ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਲਈ ਇੱਕ ਨਵੀਂ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਉਚੇਰੀ ਸਿੱਖਿਆ ਵਿਭਾਗ ਨੇ ਸੂਬੇ ਦੇ 40 ਸਰਕਾਰੀ ਕਾਲਜਾਂ ਵਿੱਚ ‘ਸੰਗਤ ਮਾਨਸਿਕ ਸਿਹਤ ਕਲੱਬ’ ਸਥਾਪਿਤ ਕੀਤੇ ਹਨ। ਆਦਿੱਤਿਆ ਬਿਰਲਾ ਐਜੂਕੇਸ਼ਨ ਟਰੱਸਟ ਦੇ ਸਹਿਯੋਗ ਨਾਲ ਸ਼ੁਰੂ ਕੀਤੇ ਗਏ ਇਸ ਪ੍ਰਾਜੈਕਟ ਰਾਹੀਂ ਵਿਦਿਆਰਥੀਆਂ ਨੂੰ ਮਾਨਸਿਕ ਤਣਾਅ ਦੀ ਪਛਾਣ ਕਰਨ, ਸਮੱਸਿਆਵਾਂ ਬਾਰੇ ਖੁੱਲ੍ਹ ਕੇ ਗੱਲਬਾਤ ਕਰਨ ਅਤੇ ਲੋੜ ਪੈਣ ‘ਤੇ ਸਹੀ ਸਹਾਇਤਾ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ।
ਇਸ ਪਹਿਲਕਦਮੀ ਦੀ ਸ਼ੁਰੂਆਤ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਰਿਵਾਰਾਂ, ਅਧਿਆਪਕਾਂ ਅਤੇ ਦੋਸਤਾਂ ਦੀ ਸਾਂਝੀ ਭੂਮਿਕਾ ਨੂੰ ਅਹਿਮ ਦੱਸਿਆ। ਸਿੱਖਿਆ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਲਪੇਟ ਵਿੱਚ ਆਏ ਵਿਅਕਤੀਆਂ ਦੀ ਮਦਦ ਕਰਨਾ ਅਤੇ ਉਨ੍ਹਾਂ ਨੂੰ ਸਹੀ ਰਸਤੇ ‘ਤੇ ਲਿਆਉਣਾ ਸਮਾਜ ਦੀ ਅਸਲ ਜ਼ਿੰਮੇਵਾਰੀ ਹੈ। ਇਸ ਦੌਰਾਨ ਨੀਰਜਾ ਬਿਰਲਾ ਅਤੇ ਅਦਾਕਾਰ ਅਪਾਰਸ਼ਕਤੀ ਖੁਰਾਣਾ ਨੇ ਵੀ ਮਾਨਸਿਕ ਸਿਹਤ ਸਬੰਧੀ ਚੁਣੌਤੀਆਂ ਬਾਰੇ ਖੁੱਲ੍ਹ ਕੇ ਗੱਲ ਕਰਨ ਅਤੇ ਨੌਜਵਾਨਾਂ ਨੂੰ ਬਿਨਾਂ ਕਿਸੇ ਝਿਜਕ ਦੇ ਮਦਦ ਲੈਣ ਲਈ ਪ੍ਰੇਰਿਤ ਕੀਤਾ।
ਪ੍ਰਾਜੈਕਟ ਤਹਿਤ ਹਰੇਕ ਚੁਣੇ ਗਏ ਕਾਲਜ ਵਿੱਚੋਂ 25 ਵਿਦਿਆਰਥੀਆਂ ਨੂੰ 14 ਘੰਟਿਆਂ ਦੀ ‘ਯੂਥ ਮੈਂਟਲ ਹੈਲਥ ਫਸਟ ਏਡ’ ਸਿਖਲਾਈ ਦਿੱਤੀ ਜਾਵੇਗੀ। ਸਿਖਲਾਈ ਪੂਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਦਿੱਤੇ ਜਾਣਗੇ, ਜਿਸ ਨਾਲ ਉਹ ਆਪਣੇ ਸਾਥੀਆਂ ਦੀਆਂ ਮਾਨਸਿਕ ਸਿਹਤ ਸਬੰਧੀ ਸਮੱਸਿਆਵਾਂ ਨੂੰ ਸਮਝਣ ਅਤੇ ਲੋੜ ਅਨੁਸਾਰ ਪੇਸ਼ੇਵਰ ਸਹਾਇਤਾ ਤੱਕ ਪਹੁੰਚਣ ਵਿੱਚ ਮਦਦ ਕਰ ਸਕਣਗੇ। ‘ਸੰਗਤ’ ਕਲੱਬਾਂ ਦਾ ਮੁੱਖ ਮਕਸਦ ਕਾਲਜਾਂ ਵਿੱਚ ਸਹਿਯੋਗੀ ਮਾਹੌਲ ਬਣਾਉਣਾ, ਮਾਨਸਿਕ ਸਿਹਤ ਪ੍ਰਤੀ ਸਮਾਜਿਕ ਝਿਜਕ ਦੂਰ ਕਰਨਾ ਅਤੇ ਨਸ਼ਿਆਂ ਦੀ ਰੋਕਥਾਮ ਲਈ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣਾ ਹੈ।
Get all latest content delivered to your email a few times a month.