IMG-LOGO
ਹੋਮ ਪੰਜਾਬ: ਪਰਮਿੰਦਰ ਸਿੰਘ ਝੋਟਾ ਮਾਮਲੇ ’ਚ ਇਨਸਾਫ਼ ਲਈ ਕਾਲੀਆਂ ਪੱਗਾਂ ਤੇ...

ਪਰਮਿੰਦਰ ਸਿੰਘ ਝੋਟਾ ਮਾਮਲੇ ’ਚ ਇਨਸਾਫ਼ ਲਈ ਕਾਲੀਆਂ ਪੱਗਾਂ ਤੇ ਚੁੰਨੀਆਂ ਪਾ ਕੇ ਰੋਸ ਜਤਾਉਣ ਦਾ ਸੱਦਾ: ਕੇਵਲ ਸਿੰਘ ਢਿੱਲੋਂ

Admin User - Oct 17, 2026 10:25 PM
IMG

ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟਾ ਦੇ ਇਨਸਾਫ਼ ਮੋਰਚੇ ਵਿੱਚ ਸ਼ਮੂਲੀਅਤ ਕਰਦਿਆਂ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਰਮਿੰਦਰ ਸਿੰਘ ਦੇ ਪਿਤਾ ਭੀਮ ਸਿੰਘ ਅਤੇ ਮਾਤਾ ਨਾਲ ਮੁਲਾਕਾਤ ਕਰਕੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।

ਇਕੱਠ ਨੂੰ ਸੰਬੋਧਨ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਪਰਮਿੰਦਰ ਸਿੰਘ ਝੋਟਾ ਨੂੰ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸੰਘਰਸ਼ ਕਰਨ ਵਾਲਾ ਯੋਧਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਢਿੱਲੋਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਨਸ਼ਿਆਂ ਵਿਰੁੱਧ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਤਿੰਨ ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਅਜੇ ਵੀ ਗੰਭੀਰ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਨੂੰ ਸੁਰੱਖਿਆ ਅਤੇ ਇਨਸਾਫ਼ ਮਿਲਣਾ ਚਾਹੀਦਾ ਹੈ।

ਉਨ੍ਹਾਂ ਨੇ ਸਿੱਧੂ ਮੂਸੇਵਾਲਾ ਅਤੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲਾਂ ਦਾ ਜ਼ਿਕਰ ਕਰਦਿਆਂ ਵੀ ਸਰਕਾਰ ਦੀ ਕਾਰਗੁਜ਼ਾਰੀ ਦੀ ਆਲੋਚਨਾ ਕੀਤੀ। ਝੋਟਾ ਮਾਮਲੇ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਕੇਂਦਰੀ ਜਾਂਚ ਬਿਊਰੋ (CBI) ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ।

ਕੇਵਲ ਸਿੰਘ ਢਿੱਲੋਂ ਨੇ ਦਾਅਵਾ ਕੀਤਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਸਰਕਾਰ ਤੋਂ ਪਰਮਿੰਦਰ ਸਿੰਘ ਝੋਟਾ ਸਮੇਤ ਤਿੰਨ ਮਾਮਲਿਆਂ ਬਾਰੇ ਜਵਾਬ ਮੰਗਿਆ ਗਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਭਾਜਪਾ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਪੱਧਰ ’ਤੇ ਸਾਥ ਦੇਵੇਗੀ।

ਅੰਤ ਵਿੱਚ ਉਨ੍ਹਾਂ ਨੇ ਇਨਸਾਫ਼ ਮਿਲਣ ਤੱਕ ਪੰਜਾਬ ਦੇ ਲੋਕਾਂ ਨੂੰ ਕਾਲੀਆਂ ਪੱਗਾਂ, ਕਾਲੀਆਂ ਚੁੰਨੀਆਂ ਅਤੇ ਕਾਲੇ ਝੰਡਿਆਂ ਰਾਹੀਂ ਸਰਕਾਰ ਵਿਰੁੱਧ ਸ਼ਾਂਤਮਈ ਰੋਸ ਪ੍ਰਗਟਾਉਣ ਦੀ ਅਪੀਲ ਕੀਤੀ। ਮੋਰਚੇ ਵਿੱਚ ਮੌਜੂਦ ਪਰਮਿੰਦਰ ਸਿੰਘ ਦੇ ਪਿਤਾ ਅਤੇ ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿੱਚ ਇਸ ਸੱਦੇ ਦਾ ਸਮਰਥਨ ਕੀਤਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.