ਤਾਜਾ ਖਬਰਾਂ
ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ 'ਤੇ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਜ਼ਿਲ੍ਹੇ ਵਿੱਚ ਵਾਤਾਵਰਣ ਦੀ ਸੰਭਾਲ ਅਤੇ ਪਰਾਲੀ ਦੇ ਯੋਗ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਅਤੇ ਐੱਸ.ਐੱਸ.ਪੀ. ਬਟਾਲਾ ਨੇ ਆਪੋ-ਆਪਣੇ ਅਧਿਕਾਰੀਆਂ ਸਮੇਤ ਖੇਤਾਂ ਵਿੱਚ ਉਤਰ ਕੇ ਸਥਿਤੀ ਦਾ ਜਾਇਜ਼ਾ ਲਿਆ।
ਅਧਿਕਾਰੀਆਂ ਦੀ ਟੀਮ ਨੇ ਬਟਾਲਾ, ਘੁੰਮਣ ਅਤੇ ਕਾਦੀਆਂ ਇਲਾਕਿਆਂ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਦੌਰਾਨ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਦਿਆਂ ਅਪੀਲ ਕੀਤੀ ਕਿ ਬੇਲਰ ਮਸ਼ੀਨ ਨਾਲ ਗੰਢਾਂ ਬਣਾਉਣ ਤੋਂ ਬਾਅਦ ਖੇਤਾਂ ਵਿੱਚ ਬਚੀ ਰਹਿੰਦ-ਖੂੰਹਦ ਨੂੰ ਵੀ ਅੱਗ ਨਾ ਲਗਾਈ ਜਾਵੇ। ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਜ਼ਿਲ੍ਹੇ ਵਿੱਚ ਪਰਾਲੀ ਦੇ ਨਿਪਟਾਰੇ ਲਈ ਲੋੜੀਂਦੀਆਂ ਆਧੁਨਿਕ ਖੇਤੀਬਾੜੀ ਮਸ਼ੀਨਾਂ ਢੁਕਵੀਂ ਮਾਤਰਾ ਵਿੱਚ ਉਪਲਬਧ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰ ਰਹੇ ਹਨ। ਉਨ੍ਹਾਂ ਜ਼ਿਲ੍ਹੇ ਦੇ ਪ੍ਰਗਤੀਸ਼ੀਲ ਕਿਸਾਨਾਂ ਦੀ ਸ਼ਲਾਘਾ ਕੀਤੀ ਜੋ ਪਿਛਲੇ ਕਈ ਸਾਲਾਂ ਤੋਂ ਪਰਾਲੀ ਨਹੀਂ ਸਾੜ ਰਹੇ ਅਤੇ ਹੋਰਨਾਂ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣ ਰਹੇ ਹਨ। ਕਿਸਾਨਾਂ ਨੇ ਵੀ ਪ੍ਰਸ਼ਾਸਨ ਨੂੰ ਆਪਣਾ ਪੂਰਾ ਸਹਿਯੋਗ ਦੇਣ ਦਾ ਵਚਨ ਦਿੱਤਾ ਹੈ।
ਪ੍ਰਸ਼ਾਸਨ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਜਿੱਥੇ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾ ਰਹੀ ਹੈ, ਉੱਥੇ ਹੀ ਜੇਕਰ ਕੋਈ ਪਰਾਲੀ ਸਾੜਨ ਦੀ ਗਲਤੀ ਕਰਦਾ ਹੈ ਤਾਂ ਮਾਣਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਦੀਆਂ ਹਦਾਇਤਾਂ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਮਿੱਟੀ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਣ ਨੂੰ ਬਚਾਉਣ ਦਾ ਸੱਦਾ ਦਿੰਦਿਆਂ ਪ੍ਰਸ਼ਾਸਨ ਨੇ ਕਿਹਾ ਕਿ ਕਿਸੇ ਵੀ ਸਮੱਸਿਆ ਦੀ ਸੂਰਤ ਵਿੱਚ ਕਿਸਾਨ ਨੇੜਲੇ ਖੇਤੀਬਾੜੀ ਦਫ਼ਤਰ, ਬਲਾਕ ਅਫ਼ਸਰ ਜਾਂ ਐੱਸ.ਡੀ.ਐੱਮ. ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਕਿਸਾਨਾਂ ਦੀ ਸੁਵਿਧਾ ਲਈ ਹੈਲਪਲਾਈਨ ਨੰਬਰ 98781-66525 ਵੀ ਜਾਰੀ ਕੀਤਾ ਗਿਆ ਹੈ।
Get all latest content delivered to your email a few times a month.