ਤਾਜਾ ਖਬਰਾਂ
ਲੁਧਿਆਣਾ ਵਿੱਚ ਬ੍ਰਾਈਟ ਵੇ ਵੀਜ਼ਾ ਇਮੀਗ੍ਰੇਸ਼ਨ ਦਫ਼ਤਰ ’ਤੇ ਗੋਲੀਬਾਰੀ ਕਰਨ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਇਸ ਵਾਰਦਾਤ ਵਿੱਚ ਕਥਿਤ ਤੌਰ ’ਤੇ ਸ਼ਾਮਲ ਸ਼ੂਟਰ ਦੀਪਕ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਉਸ ਦੇ ਸਾਥੀ ਗਗਨਦੀਪ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ, 10 ਅਤੇ 11 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਦੋ ਹਮਲਾਵਰਾਂ ਨੇ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲ ’ਤੇ ਆ ਕੇ ਇਮੀਗ੍ਰੇਸ਼ਨ ਦਫ਼ਤਰ ’ਤੇ ਤਾਬੜਤੋੜ ਗੋਲੀਆਂ ਚਲਾਈਆਂ ਸਨ।
ਡੀਸੀਪੀ ਕ੍ਰਾਈਮ ਹਰਪਾਲ ਸਿੰਘ ਗਰੇਵਾਲ ਅਨੁਸਾਰ, ਸੀਸੀਟੀਵੀ ਫੁਟੇਜ, ਤਕਨੀਕੀ ਜਾਂਚ ਅਤੇ ਗੁਪਤ ਸੂਚਨਾਵਾਂ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕੀਤੀ ਗਈ। ਮੁੱਢਲੀ ਪੁੱਛਗਿੱਛ ਵਿੱਚ ਸਾਹਮਣੇ ਆਇਆ ਕਿ ਵਿਦੇਸ਼ ਵਿੱਚ ਬੈਠੇ ਵਰਿੰਦਰ ਚਾਰਨ ਅਤੇ ਜਗਜੀਤ ਸਿੰਘ ਉਰਫ਼ ਗਾਂਧੀ ਦੇ ਕਹਿਣ ’ਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਪੁਲਿਸ ਦਾ ਦਾਅਵਾ ਹੈ ਕਿ ਇਮੀਗ੍ਰੇਸ਼ਨ ਦਫ਼ਤਰ ਦੇ ਮਾਲਕ ਤੋਂ ਫ਼ਿਰੌਤੀ ਮੰਗੀ ਗਈ ਸੀ ਅਤੇ ਪੈਸੇ ਦੇਣ ਤੋਂ ਇਨਕਾਰ ਕਰਨ ’ਤੇ ਦਹਿਸ਼ਤ ਫੈਲਾਉਣ ਲਈ ਗੋਲੀਬਾਰੀ ਕਰਵਾਈ ਗਈ।
ਗ੍ਰਿਫ਼ਤਾਰ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਹੁਣ ਫ਼ਰਾਰ ਸਾਥੀ ਗਗਨਦੀਪ ਦੀ ਗ੍ਰਿਫ਼ਤਾਰੀ ਦੇ ਨਾਲ-ਨਾਲ ਵਿਦੇਸ਼ ਵਿੱਚ ਬੈਠੇ ਕਥਿਤ ਸਾਜ਼ਿਸ਼ਕਰਤਾਵਾਂ ਤੱਕ ਪਹੁੰਚਣ ਲਈ ਜਾਂਚ ਕਰ ਰਹੀ ਹੈ। ਮਾਮਲੇ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੀ ਕਾਰਵਾਈ ਜਾਰੀ ਹੈ।
Get all latest content delivered to your email a few times a month.