ਤਾਜਾ ਖਬਰਾਂ
ਚੌਥੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੇ ਸੁਭਾਗ ਅਵਸਰ 'ਤੇ ਅੱਜ ਧਾਰਮਿਕ ਜਾਹੋ-ਜਲਾਲ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇੱਕ ਅਲੌਕਿਕ ਅਤੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਜੁਗੋ-ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋਇਆ ਇਹ ਨਗਰ ਕੀਰਤਨ ਗੁਰੂ ਦੀਆਂ ਸੰਗਤਾਂ ਵੱਲੋਂ ਲਗਾਏ ਗਏ 'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਇਆ।
ਇਸ ਮੁਕੱਦਸ ਮੌਕੇ 'ਤੇ ਸਿੱਖ ਪੰਥ ਦੀਆਂ ਕਈ ਮੋਹਰੀ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਜਿਨ੍ਹਾਂ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਸੁਰਜੀਤ ਸਿੰਘ ਭਿੱਟੇਵੱਡ ਅਤੇ ਗੁਰਚਰਨ ਸਿੰਘ ਗਰੇਵਾਲ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।
ਸ਼ਰਧਾ ਦੇ ਇਸ ਸਮਾਗਮ ਵਿੱਚ ਦੇਸ਼ ਅਤੇ ਵਿਦੇਸ਼ ਤੋਂ ਪੁੱਜੀਆਂ ਲੱਖਾਂ ਸੰਗਤਾਂ ਨੇ ਸ਼ਿਰਕਤ ਕੀਤੀ। ਰਸਤੇ ਵਿੱਚ ਵੱਖ-ਵੱਖ ਕੀਰਤਨੀ ਜਥਿਆਂ ਵੱਲੋਂ ਗੁਰਬਾਣੀ ਦਾ ਮਨੋਹਰ ਜਸ ਗਾਇਨ ਕੀਤਾ ਜਾ ਰਿਹਾ ਹੈ, ਜਦਕਿ ਗਤਕਾ ਅਖਾੜਿਆਂ ਦੀਆਂ ਟੀਮਾਂ ਵੱਲੋਂ ਆਪਣੇ ਹਥਿਆਰਾਂ ਦੇ ਜੌਹਰ ਵਿਖਾ ਕੇ ਸਿੱਖ ਯੁੱਧ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
Get all latest content delivered to your email a few times a month.