ਤਾਜਾ ਖਬਰਾਂ
ਬਟਾਲਾ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਖ਼ਾਤਮੇ ਲਈ ਪੂਰੇ ਪੁਲਿਸ ਜ਼ਿਲ੍ਹੇ ਵਿੱਚ ਵਿਸ਼ੇਸ਼ CASO ਸਰਚ ਆਪ੍ਰੇਸ਼ਨ ਚਲਾਇਆ ਗਿਆ। ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਆਈਜੀ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀ ਗਈ ਇਸ ਕਾਰਵਾਈ ਦੌਰਾਨ ਪੁਲਿਸ ਨੇ ਵੱਖ-ਵੱਖ ਇਲਾਕਿਆਂ ਵਿੱਚ ਛਾਪੇਮਾਰੀ ਕਰਦਿਆਂ 50 ਸ਼ੱਕੀ ਵਿਅਕਤੀਆਂ ਨੂੰ ਰਾਊਂਡਅੱਪ ਕੀਤਾ, ਜਿਨ੍ਹਾਂ ਵਿੱਚੋਂ 15 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਕੀਤੇ ਗਏ ਹਨ।
ਐੱਸਐੱਸਪੀ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਬਟਾਲਾ, ਫਤਿਹਗੜ੍ਹ ਚੂੜੀਆਂ, ਡੇਰਾ ਬਾਬਾ ਨਾਨਕ, ਕਾਦੀਆਂ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਸਮੇਤ ਵੱਖ-ਵੱਖ ਇਲਾਕਿਆਂ ਵਿੱਚ ਚਲਾਏ ਗਏ ਇਸ ਆਪ੍ਰੇਸ਼ਨ ਵਿੱਚ ਇੱਕ ਐੱਸਪੀ, ਛੇ ਡੀਐੱਸਪੀ ਅਤੇ ਸਬੰਧਤ ਥਾਣਿਆਂ ਦੇ ਐੱਸਐੱਚਓਜ਼ ਸਮੇਤ ਕਰੀਬ 200 ਪੁਲਿਸ ਮੁਲਾਜ਼ਮਾਂ ਨੇ ਹਿੱਸਾ ਲਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ ਅਤੇ ਨਸ਼ਾ ਤਸਕਰੀ ਦੇ ਪਿੱਛੇ ਕੰਮ ਕਰ ਰਹੇ ਹੋਰ ਵਿਅਕਤੀਆਂ ਦੀ ਪਛਾਣ ਲਈ ਜਾਂਚ ਜਾਰੀ ਹੈ।
ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਾਲ-ਨਾਲ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਇਸ ਮੁਹਿੰਮ ਵਿੱਚ ਸ਼ਾਮਲ ਕਰਨ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਜਾਂ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਪੁਲਿਸ ਨੂੰ ਜਾਣਕਾਰੀ ਦੇ ਕੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵਿੱਚ ਸਹਿਯੋਗ ਕਰਨ। ਬਟਾਲਾ ਪੁਲਿਸ ਨੇ ਸਪੱਸ਼ਟ ਕੀਤਾ ਕਿ ਨਸ਼ਿਆਂ ਵਿਰੁੱਧ ਅਜਿਹੇ ਸਰਚ ਆਪ੍ਰੇਸ਼ਨ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੇ।
Get all latest content delivered to your email a few times a month.