ਤਾਜਾ ਖਬਰਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਦੇ ਹਲਕਾ ਸੁਨਾਮ ਅਧੀਨ ਪਿੰਡ ਮੌੜਾਂ ਵਿੱਚ ਇੱਕ ਵੱਡੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ ਅਤੇ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਭਾਜਪਾ ‘ਤੇ ਤਿੱਖੇ ਸਿਆਸੀ ਹਮਲੇ ਕੀਤੇ। ਇਸ ਮੌਕੇ ਮੁੱਖ ਮੰਤਰੀ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ ਪੰਚਾਇਤ ਨੂੰ 51 ਲੱਖ ਰੁਪਏ ਦਾ ਚੈੱਕ ਵੀ ਸੌਂਪਿਆ।
ਮੁੱਖ ਮੰਤਰੀ ਨੇ ਸਿੱਖਿਆ ਖੇਤਰ ਵਿੱਚ ਸਰਕਾਰ ਵੱਲੋਂ ਕੀਤੇ ਸੁਧਾਰਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ। ਸਮਾਰਟ ਕਲਾਸਰੂਮ, ਵਿਗਿਆਨ ਪ੍ਰਯੋਗਸ਼ਾਲਾਵਾਂ ਅਤੇ ਨਵੀਆਂ ਭਰਤੀਆਂ ਕਾਰਨ ਪੰਜਾਬ ਨੇ ਸਿੱਖਿਆ ਦੇ ਖੇਤਰ ਵਿੱਚ ਵੱਡੀ ਤਰੱਕੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ NEET ਪ੍ਰੀਖਿਆ ਵਿੱਚ ਸਫਲਤਾ ਦੀ ਗਿਣਤੀ ਵੀ ਕਾਫ਼ੀ ਵਧੀ ਹੈ।
ਰੁਜ਼ਗਾਰ ਦੇ ਮੁੱਦੇ ‘ਤੇ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਨੌਜਵਾਨਾਂ ਨੂੰ ਬਿਨਾਂ ਰਿਸ਼ਵਤ ਅਤੇ ਸਿਫ਼ਾਰਸ਼ ਦੇ ਹਜ਼ਾਰਾਂ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਆਮ ਅਤੇ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਅੱਗੇ ਵਧਣ ਦੇ ਬਰਾਬਰ ਮੌਕੇ ਪ੍ਰਦਾਨ ਕਰਨਾ ਹੈ।
ਸਿਹਤ ਅਤੇ ਖੇਤੀਬਾੜੀ ਖੇਤਰ ਦੀਆਂ ਯੋਜਨਾਵਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਇਲਾਜ, ਦਵਾਈਆਂ ਅਤੇ ਟੈਸਟਾਂ ਦੀ ਸਹੂਲਤ ਬਾਰੇ ਗੱਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਲਈ ਦਿਨ ਵੇਲੇ ਬਿਜਲੀ ਅਤੇ ਨਹਿਰੀ ਪਾਣੀ ਦੀ ਬਿਹਤਰ ਸਪਲਾਈ ਨੂੰ ਸਰਕਾਰ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਦੱਸਿਆ।
ਵਿਰੋਧੀ ਧਿਰਾਂ ‘ਤੇ ਨਿਸ਼ਾਨਾ ਸਾਧਦਿਆਂ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਬਾਦਲ ਪਰਿਵਾਰ ‘ਤੇ ਤਿੱਖੇ ਤਨਜ਼ ਕੱਸੇ। ਉਨ੍ਹਾਂ ਕਿਹਾ ਕਿ ਬਾਬੇ ਨਾਨਕ ਦੀ ਤੱਕੜੀ ‘ਤੇਰਾ-ਤੇਰਾ’ ਦਾ ਸੰਦੇਸ਼ ਦਿੰਦੀ ਸੀ, ਜਦਕਿ ਬਾਦਲਾਂ ਦੀ ਤੱਕੜੀ ਸਿਰਫ਼ ‘ਮੇਰਾ-ਮੇਰਾ’ ਤੋਲਦੀ ਰਹੀ। ਉਨ੍ਹਾਂ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਦੀਆਂ ਚਰਚਾਵਾਂ ‘ਤੇ ਵੀ ਸਵਾਲ ਚੁੱਕੇ।
ਮੁੱਖ ਮੰਤਰੀ ਨੇ ਲੋਕਾਂ ਨੂੰ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੇ ਲਾਲਚ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਭਵਿੱਖ ਅਤੇ ਸੂਬੇ ਦੇ ਵਿਕਾਸ ਨੂੰ ਧਿਆਨ ਵਿੱਚ ਰੱਖ ਕੇ ਆਪਣਾ ਫੈਸਲਾ ਕੀਤਾ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਨੂੰ ਮੁੜ ਖੁਸ਼ਹਾਲ ਅਤੇ ‘ਰੰਗਲਾ ਪੰਜਾਬ’ ਬਣਾਉਣ ਲਈ ਸਰਕਾਰ ਦਾ ਵਿਕਾਸ ਕਾਰਜ ਲਗਾਤਾਰ ਜਾਰੀ ਰਹੇਗਾ।
Get all latest content delivered to your email a few times a month.