤ ਕਰਨੀ ਬੰਦ ਕਰ ਦਿੱਤੀ ਅਤੇ ਉਸ ਨੂੰ ਕੈਨੇਡਾ ਬੁਲਾਉਣ ਤੋਂ ਵੀ ਇਨਕਾਰ ਕਰ ਦਿੱਤਾ।
ਪੀੜਤ ਪਰਿਵਾਰ ਵੱਲੋਂ ਸਾਲ 2020 ਵਿੱਚ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ। ਮਾਮਲੇ ਦੀ ਜਾਂਚ ਅਤੇ ਲੰਬੀ ਕਾਨੂੰਨੀ ਪ੍ਰਕਿਰਿਆ ਤੋਂ ਬਾਅਦ ਰਾਏਕੋਟ ਪੁਲਿਸ ਨੇ ਜਸਪ੍ਰੀਤ ਕੌਰ ਨੂੰ ਦਿੱਲੀ ਏਅਰਪੋਰਟ ਤੋਂ ਕਾਬੂ ਕਰ ਲਿਆ। ਪੁਲਿਸ ਅਧਿਕਾਰੀਆਂ ਮੁਤਾਬਕ, ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਪੀੜਤ ਪਰਿਵਾਰ ਦੇ ਵਕੀਲ ਐਡਵੋਕੇਟ ਭੰਡਾਰੀ ਨੇ ਦੱਸਿਆ ਕਿ ਮਹਿਲਾ ਨੂੰ ਭਾਰਤ ਵਾਪਸ ਲਿਆਉਣ ਲਈ ਪਰਿਵਾਰ ਨੂੰ ਲੰਬੀ ਕਾਨੂੰਨੀ ਲੜਾਈ ਲੜਨੀ ਪਈ। ਹੁਣ ਗ੍ਰਿਫ਼ਤਾਰੀ ਤੋਂ ਬਾਅਦ ਪਰਿਵਾਰ ਨੂੰ ਇਨਸਾਫ਼ ਮਿਲਣ ਦੀ ਉਮੀਦ ਹੈ। ਪਰਿਵਾਰ ਨੇ ਕਥਿਤ ਤੌਰ ’ਤੇ ਠੱਗੀ ਗਈ ਰਕਮ ਵਾਪਸ ਦਿਵਾਉਣ ਅਤੇ ਮੁਲਜ਼ਮ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਫਿਲਹਾਲ, ਰਾਏਕੋਟ ਸਦਰ ਪੁਲਿਸ ਦੇ ਏਐਸਆਈ ਬਲਜੀਤ ਸਿੰਘ ਅਨੁਸਾਰ ਮਹਿਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਮਾਮਲੇ ਸਬੰਧੀ ਅਗਲੀ ਕਾਰਵਾਈ ਜਾਰੀ ਹੈ।
Get all latest content delivered to your email a few times a month.