ਤਾਜਾ ਖਬਰਾਂ
ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਨਾਲ ਸਬੰਧਤ ਗੋਲੀਬਾਰੀ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਫਿਲਮ ਇੰਡਸਟਰੀ ਵਿੱਚ ਚਰਚਾ ਤੇਜ਼ ਹੋ ਗਈ ਹੈ। ਮੁੱਢਲੀਆਂ ਰਿਪੋਰਟਾਂ ਮੁਤਾਬਕ, ਇਹ ਘਟਨਾ ਜੁਹੂ ਦੇ ਪੁਸ਼ਪਾ ਪਾਰਕ ਵਿੱਚ ਵਾਪਰੀ, ਜਿੱਥੇ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਉਣ ਦੀ ਜਾਣਕਾਰੀ ਮਿਲੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਰਿਪੋਰਟਾਂ ਅਨੁਸਾਰ, ਗੋਲੀਬਾਰੀ ਦੌਰਾਨ ਲਗਭਗ ਪੰਜ ਫਾਇਰ ਕੀਤੇ ਜਾਣ ਦੀ ਗੱਲ ਕਹੀ ਜਾ ਰਹੀ ਹੈ, ਜਦਕਿ ਕੁਝ ਲੋਕਾਂ ਦੇ ਜ਼ਖਮੀ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ। ਹਾਲਾਂਕਿ, ਇਸ ਸਬੰਧੀ ਅਧਿਕਾਰਤ ਪੁਸ਼ਟੀ ਦੀ ਉਡੀਕ ਹੈ। ਦੱਸਿਆ ਜਾ ਰਿਹਾ ਹੈ ਕਿ ਟਾਈਗਰ ਸ਼ਰਾਫ ਇਸ ਘਟਨਾ ਵਿੱਚ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਕੋਈ ਸੱਟ ਨਹੀਂ ਲੱਗੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰਦਿਆਂ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ।
ਇਸ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਗਰੁੱਪ ਨਾਲ ਜੁੜੇ ਲੋਕਾਂ ਵੱਲੋਂ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਘਟਨਾ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਵੀ ਕੀਤਾ ਗਿਆ ਹੈ। ਪੋਸਟ ਵਿੱਚ ਟਾਈਗਰ ਸ਼ਰਾਫ ਨੂੰ ਕਥਿਤ ਤੌਰ ’ਤੇ ਪਹਿਲਾਂ ਫੋਨ ਰਾਹੀਂ ਸੰਪਰਕ ਕਰਨ ਦਾ ਜ਼ਿਕਰ ਕਰਦਿਆਂ ਬਾਲੀਵੁੱਡ ਦੇ ਹੋਰ ਲੋਕਾਂ ਨੂੰ ਵੀ ਧਮਕੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸਲਮਾਨ ਖਾਨ ਨਾਲ ਕੰਮ ਕਰਨ ਵਾਲਿਆਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਵੀ ਕਹੀ ਗਈ ਹੈ।
ਜ਼ਿਕਰਯੋਗ ਹੈ ਕਿ ਰਿਪੋਰਟਾਂ ਮੁਤਾਬਕ ਟਾਈਗਰ ਸ਼ਰਾਫ ਨੂੰ ਪਹਿਲਾਂ ਵੀ ਧਮਕੀਆਂ ਮਿਲਣ ਦੀ ਗੱਲ ਸਾਹਮਣੇ ਆਈ ਸੀ। ਫਿਲਹਾਲ ਗੋਲੀਬਾਰੀ ਦੇ ਅਸਲ ਕਾਰਨਾਂ ਅਤੇ ਸੋਸ਼ਲ ਮੀਡੀਆ ’ਤੇ ਕੀਤੇ ਗਏ ਦਾਅਵਿਆਂ ਦੀ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋ ਸਕੇਗੀ।
Get all latest content delivered to your email a few times a month.