IMG-LOGO
ਹੋਮ ਪੰਜਾਬ: ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਥਕ ਹੋਕਾ: 28 ਅਕਤੂਬਰ...

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਥਕ ਹੋਕਾ: 28 ਅਕਤੂਬਰ ਨੂੰ ਦੇਸ਼-ਵਿਦੇਸ਼ ਵਿੱਚ ਹੋਣਗੀਆਂ ਅਰਦਾਸਾਂ

Admin User - Oct 25, 2026 02:57 PM
IMG

ਪੰਜਾਬ ਵਿੱਚ ਨਸ਼ਿਆਂ ਦੇ ਕੋਹੜ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਬੀਤੇ ਦਿਨੀਂ ਆਪਣੀ ਜਾਨ ਕੁਰਬਾਨ ਕਰਨ ਵਾਲੇ ਪਰਵਿੰਦਰ ਸਿੰਘ ਦੇ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਸਮੂਹ ਗੁਰੂ ਖ਼ਾਲਸਾ ਪੰਥ ਨੂੰ ਅਪੀਲ ਕੀਤੀ ਹੈ ਕਿ ਆਉਂਦੀ 28 ਅਕਤੂਬਰ 2026 ਨੂੰ ਦੇਸ਼ ਅਤੇ ਵਿਦੇਸ਼ ਦੇ ਸਮੂਹ ਗੁਰਦੁਆਰਾ ਸਾਹਿਬਾਨ ਵਿੱਚ ਵਿਸ਼ੇਸ਼ ਦੀਵਾਨ ਸਜਾਏ ਜਾਣ, ਜਿੱਥੇ ਸ਼ਹੀਦ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਮਿਲਣ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇਗੀ।


ਜਥੇਦਾਰ ਸਾਹਿਬ ਨੇ ਕਿਹਾ ਕਿ ਨਸ਼ਿਆਂ ਦਾ ਵਰਤਾਰਾ ਘੁਣ ਵਾਂਗ ਪੰਜਾਬ ਦੀ ਜਵਾਨੀ ਨੂੰ ਅੰਦਰੋ-ਅੰਦਰੀ ਖਾ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਮਾਂ ਰਹਿੰਦਿਆਂ ਮੈਡੀਕਲ ਨਸ਼ਿਆਂ ਦੀ ਲੜੀ ਅਤੇ ਸਿੰਥੈਟਿਕ ਨਸ਼ਿਆਂ ਦੇ ਕਾਲੇ ਜਾਲ ਨੂੰ ਪੂਰੀ ਤਰ੍ਹਾਂ ਨਾ ਤੋੜਿਆ ਗਿਆ, ਤਾਂ ਇਸ ਦੇ ਆਉਣ ਵਾਲੇ ਸਮੇਂ ਵਿੱਚ ਬਹੁਤ ਹੀ ਭਿਆਨਕ ਨਤੀਜੇ ਭੁਗਤਣੇ ਪੈ ਸਕਦੇ ਹਨ। ਉਨ੍ਹਾਂ ਸਮਾਜ ਦੇ ਹਰ ਵਰਗ ਨੂੰ ਅਪੀਲ ਕੀਤੀ ਕਿ ਉਹ ਇਸ ਅਹਿਮ ਲੜਾਈ ਵਿੱਚ ਪਰਵਿੰਦਰ ਸਿੰਘ ਦੇ ਪਰਿਵਾਰ ਦਾ ਵੱਧ ਤੋਂ ਵੱਧ ਸਾਥ ਦੇਣ।


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਪੱਸ਼ਟ ਕੀਤਾ ਕਿ ਭਾਵੇਂ ਨਸ਼ੇ ਦੀ ਸਮੱਸਿਆ ਵਿਸ਼ਵ ਪੱਧਰ 'ਤੇ ਚੁਣੌਤੀ ਬਣੀ ਹੋਈ ਹੈ, ਪਰ ਸਿੱਖ ਧਰਮ ਵਿੱਚ ਗੁਰੂ ਸਾਹਿਬਾਨ ਨੇ ਹਰ ਤਰ੍ਹਾਂ ਦੇ ਨਸ਼ੇ ਤੋਂ ਵਰਜਿਆ ਹੈ ਅਤੇ ਗੁਰਮਤਿ ਅਨੁਸਾਰੀ ਸਾਫ਼-ਸੁਥਰਾ ਜੀਵਨ ਜਿਉਣ ਦਾ ਉਪਦੇਸ਼ ਦਿੱਤਾ ਹੈ। ਉਨ੍ਹਾਂ ਨੌਜਵਾਨਾਂ ਨੂੰ ਸੁਨੇਹਾ ਦਿੰਦਿਆਂ ਆਖਿਆ ਕਿ ਜਿਹੜੇ ਨੌਜਵਾਨ ਇਸ ਦਲਦਲ ਵਿੱਚ ਫਸ ਚੁੱਕੇ ਹਨ, ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨਾਲ ਜੁੜ ਕੇ ਅਤੇ ਆਪਣੀ ਦ੍ਰਿੜ੍ਹ ਇੱਛਾ ਸ਼ਕਤੀ ਦੇ ਆਧਾਰ 'ਤੇ ਨਸ਼ਿਆਂ ਨੂੰ ਤਿਆਗ ਕੇ ਨਵੇਂ ਜੀਵਨ ਦੀ ਸ਼ੁਰੂਆਤ ਕਰ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਤਾੜਨਾ ਕੀਤੀ ਕਿ ਸਮਾਜ ਵਿੱਚ ਜ਼ਹਿਰ ਘੋਲ ਰਹੇ ਨਸ਼ਾ ਤਸਕਰਾਂ ਦਾ ਪੂਰਨ ਤੌਰ 'ਤੇ ਸਮਾਜਿਕ ਬਾਈਕਾਟ ਕੀਤਾ ਜਾਵੇ ਅਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.