ਤਾਜਾ ਖਬਰਾਂ
ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਨੇ ਸਖ਼ਤੀ ਵਧਾ ਦਿੱਤੀ ਹੈ। ਲੁਧਿਆਣਾ ਅਤੇ ਫ਼ਰੀਦਕੋਟ ਜ਼ਿਲ੍ਹਿਆਂ ਵਿੱਚ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸਾਨਾਂ ਵਿਰੁੱਧ ਜੁਰਮਾਨੇ, ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਅਤੇ ਪੁਲਿਸ ਕੇਸ ਦਰਜ ਕਰਨ ਵਰਗੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
ਲੁਧਿਆਣਾ ਜ਼ਿਲ੍ਹੇ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ 27 ਮਾਮਲੇ ਸਾਹਮਣੇ ਆਏ ਹਨ। ਪ੍ਰਸ਼ਾਸਨ ਵੱਲੋਂ ਦੋ ਕਿਸਾਨਾਂ ਨੂੰ ਕੁੱਲ 25 ਹਜ਼ਾਰ ਰੁਪਏ ਦਾ ਵਾਤਾਵਰਣ ਮੁਆਵਜ਼ਾ ਲਗਾਇਆ ਗਿਆ ਹੈ, ਜਦਕਿ ਪੰਜ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕੀਤੀ ਗਈ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੀਪ ਸਿੰਘ ਜੌਹਲ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਪਿੰਡਾਂ ਵਿੱਚ ਲਗਾਤਾਰ ਕਿਸਾਨਾਂ ਨੂੰ ਪਰਾਲੀ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਕਰਨ ਲਈ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਅਜਿਹੇ ਮਾਮਲਿਆਂ ਵਿੱਚ ਕਮੀ ਆਈ ਹੈ, ਪਰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਜਾਰੀ ਰਹੇਗੀ।
ਉੱਧਰ, ਫ਼ਰੀਦਕੋਟ ਵਿੱਚ ਵੀ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਛੇ ਕਿਸਾਨਾਂ ਵਿਰੁੱਧ ਵੱਖ-ਵੱਖ ਥਾਣਿਆਂ ਵਿੱਚ ਮਾਮਲੇ ਦਰਜ ਕੀਤੇ ਗਏ ਹਨ। ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਪਿੰਡ ਪੱਧਰ ‘ਤੇ ਨਿਗਰਾਨੀ ਦੇ ਨਾਲ-ਨਾਲ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ।
ਐੱਸ.ਐੱਸ.ਪੀ. ਗੁਰਬੰਸ ਸਿੰਘ ਬੈਂਸ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਆਧੁਨਿਕ ਮਸ਼ੀਨਰੀ ਦੀ ਮਦਦ ਨਾਲ ਇਸ ਦਾ ਸੁਚੱਜਾ ਪ੍ਰਬੰਧਨ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਹਵਾ ਪ੍ਰਦੂਸ਼ਣ ਵਧਣ ਦੇ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਣ ਨੂੰ ਵੀ ਨੁਕਸਾਨ ਪਹੁੰਚਦਾ ਹੈ।
Get all latest content delivered to your email a few times a month.