ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਅਤੇ ਸੰਗਰੂਰ ਵਿੱਚ ਉਦਯੋਗਪਤੀਆਂ ਤੇ ਵਪਾਰੀਆਂ ਨਾਲ ਮੀਟਿੰਗਾਂ ਕਰਦਿਆਂ ਭਰੋਸਾ ਦਿੱਤਾ ਕਿ ਜੇਕਰ 2027 ਵਿੱਚ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਵਪਾਰ ਅਤੇ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਅਨੁਕੂਲ ਮਾਹੌਲ ਸਿਰਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਰੋਬਾਰੀਆਂ ਨੂੰ ਸਰਕਾਰੀ ਦਖ਼ਲਅੰਦਾਜ਼ੀ, ਬੇਲੋੜੀਆਂ ਜਾਂਚਾਂ ਅਤੇ ਲਾਲ ਫੀਤਾਸ਼ਾਹੀ ਤੋਂ ਰਾਹਤ ਦਿਵਾਉਣ ਲਈ ਇੰਸਪੈਕਟਰੀ ਰਾਜ ਖ਼ਤਮ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸਵੈ-ਘੋਸ਼ਣਾ ਪੱਤਰ ਆਧਾਰਿਤ ਯਕਮੁਸ਼ਤ ਟੈਕਸ ਪ੍ਰਣਾਲੀ ਮੁੜ ਲਾਗੂ ਕਰਨ ਦਾ ਵੀ ਐਲਾਨ ਕੀਤਾ।
ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਜੀਐੱਸਟੀ ਛਾਪਿਆਂ, ਕਥਿਤ ਜਬਰੀ ਵਸੂਲੀਆਂ ਅਤੇ ਗੈਂਗਸਟਰਾਂ ਦੀਆਂ ਧਮਕੀਆਂ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਕਾਰਨ ਪੰਜਾਬ ਵਿੱਚ ਨਿਵੇਸ਼ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਅਕਾਲੀ ਸਰਕਾਰ ਬਣਨ ’ਤੇ ਗੈਂਗਸਟਰਵਾਦ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਾਰੋਬਾਰੀਆਂ ਲਈ ਪਾਰਦਰਸ਼ੀ ਤੇ ਸੁਰੱਖਿਅਤ ਮਾਹੌਲ ਤਿਆਰ ਕੀਤਾ ਜਾਵੇਗਾ।
ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਕਾਲੋਨੀਆਂ ਦੇ ਲੈਂਡ ਯੂਜ਼ ਬਦਲਣ ਸਬੰਧੀ ਸੀਐੱਲਯੂ ਚਾਰਜ ਘਟਾਏ ਜਾਣਗੇ ਅਤੇ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਇਆ ਜਾਵੇਗਾ। ਵਿਕਸਤ ਕਾਲੋਨੀਆਂ ਵਿੱਚ ਨਿਵੇਸ਼ ਕਰਨ ਵਾਲਿਆਂ ਨੂੰ ਐੱਨਓਸੀ ਦੀ ਲੋੜ ਤੋਂ ਰਾਹਤ ਦੇਣ ਅਤੇ ਰਜਿਸਟਰੀ ਲਈ ਸਵੈ-ਘੋਸ਼ਣਾ ਪੱਤਰ ਦੀ ਵਿਵਸਥਾ ਲਿਆਉਣ ਬਾਰੇ ਵੀ ਉਨ੍ਹਾਂ ਆਪਣੀ ਯੋਜਨਾ ਸਾਂਝੀ ਕੀਤੀ।
ਮੀਟਿੰਗਾਂ ਦੌਰਾਨ ਵਪਾਰੀਆਂ ਅਤੇ ਉਦਯੋਗਪਤੀਆਂ ਨੇ ਆਪਣੀਆਂ ਮੁਸ਼ਕਲਾਂ ਵੀ ਸਾਹਮਣੇ ਰੱਖੀਆਂ। ਬਰਨਾਲਾ ਦੇ ਰਾਈਸ ਮਿੱਲਰਾਂ ਨੇ ਰਿਆਇਤਾਂ ਨਾ ਮਿਲਣ, ਆੜ੍ਹਤੀਆਂ ਨੇ ਕਮਿਸ਼ਨ ਵਿੱਚ ਕਟੌਤੀ ਅਤੇ ਸਟੋਰੇਜ ਦੀ ਘਾਟ ਦਾ ਮੁੱਦਾ ਚੁੱਕਿਆ। ਦੂਜੇ ਪਾਸੇ, ਸੰਗਰੂਰ ਦੇ ਕੱਪੜਾ ਵਪਾਰੀਆਂ ਨੇ ਜੀਐੱਸਟੀ ਪ੍ਰਣਾਲੀ ਵਿੱਚ ਕਥਿਤ ਬੇਨਿਯਮੀਆਂ ਦਾ ਦੋਸ਼ ਲਾਇਆ, ਜਦਕਿ ਕੈਮਿਸਟਾਂ ਨੇ ਦਵਾਈਆਂ ਦੇ ਕਾਰੋਬਾਰ ਨਾਲ ਜੁੜੀਆਂ ਜਾਂਚਾਂ ਅਤੇ ਕੇਸਾਂ ਸਬੰਧੀ ਚਿੰਤਾਵਾਂ ਪ੍ਰਗਟਾਈਆਂ।
ਇਸ ਤੋਂ ਇਲਾਵਾ ਕਾਰੋਬਾਰੀਆਂ ਨੇ ਸੀਐੱਲਯੂ ਚਾਰਜਾਂ, ਸਰਕਾਰੀ ਮਨਜ਼ੂਰੀਆਂ ਲਈ ਕਥਿਤ ਰਿਸ਼ਵਤਖੋਰੀ, ਉਦਯੋਗਾਂ ਦੇ ਜੀਐੱਸਟੀ ਰਿਫੰਡ ਵਿੱਚ ਦੇਰੀ ਅਤੇ ਗਊ ਸੈੱਸ ਦੀ ਵਰਤੋਂ ਬਾਰੇ ਸਵਾਲ ਉਠਾਏ। ਸੁਖਬੀਰ ਬਾਦਲ ਨੇ ਕਿਹਾ ਕਿ ਵੱਖ-ਵੱਖ ਵਪਾਰਕ ਐਸੋਸੀਏਸ਼ਨਾਂ ਵੱਲੋਂ ਦਿੱਤੇ ਗਏ ਸੁਝਾਵਾਂ ਅਤੇ ਮੰਗ ਪੱਤਰਾਂ ਨੂੰ ਪਾਰਟੀ ਦੇ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਕਰਨ ’ਤੇ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਗਊਆਂ ਦੀ ਸੰਭਾਲ ਲਈ ਗਊਸ਼ਾਲਾਵਾਂ ਬਣਾਉਣ ਨੂੰ ਵੀ ਵਿਸ਼ੇਸ਼ ਤਰਜੀਹ ਦੇਣ ਦਾ ਵਾਅਦਾ ਕੀਤਾ।
ਮੀਟਿੰਗਾਂ ਦੇ ਅੰਤ ਵਿੱਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਾਰਟੀ ਦੀ ਸਰਕਾਰ ਬਣਨ ’ਤੇ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਠੋਸ ਕਦਮ ਚੁੱਕੇ ਜਾਣਗੇ। ਇਸ ਮੌਕੇ ਬਰਨਾਲਾ ਅਤੇ ਸੰਗਰੂਰ ਦੇ ਵੱਖ-ਵੱਖ ਵਪਾਰਕ ਤੇ ਉਦਯੋਗਿਕ ਸੰਗਠਨਾਂ ਦੇ ਨੁਮਾਇੰਦਿਆਂ ਸਮੇਤ ਅਕਾਲੀ ਦਲ ਦੇ ਸਥਾਨਕ ਆਗੂ ਵੀ ਮੌਜੂਦ ਸਨ।
Get all latest content delivered to your email a few times a month.