ਤਾਜਾ ਖਬਰਾਂ
ਸੀਮਾਵਰਤੀ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਨਸ਼ਾ ਸਮੱਗਲਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਦਿਹਾਤੀ ਪੁਲਿਸ ਅਤੇ ਸਰਹੱਦੀ ਸੁਰੱਖਿਆ ਬਲ (BSF) ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਵੱਖ-ਵੱਖ ਥਾਵਾਂ 'ਤੇ ਕੀਤੀ ਗਈ ਨਾਕਾਬੰਦੀ ਅਤੇ ਛਾਪੇਮਾਰੀ ਦੌਰਾਨ ਪੁਲਿਸ ਨੇ ਕੁੱਲ 23 ਕਿਲੋ 18 ਗ੍ਰਾਮ ਹੈਰੋਇਨ ਅਤੇ ਅਸਲੇ ਸਮੇਤ ਤਿੰਨ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲਿਆ ਹੈ।
ਪਹਿਲੀ ਕਾਰਵਾਈ ਥਾਣਾ ਲੋਪੋਕੇ ਖੇਤਰ ਵਿੱਚ ਕੀਤੀ ਗਈ, ਜਿੱਥੇ ਐਸ.ਐਚ.ਓ. ਜਸਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ, BSF ਦੀ 100ਵੀਂ ਬਟਾਲੀਅਨ ਅਤੇ ਇੰਟੈਲੀਜੈਂਸ ਵਿੰਗ ਵੱਲੋਂ ਹੇਮਤਪੁਰਾ-ਲੋਪੋਕੇ ਮਾਰਗ 'ਤੇ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਸੀ। ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਸੈਦਪੁਰਾ ਨੇੜੇ ਕੀਤੀ ਨਾਕਾਬੰਦੀ ਦੌਰਾਨ ਪਿੰਡ ਲੋਦੀਗੁਜਰ ਦੇ ਰਹਿਣ ਵਾਲੇ ਸੁਖਮਨਪ੍ਰੀਤ ਸਿੰਘ ਨੂੰ ਧਰ ਦਬੋਚਿਆ ਗਿਆ। ਸੁਖਮਨਪ੍ਰੀਤ ਪਾਕਿਸਤਾਨੀ ਸਮੱਗਲਰਾਂ ਦੇ ਸੰਪਰਕ ਵਿੱਚ ਸੀ ਅਤੇ ਉਸ ਕੋਲੋਂ 13 ਕਿਲੋ ਹੈਰੋਇਨ, ਇੱਕ ਪਿਸਤੌਲ ਤੇ ਇੱਕ ਮੈਗਜ਼ੀਨ ਬਰਾਮਦ ਹੋਇਆ। ਇਸ ਸਬੰਧੀ ਐਨ.ਡੀ.ਪੀ.ਐਸ. ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਦੂਜੇ ਮਾਮਲੇ ਵਿੱਚ, ਥਾਣਾ ਘਰਿੰਡਾ ਦੀ ਪੁਲਿਸ ਨੇ ਜੀ.ਟੀ. ਰੋਡ 'ਤੇ ਸਰਕਾਰੀ ਬਾਗ ਨੇੜੇ ਠੋਸ ਇਤਲਾਹ ਦੇ ਆਧਾਰ 'ਤੇ ਨਾਕਾਬੰਦੀ ਕਰ ਕੇ ਦੋ ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ। ਫੜੇ ਗਏ ਮੁਲਜ਼ਮਾਂ ਦੀ ਪਛਾਣ ਗੁਰਬਖਸ਼ੀਸ਼ ਸਿੰਘ ਉਰਫ਼ ਬਖਸ਼ੀਸ਼ ਅਤੇ ਬਿਕਰਮਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ 10 ਕਿਲੋ 18 ਗ੍ਰਾਮ ਹੈਰੋਇਨ, ਇੱਕ ਮੋਟਰਸਾਈਕਲ ਅਤੇ ਮੋਬਾਈਲ ਫੋਨ ਜ਼ਬਤ ਕੀਤਾ ਹੈ।
ਪੁਲਿਸ ਅਧਿਕਾਰੀਆਂ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਨਸ਼ੇ ਦੀ ਇਹ ਖੇਪ ਕਿੱਥੋਂ ਆਈ ਸੀ ਅਤੇ ਅੱਗੇ ਕਿੰਨਾ ਵਿਅਕਤੀਆਂ ਨੂੰ ਸਪਲਾਈ ਕੀਤੀ ਜਾਣੀ ਸੀ। ਆਉਣ ਵਾਲੇ ਦਿਨਾਂ ਵਿੱਚ ਇਸ ਗਿਰੋਹ ਨਾਲ ਜੁੜੇ ਹੋਰ ਵੱਡੇ ਖ਼ੁਲਾਸੇ ਅਤੇ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।
Get all latest content delivered to your email a few times a month.