ਤਾਜਾ ਖਬਰਾਂ
ਪਰਵਿੰਦਰ ਸਿੰਘ ਝੋਟਾ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਗਠਿਤ ਤਿੰਨ ਮੈਂਬਰੀ ਕਮੇਟੀ ਨੇ ਪਰਿਵਾਰ ਅਤੇ ਇਨਸਾਫ਼ ਕਮੇਟੀ ਵੱਲੋਂ ਪੇਸ਼ ਕੀਤੀਆਂ ਗਈਆਂ 14 ਮੰਗਾਂ ਵਿੱਚੋਂ ਕੁੱਝ ’ਤੇ ਸਰਕਾਰ ਵੱਲੋਂ ਲਏ ਗਏ ਐਕਸ਼ਨਾਂ ਬਾਰੇ ਲਿਖਤੀ ਜਵਾਬ ਸੌਂਪ ਦਿੱਤਾ ਹੈ। ਇਸ ਤੋਂ ਬਾਅਦ ਪ੍ਰਸ਼ਾਸਨ ਨਾਲ ਅਗਲੀ ਮੀਟਿੰਗ ਤੈਅ ਸੀ।
ਹਾਲਾਂਕਿ, ਇਸ ਤੋਂ ਪਹਿਲਾਂ ਹੀ ਇਨਸਾਫ਼ ਕਮੇਟੀ ਨੇ ਪ੍ਰੈੱਸ ਕਾਨਫਰੰਸ ਕਰਕੇ ਸਾਫ਼ ਕਰ ਦਿੱਤਾ ਹੈ ਕਿ ਜਦੋਂ ਤੱਕ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਨਹੀਂ ਦਿੰਦੇ, ਉਦੋਂ ਤੱਕ ਇਹ ਸੰਘਰਸ਼ ਪੂਰੇ ਜੋਰਾਂ-ਸ਼ੋਰਾਂ ਨਾਲ ਜਾਰੀ ਰਹੇਗਾ। ਕਮੇਟੀ ਅਤੇ ਪਰਵਿੰਦਰ ਝੋਟੇ ਦੀ ਪਤਨੀ ਮਨਪ੍ਰੀਤ ਕੌਰ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਬੇਇਨਸਾਫ਼ੀ ਵਿਰੁੱਧ ਰੋਸ ਪ੍ਰਗਟਾਉਣ ਲਈ ਆਉਣ ਵਾਲੀ 25 ਅਕਤੂਬਰ ਨੂੰ ਪੰਜਾਬ ਦੇ ਹਰ ਪਿੰਡ ਵਿੱਚ ਝਾੜੂ ਫੂਕੇ ਜਾਣ।
ਕਮੇਟੀ ਨੇ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਬੀਤੀ 21 ਅਕਤੂਬਰ ਦੀ ਮੀਟਿੰਗ ਵਿੱਚ ਮਾਨਸਾ ਦੇ ਡੀਐਸਪੀ ਅਤੇ ਡਰੱਗ ਇੰਸਪੈਕਟਰ ਨੂੰ ਮੁਅੱਤਲ (ਸਸਪੈਂਡ) ਕਰਨ ਦਾ ਐਲਾਨ ਕੀਤਾ ਗਿਆ ਸੀ, ਪਰ ਮੌਕੇ 'ਤੇ ਹੁਕਮ ਜਾਰੀ ਨਹੀਂ ਕੀਤੇ ਗਏ। ਅੱਜ ਜਾ ਕੇ ਇਨ੍ਹਾਂ ਦੀ ਮੁਅੱਤਲੀ ਦੇ ਆਰਡਰ ਸਾਹਮਣੇ ਆਏ ਹਨ। ਉਨ੍ਹਾਂ ਤੰਜ ਕੱਸਦਿਆਂ ਕਿਹਾ ਕਿ ਕੀ ਪ੍ਰਸ਼ਾਸਨ ਇਸ ਤਰ੍ਹਾਂ ਦੇ ਦੇਰੀ ਨਾਲ ਲਏ ਗਏ ਫ਼ੈਸਲਿਆਂ ਰਾਹੀਂ ਪੀੜਤ ਪਰਿਵਾਰ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ?
ਮੁੱਖ ਮੰਤਰੀ ਅਤੇ ਡੀਜੀਪੀ ਦੇ ਅਸਤੀਫ਼ੇ ਦੇ ਮੁੱਦੇ 'ਤੇ ਗੱਲ ਕਰਦਿਆਂ ਆਗੂਆਂ ਨੇ ਦੱਸਿਆ ਕਿ ਜਦੋਂ ਵੀ ਇਹ ਮੰਗ 3 ਮੈਂਬਰੀ ਕਮੇਟੀ ਅੱਗੇ ਰੱਖੀ ਜਾਂਦੀ ਹੈ, ਤਾਂ ਅਧਿਕਾਰੀਆਂ ਵੱਲੋਂ ਇਹ ਕਹਿ ਕੇ ਪੱਲਾ ਝਾੜ ਲਿਆ ਜਾਂਦਾ ਹੈ ਕਿ ਇਹ ਉਨ੍ਹਾਂ ਦੇ ਅਧਿਕਾਰ ਖੇਤਰ ਤੋਂ ਬਾਹਰ ਹੈ। ਇਨਸਾਫ਼ ਕਮੇਟੀ ਨੇ ਮੰਗ ਕੀਤੀ ਹੈ ਕਿ ਜੇਕਰ ਇਹ ਮਾਮਲਾ ਕਮੇਟੀ ਦੇ ਦਾਇਰੇ ਵਿੱਚ ਨਹੀਂ ਆਉਂਦਾ, ਤਾਂ ਸਰਕਾਰ ਉਸ ਖ਼ਾਸ ਵਿਭਾਗ ਜਾਂ ਅਥਾਰਟੀ ਦੀ ਵੱਖਰੀ ਕਮੇਟੀ ਬਣਾ ਕੇ ਭੇਜੇ ਜਿਸ ਕੋਲ ਇਸ ਮਾਮਲੇ 'ਤੇ ਫ਼ੈਸਲਾ ਲੈਣ ਦਾ ਅਧਿਕਾਰ ਹੋਵੇ।
ਅੰਤ ਵਿੱਚ, ਇਨਸਾਫ਼ ਕਮੇਟੀ ਅਤੇ ਪਰਵਿੰਦਰ ਝੋਟੇ ਦੀ ਪਤਨੀ ਮਨਪ੍ਰੀਤ ਕੌਰ ਨੇ ਦੁਹਰਾਇਆ ਕਿ ਜਦੋਂ ਤੱਕ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਪਰਵਿੰਦਰ ਸਿੰਘ ਝੋਟੇ ਦਾ ਨਾ ਤਾਂ ਪੋਸਟਮਾਰਟਮ ਹੋਣ ਦਿੱਤਾ ਜਾਵੇਗਾ ਅਤੇ ਨਾ ਹੀ ਅੰਤਮ ਸਸਕਾਰ ਕੀਤਾ ਜਾਵੇਗਾ। ਪਰਿਵਾਰ ਦਾ ਮੰਨਣਾ ਹੈ ਕਿ ਇਸ ਪੂਰੇ ਮਾਮਲੇ ਅਤੇ ਮੌਤ ਲਈ ਸਿੱਧੇ ਤੌਰ 'ਤੇ ਮੁੱਖ ਮੰਤਰੀ ਅਤੇ ਡੀਜੀਪੀ ਜ਼ਿੰਮੇਵਾਰ ਹਨ, ਇਸ ਲਈ ਉਨ੍ਹਾਂ ਦਾ ਅਸਤੀਫ਼ਾ ਲਏ ਬਿਨਾਂ ਪਿੱਛੇ ਨਹੀਂ ਹਟਿਆ ਜਾਵੇਗਾ।
Get all latest content delivered to your email a few times a month.