ਤਾਜਾ ਖਬਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਮੀਟਿੰਗ ਦੌਰਾਨ ਕਈ ਅਹਿਮ ਫ਼ੈਸਲੇ ਲਏ ਗਏ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਇਸ ਬੈਠਕ ਵਿੱਚ ਐਲਾਨ ਕੀਤਾ ਗਿਆ ਕਿ SGPC ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ 20 ਨਵੰਬਰ ਨੂੰ ਜਨਰਲ ਇਜਲਾਸ ਸੱਦਿਆ ਜਾਵੇਗਾ। ਇਹ ਚੋਣ ਦੁਪਹਿਰ 12 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗੀ।
ਇਸ ਦੌਰਾਨ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਮਰਹੂਮ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਦੇ ਪ੍ਰਸਤਾਵ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਇਸ ਤੋਂ ਇਲਾਵਾ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਸੰਘਰਸ਼ ਕਰ ਰਹੇ ਨੌਜਵਾਨਾਂ ਵਿਰੁੱਧ ਦਰਜ ਮਾਮਲੇ ਰੱਦ ਕਰਨ ਅਤੇ ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ ਕੀਤੀ ਗਈ।
ਮੀਟਿੰਗ ਵਿੱਚ ਰੋਸ ਧਰਨੇ ਦੌਰਾਨ ਕਰੰਟ ਲੱਗਣ ਕਾਰਨ ਜਾਨ ਗੁਆਉਣ ਵਾਲੇ ਮਨਪ੍ਰੀਤ ਸਿੰਘ ਦੇ ਪਰਿਵਾਰ ਨੂੰ ਢਾਈ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਫ਼ੈਸਲਾ ਵੀ ਹੋਇਆ। ਇਸ ਦੇ ਨਾਲ ਹੀ ਜੂਨ 1984 ਦੇ ਫ਼ੌਜੀ ਹਮਲੇ ਦੇ ਵਿਰੋਧ ਵਿੱਚ ਬਗ਼ਾਵਤ ਕਰਨ ਵਾਲੇ 479 ਸਿੱਖ ਧਰਮੀ ਫ਼ੌਜੀਆਂ ਨੂੰ 50-50 ਹਜ਼ਾਰ ਰੁਪਏ ਦੇਣ ਅਤੇ SGPC ਮੁਲਾਜ਼ਮਾਂ ਨੂੰ ਤਿੰਨ ਫ਼ੀਸਦੀ ਮਹਿੰਗਾਈ ਭੱਤਾ ਦੇਣ ਦੀ ਵੀ ਪ੍ਰਵਾਨਗੀ ਦਿੱਤੀ ਗਈ।
Get all latest content delivered to your email a few times a month.