ਤਾਜਾ ਖਬਰਾਂ
ਪਰਵਿੰਦਰ ਸਿੰਘ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੇ ਪੰਜਾਬ ਵਿੱਚ ਨਸ਼ਿਆਂ ਕਾਰਨ ਬਰਬਾਦ ਹੋ ਰਹੇ ਪਰਿਵਾਰਾਂ ਅਤੇ ਨੌਜਵਾਨਾਂ ਦੀਆਂ ਮੌਤਾਂ ਦੇ ਮਾਮਲੇ ’ਤੇ ਸਰਕਾਰ ਨੂੰ ਜਵਾਬਦੇਹ ਬਣਾਉਣ ਦੀ ਮੰਗ ਕੀਤੀ ਹੈ। ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਸਿਰਫ਼ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦਿਵਾਉਣ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ ਇਸ ਨੂੰ ਸੂਬੇ ਭਰ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਵਿਆਪਕ ਮੁਹਿੰਮ ਬਣਾਇਆ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਪਰਿਵਾਰ ਅਤੇ ਐਕਸ਼ਨ ਕਮੇਟੀ ਮੁੱਖ ਮੰਤਰੀ ਤੇ ਡੀਜੀਪੀ ਦੇ ਅਸਤੀਫ਼ਿਆਂ ਸਮੇਤ ਆਪਣੀਆਂ ਮੰਗਾਂ ’ਤੇ ਡਟੇ ਹੋਏ ਹਨ।
ਮਨਪ੍ਰੀਤ ਕੌਰ ਨੇ ਕਿਹਾ ਕਿ ਆਪਣੇ ਪਰਿਵਾਰ ਵੱਲੋਂ ਸਹਿਣ ਕੀਤੇ ਦੁੱਖ ਨੂੰ ਉਹ ਕਿਸੇ ਹੋਰ ਪਰਿਵਾਰ ਨਾਲ ਵਾਪਰਦਾ ਨਹੀਂ ਦੇਖਣਾ ਚਾਹੁੰਦੇ। ਉਨ੍ਹਾਂ ਚਿੰਤਾ ਜ਼ਾਹਰ ਕੀਤੀ ਕਿ ਨਸ਼ਿਆਂ ਕਾਰਨ ਬੱਚਿਆਂ ਤੋਂ ਪਿਤਾ ਦਾ ਸਾਇਆ ਖੋਹਿਆ ਜਾ ਰਿਹਾ ਹੈ ਅਤੇ ਕਈ ਪਰਿਵਾਰਾਂ ਦੇ ਸੁਪਨੇ ਤਬਾਹ ਹੋ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨੌਜਵਾਨਾਂ ਦੀਆਂ ਮੌਤਾਂ ਅਤੇ ਪਰਿਵਾਰਾਂ ਦੀ ਬਰਬਾਦੀ ਲਈ ਸਰਕਾਰ ਦੀ ਜਵਾਬਦੇਹੀ ਤੈਅ ਕਰਨ ਵਾਸਤੇ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕੀਤੀ ਜਾਵੇ।
ਉਨ੍ਹਾਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਵੱਖ-ਵੱਖ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਸਾਂਝੇ ਮੰਚ ’ਤੇ ਇਕੱਠੇ ਹੋਣ ਦਾ ਸੱਦਾ ਦਿੱਤਾ। ਮਨਪ੍ਰੀਤ ਕੌਰ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਵੱਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਲੜਾਈ ਨੂੰ ਅੱਗੇ ਵਧਾਉਣਾ ਅਤੇ ਪੰਜਾਬ ਦੇ ਹੋਰ ਪਰਿਵਾਰਾਂ ਨੂੰ ਉੱਜੜਨ ਤੋਂ ਬਚਾਉਣਾ ਹੀ ਉਸ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਇਸ ਮੌਕੇ ਹਰਿੰਦਰ ਸਿੰਘ ਮਾਨਸ਼ਾਹੀਆ, ਗਗਨਦੀਪ ਸਿਰਸੀਵਾਲਾ, ਪਰਮਿੰਦਰ ਸਿੰਘ ਬਾਲਿਆਂਵਾਲੀ, ਅਮਨ ਪਟਵਾਰੀ, ਰੂਬੀ ਮਾਨਸਾ ਅਤੇ ਹਰਦੀਪ ਸਿੰਘ ਸਿੱਧੂ ਮੌਜੂਦ ਸਨ। ਧਰਨੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ, ਪ੍ਰਗਤੀਸ਼ੀਲ ਲੇਖਕ ਸੰਘ ਦੇ ਕੌਮੀ ਪ੍ਰਧਾਨ ਸੁਖਦੇਵ ਸਿੰਘ ਸਿਰਸਾ, ਸਾਬਕਾ ਆਈਏਐੱਸ ਅਧਿਕਾਰੀ ਕਮਲਜੀਤ ਸਿੰਘ ਚੀਮਾ, ਸੁਖਦਰਸ਼ਨ ਸਿੰਘ ਨੱਤ, ਗੁਰਪ੍ਰੀਤ ਸਿੰਘ ਵਿੱਕੀ, ਜਸਵਿੰਦਰ ਸਿੰਘ ਤਾਮਕੋਟ ਅਤੇ ਹੋਰ ਆਗੂਆਂ ਨੇ ਵੀ ਸੰਬੋਧਨ ਕਰਦਿਆਂ ਨਸ਼ਿਆਂ ਵਿਰੁੱਧ ਸਾਂਝੇ ਸੰਘਰਸ਼ ਦੀ ਲੋੜ ’ਤੇ ਜ਼ੋਰ ਦਿੱਤਾ।
Get all latest content delivered to your email a few times a month.