ਤਾਜਾ ਖਬਰਾਂ
ਪੰਜਾਬ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਤਰਨਤਾਰਨ ਪੁਲਿਸ ਨੇ ਦੋ ਨੌਜਵਾਨਾਂ ਨੂੰ 4 ਕਿੱਲੋ 29 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਥਾਣਾ ਹਰੀਕੇ ਦੀ ਪੁਲਿਸ ਵੱਲੋਂ ਬੂਹ ਪੁਲ ਨੇੜੇ ਨਾਕਾਬੰਦੀ ਦੌਰਾਨ ਕੀਤੀ ਗਈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਹੈਰੋਇਨ ਤੋਂ ਇਲਾਵਾ ਇੱਕ ਮੋਟਰਸਾਈਕਲ, ਦੋ ਮੋਬਾਈਲ ਫ਼ੋਨ ਅਤੇ 700 ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ।
ਪੁਲਿਸ ਅਨੁਸਾਰ, ਗੁਪਤ ਸੂਚਨਾ ਮਿਲਣ ਤੋਂ ਬਾਅਦ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ। ਇਸੇ ਦੌਰਾਨ ਇੱਕ ਮੋਟਰਸਾਈਕਲ ਨੂੰ ਰੋਕ ਕੇ ਉਸ ’ਤੇ ਸਵਾਰ ਦੋ ਨੌਜਵਾਨਾਂ ਦੇ ਕਿੱਟ ਬੈਗਾਂ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਇੱਕ ਬੈਗ ਵਿੱਚੋਂ 2 ਕਿੱਲੋ 23 ਗ੍ਰਾਮ ਅਤੇ ਦੂਜੇ ਬੈਗ ਵਿੱਚੋਂ 2 ਕਿੱਲੋ 6 ਗ੍ਰਾਮ ਹੈਰੋਇਨ ਮਿਲੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਦੇਵ ਵਾਸੀ ਸ੍ਰੀ ਮੁਕਤਸਰ ਸਾਹਿਬ ਅਤੇ ਲਵਪ੍ਰੀਤ ਸਿੰਘ ਵਾਸੀ ਪਿੰਡ ਬਲੋਚਾਂ, ਜ਼ਿਲ੍ਹਾ ਫ਼ਰੀਦਕੋਟ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਅਧਿਕਾਰੀਆਂ ਮੁਤਾਬਕ, ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲੈਣ ਦੀ ਕਾਰਵਾਈ ਕੀਤੀ ਜਾਵੇਗੀ। ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਹੈਰੋਇਨ ਦੀ ਇਹ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਅੱਗੇ ਕਿੱਥੇ ਸਪਲਾਈ ਕੀਤਾ ਜਾਣਾ ਸੀ। ਪੁਲਿਸ ਵੱਲੋਂ ਇਸ ਮਾਮਲੇ ਨਾਲ ਜੁੜੇ ਹੋਰ ਸੰਭਾਵੀ ਸੰਪਰਕਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
Get all latest content delivered to your email a few times a month.