IMG-LOGO
ਹੋਮ ਪੰਜਾਬ: ਪੰਜਾਬ ਵਿਧਾਨ ਸਭਾ ਵੱਲੋਂ ਇਤਰਾਜ਼ਯੋਗ ਸ਼ਬਦਾਵਲੀ ਦੇ ਮਾਮਲੇ 'ਚ ਕਾਂਗਰਸੀ...

ਪੰਜਾਬ ਵਿਧਾਨ ਸਭਾ ਵੱਲੋਂ ਇਤਰਾਜ਼ਯੋਗ ਸ਼ਬਦਾਵਲੀ ਦੇ ਮਾਮਲੇ 'ਚ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰਨ ਦਾ ਮਤਾ ਸਰਬਸੰਮਤੀ...

Admin User - Oct 23, 2026 05:21 PM
IMG

ਚੰਡੀਗੜ੍ਹ; 23 ਅਕਤੂਬਰ 2026:

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁੱਧ ਮਤਾ ਪੇਸ਼ ਕਰਦਿਆਂ ਉਨ੍ਹਾਂ ਨੂੰ ਮੌਜੂਦਾ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰਨ ਦੀ ਮੰਗ ਕੀਤੀ। ਵਿੱਤ ਮੰਤਰੀ ਨੇ ਵਿਧਾਇਕ 'ਤੇ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ, ਚੇਅਰ ਦੇ ਹੁਕਮਾਂ ਦੀ ਅਣਦੇਖੀ ਅਤੇ ਸਦਨ ਦੀ ਕਾਰਵਾਈ ਵਿੱਚ ਜਾਣਬੁੱਝ ਕੇ ਵਿਘਨ ਪਾਉਣ ਦਾ ਦੋਸ਼ ਲਗਾਇਆ ਜਿਸ ਕਾਰਨ ਵਿਧਾਨ ਸਭਾ ਦਾ ਕੀਮਤੀ ਸਮਾਂ ਬਰਬਾਦ ਹੋਇਆ ਅਤੇ ਸਦਨ ਦੀ ਮਰਿਆਦਾ ਨੂੰ ਠੇਸ ਪਹੁੰਚੀ। 

ਸਦਨ ਨੂੰ ਸੰਬੋਧਨ ਕਰਦਿਆਂ, 'ਆਪ' ਵਿਧਾਇਕ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੈਂਬਰਾਂ ਨੇ ਸੁਖਪਾਲ ਸਿੰਘ ਖਹਿਰਾ ਵੱਲੋਂ ਵਰਤੇ ਗਏ ਇਤਰਾਜ਼ਯੋਗ ਸ਼ਬਦਾਂ 'ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਅਜਿਹੀ ਇਤਰਾਜ਼ਯੋਗ ਸ਼ਬਦਾਵਲੀ ਪੰਜਾਬ ਦੇ ਮਿਹਨਤਕਸ਼ ਮਜ਼ਦੂਰਾਂ, ਖ਼ਾਸ ਕਰਕੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਦੇ ਸਵੈਮਾਣ ਅਤੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੀ ਹੈ। 

ਹਰਪਾਲ ਸਿੰਘ ਚੀਮਾ ਨੇ ਕਿਹਾ ਪੰਜਾਬ ਦੇ ਮਜ਼ਦੂਰ ਵਰਗ ਨੇ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ, "ਹਰੇਕ ਨਾਗਰਿਕ, ਅਤੇ ਖ਼ਾਸ ਤੌਰ 'ਤੇ ਚੁਣੇ ਹੋਏ ਨੁਮਾਇੰਦਿਆਂ ਦਾ ਇਹ ਫਰਜ਼ ਬਣਦਾ ਹੈ ਕਿ ਉਹ ਕਿਰਤੀ ਵਰਗ ਦੀ ਸਖ਼ਤ ਮਿਹਨਤ, ਇਮਾਨਦਾਰੀ ਅਤੇ ਸਮਾਜ ਪ੍ਰਤੀ ਯੋਗਦਾਨ ਦਾ ਸਨਮਾਨ ਕਰਨ।"

ਆਪ ਵਿਧਾਇਕ ਨੇ ਕਿਹਾ, "ਜਾਤ, ਸਮਾਜਿਕ ਰੁਤਬੇ ਜਾਂ ਆਰਥਿਕ ਪਿਛੋਕੜ ਦੇ ਆਧਾਰ 'ਤੇ ਕਿਸੇ ਵਿਅਕਤੀ ਜਾਂ ਸਮੂਹ ਨੂੰ ਨੀਵਾਂ ਦਿਖਾਉਣਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਵਿਧਾਇਕਾਂ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਪੂਰੀ ਜ਼ਿੰਮੇਵਾਰੀ ਨਾਲ ਪੇਸ਼ ਆਉਣ ਅਤੇ ਸਦਨ ਦੀ ਮਰਿਆਦਾ ਬਰਕਰਾਰ ਰੱਖਣ।"

ਉਨ੍ਹਾਂ ਕਿਹਾ, ‘‘ ਜਨਤਕ ਨੁਮਾਇੰਦਿਆਂ ਦਾ ਸਮਾਜ ’ਤੇ ਵਿਆਪਕ ਪ੍ਰਭਾਵ ਹੁੰਦਾ ਹੈ। ਇਸ ਲਈ ਉਨ੍ਹਾਂ ਨੂੰ ਅਜਿਹੀਆਂ ਟਿੱਪਣੀਆਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਜੋ ਕਿਸੇ ਵੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹੋਣ। ਜਾਤ-ਅਧਾਰਿਤ ਵਿਤਕਰੇ ਨੂੰ ਖਤਮ ਕਰਨ ਅਤੇ ਸਮਾਜਿਕ ਬਰਾਬਰੀ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਗਏ ਇਤਿਹਾਸਕ ਅਤੇ ਚੱਲ ਰਹੇ ਯਤਨਾਂ ਦੇ ਬਾਵਜੂਦ, ਕਮਜ਼ੋਰ ਅਤੇ ਹਾਸ਼ੀਏ ’ਤੇ ਰਹਿ ਰਹੇ ਵਰਗਾਂ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨਾ ਬਹੁਤ ਹੀ ਅਫਸੋਸਨਾਕ ਹੈ। ਸਾਰੇ ਵਿਧਾਇਕਾਂ ਨੂੰ ਜਾਤੀ ਵਿਤਕਰੇ ਵਿਰੁੱਧ ਇੱਕਜੁੱਟ ਹੋ ਕੇ ਖੜ੍ਹੇ ਹੋਣਾ ਚਾਹੀਦਾ ਹੈ।’’

ਔਰਤਾਂ ਦੇ ਆਰਥਿਕ ਸਸ਼ਕਤੀਕਰਨ ਦਾ ਹਵਾਲਾ ਦਿੰਦਿਆਂ  ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਯੋਗ ਔਰਤਾਂ ਨੂੰ 1500 ਰੁਪਏ ਜਾਂ 1000 ਰੁਪਏ ਦੀ ਮਹੀਨਾਵਾਰ ਵਿੱਤੀ ਸਹਾਇਤਾ ਦੇਣ ਦੇ ਸਰਕਾਰੀ ਫੈਸਲੇ ਨੂੰ ਇੱਕ ਅਹਿਮ ਕਦਮ ਦੱਸਿਆ, ਜੋ ਲੋੜਵੰਦ ਔਰਤਾਂ ਲਈ ਵਿੱਤੀ ਸੁਰੱਖਿਆ ਅਤੇ ਆਤਮ-ਨਿਰਭਰਤਾ ਯਕੀਨੀ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।

ਉਨ੍ਹਾਂ ਨੇ ਸਦਨ ਨੂੰ ਇੱਕ ਸਪੱਸ਼ਟ ਸੰਦੇਸ਼ ਦੇਣ ਦੀ ਅਪੀਲ ਕਰਦਿਆਂ ਕਿਹਾ, ‘‘ਮਜ਼ਦੂਰਾਂ, ਦਲਿਤ ਭਾਈਚਾਰੇ ਜਾਂ ਹੋਰ ਕਮਜ਼ੋਰ ਵਰਗਾਂ ਪ੍ਰਤੀ ਅਪਮਾਨਜਨਕ ਵਿਵਹਾਰ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।’’

ਹਰਪਾਲ ਸਿੰਘ ਚੀਮਾ ਨੇ ਕਾਂਗਰਸ ਪਾਰਟੀ ਦੇ ਅਫ਼ਸੋਸਨਾਕ ਰਵੱਈਏ ਵਿਰੁੱਧ ਨਿੰਦਾ ਮਤਾ ਲਿਆਉਣ ਦਾ ਪ੍ਰਸਤਾਵ ਰੱਖਿਆ। ਇਸ ਤੋਂ ਬਾਅਦ, ਸੁਖਪਾਲ ਸਿੰਘ ਖਹਿਰਾ ਨੂੰ ਸੈਸ਼ਨ ਦੇ ਬਾਕੀ ਸਮੇਂ ਲਈ ਮੁਅੱਤਲ ਕਰਨ ਸਬੰਧੀ ਮਤਾ ਵੋਟਿੰਗ ਲਈ ਪੇਸ਼ ਕੀਤਾ ਗਿਆ ਅਤੇ ਸਪੀਕਰ ਵੱਲੋਂ ਇਸ ਨੂੰ ਸਰਬਸੰਮਤੀ ਨਾਲ ਪਾਸ ਕਰਨ ਦਾ ਐਲਾਨ ਕੀਤਾ ਗਿਆ।

ਆਪਣੇ ਭਾਸ਼ਣ ਦੀ ਸਮਾਪਤੀ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ, ‘‘ਲੋਕਤੰਤਰ ਵਿੱਚ ਚੁਣੇ ਹੋਏ ਨੁਮਾਇੰਦਿਆਂ ਨੂੰ ਆਪਣੇ ਵਿਹਾਰ ਅਤੇ ਬੋਲ-ਚਾਲ ਰਾਹੀਂ ਆਪਸੀ ਸਤਿਕਾਰ, ਬਰਾਬਰੀ ਅਤੇ ਭਾਈਚਾਰਕ ਭਾਵਨਾ ਨੂੰ ਬੜਾਵਾ ਦੇ ਕੇ ਇੱਕ ਮਿਸਾਲ ਕਾਇਮ ਕਰਨੀ ਚਾਹੀਦੀ ਹੈ। ਸਦਨ ਦੀ ਮਰਿਆਦਾ ਅਤੇ ਸਮਾਜਿਕ ਸਵੈ-ਮਾਣ ਦੀ ਰਾਖੀ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।’’

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.