ਤਾਜਾ ਖਬਰਾਂ
ਪੰਜਾਬ ਵਿੱਚ ਸਬਸਿਡੀਆਂ ਨੂੰ ਲੈ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਸਿਆਸੀ ਤਕਰਾਰ ਤੇਜ਼ ਹੋ ਗਈ ਹੈ। ਪੰਜਾਬ ਕਾਂਗਰਸ ਦੇ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਬਸਿਡੀਆਂ ਸਬੰਧੀ ਦਿੱਤੇ ਬਿਆਨ ਤੋਂ ਬਾਅਦ ‘ਆਪ’ ਲੀਡਰਸ਼ਿਪ ਨੇ ਕਾਂਗਰਸ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੋਸ਼ ਲਾਇਆ ਕਿ ਜੇਕਰ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੀ ਤਾਂ ਲੋਕਾਂ ਨੂੰ ਮਿਲ ਰਹੀਆਂ ਮੁਫ਼ਤ ਬਿਜਲੀ ਸਮੇਤ ਹੋਰ ਭਲਾਈ ਸਹੂਲਤਾਂ ਬੰਦ ਹੋ ਸਕਦੀਆਂ ਹਨ।
ਇਸ ਮਾਮਲੇ ’ਤੇ ‘ਆਪ’ ਦੇ ਸੀਨੀਅਰ ਬੁਲਾਰੇ ਬਲਤੇਜ ਪੰਨੂ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀ ਕਾਂਗਰਸ ਖ਼ਿਲਾਫ਼ ਮੋਰਚਾ ਖੋਲ੍ਹਿਆ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਨੀਤੀਆਂ ਕਾਰਨ ਆਮ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਪ੍ਰਭਾਵਿਤ ਹੋ ਸਕਦੀਆਂ ਹਨ। ‘ਆਪ’ ਆਗੂਆਂ ਨੇ ਦਾਅਵਾ ਕੀਤਾ ਕਿ ਕਾਂਗਰਸ ਦੀ ਸਰਕਾਰ ਆਉਣ ’ਤੇ 600 ਯੂਨਿਟ ਮੁਫ਼ਤ ਬਿਜਲੀ, ਔਰਤਾਂ ਲਈ ਪ੍ਰਸਤਾਵਿਤ ਮਹੀਨਾਵਾਰ ਵਿੱਤੀ ਸਹਾਇਤਾ, ਮੁਫ਼ਤ ਇਲਾਜ ਅਤੇ ਸਰਕਾਰੀ ਸਕੂਲਾਂ ਤੇ ਹਸਪਤਾਲਾਂ ਦੀਆਂ ਸਹੂਲਤਾਂ ’ਤੇ ਅਸਰ ਪੈ ਸਕਦਾ ਹੈ।
ਜ਼ਿਕਰਯੋਗ ਹੈ ਕਿ ਰਾਜਾ ਵੜਿੰਗ ਨੇ ਕਿਹਾ ਸੀ ਕਿ ਸਬਸਿਡੀਆਂ ਦਾ ਲਾਭ ਸਿਰਫ਼ ਉਨ੍ਹਾਂ ਲੋਕਾਂ ਨੂੰ ਮਿਲਣਾ ਚਾਹੀਦਾ ਹੈ ਜਿਨ੍ਹਾਂ ਨੂੰ ਇਸ ਦੀ ਅਸਲ ਲੋੜ ਹੈ। ਉਨ੍ਹਾਂ ਦੇ ਇਸ ਬਿਆਨ ਨੂੰ ਲੈ ਕੇ ਪੰਜਾਬ ਵਿੱਚ ਨਵੀਂ ਸਿਆਸੀ ਬਹਿਸ ਛਿੜ ਗਈ ਹੈ। ਜਿੱਥੇ ‘ਆਪ’ ਇਸ ਨੂੰ ਲੋਕ-ਭਲਾਈ ਸਕੀਮਾਂ ਖ਼ਿਲਾਫ਼ ਕਾਂਗਰਸ ਦੀ ਸੋਚ ਦੱਸ ਰਹੀ ਹੈ, ਉੱਥੇ ਹੀ ਸਬਸਿਡੀਆਂ ਦੀ ਵੰਡ ਨੂੰ ਲੈ ਕੇ ਦੋਵਾਂ ਪਾਰਟੀਆਂ ਵਿਚਾਲੇ ਟਕਰਾਅ ਹੋਰ ਵਧਣ ਦੇ ਆਸਾਰ ਹਨ।
Get all latest content delivered to your email a few times a month.