IMG-LOGO
ਹੋਮ ਪੰਜਾਬ, ਰਾਸ਼ਟਰੀ, ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: 3 ਗੈਰ-ਕਾਨੂੰਨੀ ਹਥਿਆਰ ਤੇ ਨਸ਼ਾ...

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: 3 ਗੈਰ-ਕਾਨੂੰਨੀ ਹਥਿਆਰ ਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼, 11 ਮੁਲਜ਼ਮ ਗ੍ਰਿਫ਼ਤਾਰ

Admin User - Nov 03, 2026 04:26 PM
IMG

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੰਗਠਿਤ ਅਪਰਾਧ ਅਤੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਿੰਨ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ।

ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ 12 ਗੈਰ-ਕਾਨੂੰਨੀ ਪਿਸਤੌਲ, 2 ਹੱਥਗੋਲੇ, 310.10 ਗ੍ਰਾਮ ਹੈਰੋਇਨ ਅਤੇ 33 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ 'ਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਅਤੇ ਗੈਂਗਸਟਰਾਂ ਦੇ ਸੰਪਰਕ ਵਿੱਚ ਸਨ। ਇਹ ਵਿਦੇਸ਼ੀ ਹੈਂਡਲਰ ਡਰੋਨਾਂ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਭੇਜਣ ਵਿੱਚ ਮਦਦ ਕਰਦੇ ਸਨ, ਜਿਨ੍ਹਾਂ ਨੂੰ ਅੱਗੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਤੱਕ ਪਹੁੰਚਾਇਆ ਜਾਂਦਾ ਸੀ।

ਜਾਂਚ ਮੁਤਾਬਕ ਇਨ੍ਹਾਂ ਹਥਿਆਰਾਂ ਦੀ ਵਰਤੋਂ ਜਬਰੀ ਵਸੂਲੀ ਲਈ ਲੋਕਾਂ ਵਿੱਚ ਦਹਿਸ਼ਤ ਪੈਦਾ ਕਰਨ ਵਾਸਤੇ ਘਰਾਂ ਅਤੇ ਦੁਕਾਨਾਂ 'ਤੇ ਗੋਲੀਆਂ ਚਲਾਉਣ ਲਈ ਵੀ ਕੀਤੀ ਜਾਂਦੀ ਸੀ।

ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਰਣਜੀਤ ਐਵੀਨਿਊ, ਥਾਣਾ ਛੇਹਰਟਾ ਅਤੇ ਥਾਣਾ ਸੁਲਤਾਨਵਿੰਡ ਵਿਖੇ ਤਿੰਨ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਹੁਣ ਇਸ ਨੈੱਟਵਰਕ ਦੇ ਪੂਰੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਹੋਰ ਸਾਥੀਆਂ ਦੀ ਪਛਾਣ ਕਰਕੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਪੂਰੀ ਤਰ੍ਹਾਂ ਤੋੜਨ ਲਈ ਅਗਲੀ ਕਾਰਵਾਈ ਜਾਰੀ ਹੈ।

ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਸੰਗਠਿਤ ਅਪਰਾਧ, ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਨਸ਼ਾ ਤਸਕਰੀ ਨੂੰ ਖ਼ਤਮ ਕਰਨ ਲਈ ਮੁਹਿੰਮ ਲਗਾਤਾਰ ਜਾਰੀ ਰਹੇਗੀ। ਪੁਲਿਸ ਦਾ ਉਦੇਸ਼ ਸੁਰੱਖਿਅਤ ਅਤੇ ਨਸ਼ਾ ਮੁਕਤ ਪੰਜਾਬ ਬਣਾਉਣਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.