ਤਾਜਾ ਖਬਰਾਂ
ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਨਵੀਂ ਦਿੱਲੀ ਸਥਿਤ ਭਾਜਪਾ ਦੇ ਕੌਮੀ ਦਫ਼ਤਰ ਵਿਖੇ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਨਾਲ ਮੁਲਾਕਾਤ ਕੀਤੀ। ਇਸ ਅਹਿਮ ਮੀਟਿੰਗ ਦੌਰਾਨ ਪੰਜਾਬ ਵਿੱਚ ਭਾਜਪਾ ਦੇ ਸਿਆਸੀ ਆਧਾਰ ਨੂੰ ਮਜ਼ਬੂਤ ਕਰਨ, ਜਥੇਬੰਦਕ ਗਤੀਵਿਧੀਆਂ ਨੂੰ ਤੇਜ਼ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਕੌਮੀ ਪ੍ਰਧਾਨ ਨੂੰ ਪੰਜਾਬ ਵਿੱਚ ਪਾਰਟੀ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਮੁਹਿੰਮਾਂ, ਜਨਤਕ ਮੀਟਿੰਗਾਂ ਅਤੇ ਲੋਕ ਸੰਪਰਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਪਾਰਟੀ ਵੱਲੋਂ ਵੱਖ-ਵੱਖ ਸਮਾਜਿਕ ਵਰਗਾਂ ਦੇ ਲੋਕਾਂ ਨੂੰ ਆਪਣੇ ਨਾਲ ਜੋੜਨ ਅਤੇ ਸੂਬੇ ਵਿੱਚ ਜਥੇਬੰਦਕ ਸਰਗਰਮੀਆਂ ਨੂੰ ਵਧਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਇਸ ਤੋਂ ਇਲਾਵਾ ਪੰਜਾਬ ਵਿੱਚ ਪਾਰਟੀ ਦੇ ਸੰਗਠਨ ਨੂੰ ਜ਼ਿਲ੍ਹਾ, ਹਲਕਾ ਅਤੇ ਬੂਥ ਪੱਧਰ ਤੱਕ ਹੋਰ ਮਜ਼ਬੂਤ ਬਣਾਉਣ ਦੇ ਮੁੱਦੇ 'ਤੇ ਵੀ ਚਰਚਾ ਹੋਈ। ਨੌਜਵਾਨਾਂ ਦੀ ਪਾਰਟੀ ਵਿੱਚ ਵਧੇਰੇ ਭਾਗੀਦਾਰੀ ਯਕੀਨੀ ਬਣਾਉਣ ਅਤੇ ਸਮਾਜ ਦੇ ਹਰ ਵਰਗ ਤੱਕ ਪਹੁੰਚ ਬਣਾਉਣ ਲਈ ਨਵੀਆਂ ਰਣਨੀਤੀਆਂ 'ਤੇ ਵਿਚਾਰ ਸਾਂਝੇ ਕੀਤੇ ਗਏ।
ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੀ ਭਵਿੱਖੀ ਸਿਆਸੀ ਰਣਨੀਤੀ ਵੀ ਮੀਟਿੰਗ ਦਾ ਅਹਿਮ ਹਿੱਸਾ ਰਹੀ। ਇਸ ਦੌਰਾਨ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਣ, ਸੂਬੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਅਤੇ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਮੁਲਾਕਾਤ ਨੂੰ ਪੰਜਾਬ ਵਿੱਚ ਭਾਜਪਾ ਦੀ ਜਥੇਬੰਦਕ ਮਜ਼ਬੂਤੀ ਅਤੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਦੇ ਸੰਦਰਭ ਵਿੱਚ ਅਹਿਮ ਮੰਨਿਆ ਜਾ ਰਿਹਾ ਹੈ।
Get all latest content delivered to your email a few times a month.