ਤਾਜਾ ਖਬਰਾਂ
ਨਿਹੰਗ ਸਿੰਘ ਆਗੂ ਰਾਜਾ ਰਾਜ ਸਿੰਘ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਝੋਟਾ ਨੇ ਕੌਮ ਅਤੇ ਸਮਾਜ ਲਈ ਆਪਣੀ ਜਾਨ ਕੁਰਬਾਨ ਕੀਤੀ ਹੈ, ਇਸ ਲਈ ਉਸ ਨੂੰ 'ਕੌਮੀ ਸ਼ਹੀਦ' ਦਾ ਦਰਜਾ ਦਿੱਤਾ ਜਾਂਦਾ ਹੈ। ਉਨ੍ਹਾਂ ਪਰਿਵਾਰ ਨੂੰ ਬੇਨਤੀ ਕੀਤੀ ਕਿ ਪਰਵਿੰਦਰ ਝੋਟੇ ਦਾ ਸਸਕਾਰ ਕਰਕੇ ਅੰਤਿਮ ਅਰਦਾਸ ਤੇ ਭੋਗ ਦੀਆਂ ਰਸਮਾਂ ਜਲਦ ਪੂਰੀਆਂ ਕੀਤੀਆਂ ਜਾਣ।
ਨਿਹੰਗ ਆਗੂ ਨੇ ਅਗਲੇਰੀ ਰੂਪ-ਰੇਖਾ ਸਾਂਝੀ ਕਰਦਿਆਂ ਦੱਸਿਆ ਕਿ 28 ਅਕਤੂਬਰ ਨੂੰ ਖੰਡੇ-ਬਾਟੇ ਦਾ ਅੰਮ੍ਰਿਤ ਛਕਾਇਆ ਜਾਵੇਗਾ, ਜਦਕਿ 29 ਅਕਤੂਬਰ ਨੂੰ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੀ ਯਾਦ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਖ਼ਾਲਸਾ ਪੰਥ ਵੱਲੋਂ 'ਖ਼ਾਲਸਾ ਵਹੀਰ' ਦੀ ਆਰੰਭਤਾ ਕੀਤੀ ਜਾਵੇਗੀ।
ਦੂਜੇ ਪਾਸੇ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਦੇਸ਼ ਅਤੇ ਵਿਦੇਸ਼ਾਂ ਵਿੱਚ ਵਸਦੀਆਂ ਸਮੂਹ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਹੈ ਕਿ 28 ਅਕਤੂਬਰ ਨੂੰ ਪੀੜਤ ਪਰਿਵਾਰ ਲਈ ਇਨਸਾਫ਼ ਦੀ ਪ੍ਰਾਪਤੀ ਅਤੇ ਪੰਜਾਬ ਦੀ ਜਵਾਨੀ ਦੀ 'ਚੜ੍ਹਦੀ ਕਲਾ' ਲਈ ਵਿਸ਼ੇਸ਼ ਅਰਦਾਸ ਸਮਾਗਮ ਕਰਵਾਏ ਜਾਣ।
ਜਥੇਦਾਰ ਗੜਗੱਜ ਨੇ ਪੰਜਾਬ ਵਿੱਚ ਫੈਲੇ ਨਸ਼ਿਆਂ ਦੀ ਗੰਭੀਰ ਸਮੱਸਿਆ 'ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਮੈਡੀਕਲ ਅਤੇ ਸਿੰਥੈਟਿਕ ਨਸ਼ਿਆਂ ਦਾ ਜਾਲ ਪੰਜਾਬ ਦੇ ਭਵਿੱਖ ਨੂੰ ਤਬਾਹ ਕਰ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਨਸ਼ਾ ਤਸਕਰਾਂ ਦਾ ਨੈੱਟਵਰਕ ਜਲਦ ਨਾ ਤੋੜਿਆ, ਤਾਂ ਇਸ ਦੇ ਨਤੀਜੇ ਆਉਣ ਵਾਲੀਆਂ ਪੀੜ੍ਹੀਆਂ ਲਈ ਭਿਆਨਕ ਹੋਣਗੇ। ਉਨ੍ਹਾਂ ਸਮਾਜ ਦੇ ਹਰ ਵਰਗ ਨੂੰ ਝੋਟੇ ਦੇ ਪਰਿਵਾਰ ਨਾਲ ਇਨਸਾਫ਼ ਦੀ ਲੜਾਈ ਵਿੱਚ ਚੱਟਾਨ ਵਾਂਗ ਖੜ੍ਹਨ ਦਾ ਸੱਦਾ ਦਿੱਤਾ।
Get all latest content delivered to your email a few times a month.