ਤਾਜਾ ਖਬਰਾਂ
ਪੰਜਾਬ ਦੇ ਜ਼ਿਲ੍ਹਾ ਮਾਨਸਾ ਵਿੱਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਐਂਟੀ ਡਰੱਗ ਟਾਸਕ ਫੋਰਸ ਦੇ ਮੁਖੀ ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਿਲੀ ਜਾਣਕਾਰੀ ਮੁਤਾਬਕ ਹਮਲੇ ਦੌਰਾਨ ਪਰਵਿੰਦਰ ਸਿੰਘ ਝੋਟਾ ਦੇ ਸੱਜੇ ਪੱਟ ਅਤੇ ਪੇਟ ਵਿੱਚ ਗੋਲੀਆਂ ਲੱਗੀਆਂ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਸ ਘਟਨਾ ਵਿੱਚ ਚਾਰ ਹੋਰ ਲੋਕ ਵੀ ਜ਼ਖਮੀ ਹੋਏ ਹਨ।
ਪਰਵਿੰਦਰ ਸਿੰਘ ਝੋਟਾ ਮਾਨਸਾ ਦਾ ਰਹਿਣ ਵਾਲਾ ਸੀ ਅਤੇ ਉਹ ਆਪਣੇ ਕੈਰੀਅਰ ਦੀ ਸ਼ੁਰੂਆਤ ਵਿੱਚ ਇੱਕ ਫ੍ਰੀ ਸਟਾਈਲ ਕਬੱਡੀ ਖਿਡਾਰੀ ਰਿਹਾ ਸੀ। ਉਹ ਕੁਝ ਸਾਲ ਪਹਿਲਾਂ ਉਸ ਸਮੇਂ ਚਰਚਾ ਵਿੱਚ ਆਇਆ ਜਦੋਂ ਉਸ ਨੇ 'ਐਂਟੀ ਡਰੱਗ ਟਾਸਕ ਫੋਰਸ' ਨਾਮਕ ਸੰਗਠਨ ਬਣਾ ਕੇ ਕਥਿਤ ਤੌਰ 'ਤੇ ਨਸ਼ਾ ਵੇਚਣ ਵਾਲਿਆਂ ਨੂੰ ਖੁਦ ਫੜ ਕੇ ਪੁਲਿਸ ਹਵਾਲੇ ਕਰਨਾ ਸ਼ੁਰੂ ਕੀਤਾ ਸੀ।
ਸਾਲ 2023 ਵਿੱਚ ਉਹ ਉਦੋਂ ਵੱਡੀਆਂ ਸੁਰਖੀਆਂ ਵਿੱਚ ਆਇਆ ਜਦੋਂ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇੱਕ ਮੈਡੀਕਲ ਸਟੋਰ ਦੇ ਮਾਲਕ ਦੇ ਗਲ਼ੇ ਵਿੱਚ ਜੁੱਤੀਆਂ ਦਾ ਹਾਰ ਪਾ ਕੇ ਉਸ ਨੂੰ ਮੁੱਖ ਬਾਜ਼ਾਰ ਵਿੱਚੋਂ ਦੀ ਹੁੰਦੇ ਹੋਏ ਸਿਟੀ ਥਾਣੇ ਪਹੁੰਚਾਇਆ ਸੀ। ਨਸ਼ੇ ਖ਼ਿਲਾਫ਼ ਸਰਗਰਮ ਰਹਿਣ ਕਾਰਨ ਇਲਾਕੇ ਵਿੱਚ ਉਸ ਦੀ ਕਾਫੀ ਪਛਾਣ ਬਣ ਚੁੱਕੀ ਸੀ।
ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਪਰਵਿੰਦਰ ਸਿੰਘ ਝੋਟਾ ਅਤੇ ਇੱਕ ਮੈਡੀਕਲ ਸਟੋਰ ਦੇ ਮਾਲਕ ਵਿਚਕਾਰ ਦੁਕਾਨ ਅੰਦਰ ਨਸ਼ਾ ਵੇਚਣ ਦੇ ਇਲਜ਼ਾਮਾਂ ਨੂੰ ਲੈ ਕੇ ਬਹਿਸ ਹੁੰਦੀ ਦਿਖਾਈ ਦੇ ਰਹੀ ਹੈ।
ਵੀਡੀਓ ਵਿੱਚ ਪਰਵਿੰਦਰ ਸਿੰਘ ਝੋਟਾ ਪੁਲਿਸ ਨੂੰ ਫੋਨ ਕਰਨ ਦੀ ਗੱਲ ਕਹਿ ਰਹੇ ਹਨ ਅਤੇ ਦੁਕਾਨਦਾਰ ਕੋਲ ਪਿਸਤੌਲ ਹੋਣ ਦੀ ਚਰਚਾ ਵੀ ਸਾਹਮਣੇ ਆਉਂਦੀ ਹੈ। ਇਸ ਦੌਰਾਨ ਝੋਟਾ ਦੁਕਾਨ ਮਾਲਕ ਨੂੰ ਪਿਸਤੌਲ ਨਾਲ ਫਾਇਰ ਕਰਨ ਲਈ ਲਲਕਾਰਦੇ ਵੀ ਸੁਣਾਈ ਦਿੰਦੇ ਹਨ। ਕੁਝ ਹੀ ਦੇਰ ਬਾਅਦ ਫਾਇਰ ਹੁੰਦਾ ਹੈ ਜੋ ਕਿ ਪਰਵਿੰਦਰ ਸਿੰਘ ਝੋਟਾ ਨੂੰ ਜਾ ਲੱਗਦਾ ਹੈ। ਉਹ ਜ਼ਖਮੀ ਹਾਲਤ ਵਿੱਚ ਦੁਕਾਨ ਤੋਂ ਬਾਹਰ ਨਿਕਲ ਕੇ ਦੂਜੀ ਥਾਂ ਵੱਲ ਜਾਂਦੇ ਹਨ। ਵੀਡੀਓ ਵਿੱਚ ਇੱਕ ਹੋਰ ਵਿਅਕਤੀ ਹੱਥ ਵਿੱਚ ਪਿਸਤੌਲ ਲੈ ਕੇ ਬਾਜ਼ਾਰ ਵਿੱਚ ਫਾਇਰਿੰਗ ਕਰਦਾ ਹੋਇਆ ਵੀ ਨਜ਼ਰ ਆ ਰਿਹਾ ਹੈ।
ਘਟਨਾ ਤੋਂ ਬਾਅਦ ਜ਼ਖਮੀ ਹਾਲਤ ਵਿੱਚ ਪਰਵਿੰਦਰ ਸਿੰਘ ਝੋਟਾ ਨੂੰ ਤੁਰੰਤ ਮਾਨਸਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮਾਨਸਾ ਦੇ ਐੱਸ.ਐੱਮ.ਓ. ਡਾਕਟਰ ਗੁਰਮੇਲ ਸਿੰਘ ਮੁਤਾਬਕ ਇਸ ਹਮਲੇ ਵਿੱਚ ਦੋ ਹੋਰ ਵਿਅਕਤੀਆਂ ਨੂੰ ਵੀ ਗੋਲੀਆਂ ਲੱਗੀਆਂ ਹਨ, ਜਿਨ੍ਹਾਂ ਨੂੰ ਗੰਭੀਰ ਹਾਲਤ ਕਾਰਨ ਰੈਫਰ ਕਰ ਦਿੱਤਾ ਗਿਆ ਹੈ, ਜਦਕਿ ਦੋ ਹੋਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਲਾਕੇ ਵਿੱਚ ਤਣਾਅ ਦੇ ਮਾਹੌਲ ਨੂੰ ਦੇਖਦਿਆਂ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।
Get all latest content delivered to your email a few times a month.