IMG-LOGO
ਹੋਮ ਪੰਜਾਬ: ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ...

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ 3 ਦਿਨਾ ਵਿਸ਼ਾਲ ਸਮਾਗਮ: ਹਰਪਾਲ...

Admin User - Nov 04, 2026 08:11 PM
IMG

ਚੰਡੀਗੜ੍ਹ, 4 ਨਵੰਬਰ 2026:

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੇ ਧਾਰਮਿਕ ਜਾਹੋ-ਜਲਾਲ ਅਤੇ ਸ਼ਰਧਾ ਨਾਲ ਮਨਾਉਣ ਸਬੰਧੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਸੀਨੀਅਰ ਅਧਿਕਾਰੀਆਂ ਨਾਲ  ਉੱਚ ਪੱਧਰੀ ਮੀਟਿੰਗ ਕਰਕੇ ਪਵਿੱਤਰ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਣ ਵਾਲੇ ਤਿੰਨ ਦਿਨਾ ਵਿਸ਼ਾਲ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। 

ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਣ ਵਾਲੇ ਇਤਿਹਾਸਕ ਧਾਰਮਿਕ ਇਕੱਠ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ, “4 ਤੋਂ 6 ਦਸੰਬਰ ਤੱਕ ਉਲੀਕਿਆ ਗਿਆ ਇਹ ਤਿੰਨ ਦਿਨਾ ਪ੍ਰੋਗਰਾਮ ਭਗਵੰਤ ਮਾਨ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦਾ ਮੁੱਖ ਆਕਰਸ਼ਣ ਹੋਵੇਗਾ। ਉਨ੍ਹਾਂ ਕਿਹਾ ਕਿ ਸਾਡਾ ਯਤਨ ਹੈ ਕਿ ਪੰਜਾਬ ਅਤੇ ਦੇਸ਼ ਭਰ ਤੋਂ ਆਉਣ ਵਾਲੀ ਸੰਗਤ ਲਈ ਇਹ ਸਮਾਗਮ ਵਧੇਰੇ ਸੁਚੱਜੇ, ਰੂਹਾਨੀਅਤ ਨਾਲ ਭਰਪੂਰ ਅਤੇ ਯਾਦਗਾਰੀ ਸਾਬਤ ਹੋਣ।”

ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਮੁੱਖ ਦੀਵਾਨ, ਧਾਰਮਿਕ ਰਹੁ-ਰੀਤਾਂ, ਬੁਨਿਆਦੀ ਢਾਂਚੇ, ਸਾਫ਼-ਸਫ਼ਾਈ, ਆਵਾਜਾਈ, ਟਰੈਫ਼ਿਕ ਪ੍ਰਬੰਧਨ, ਸੁਰੱਖਿਆ, ਸਿਹਤ ਸਹੂਲਤਾਂ, ਪੀਣ ਵਾਲੇ ਪਾਣੀ ਅਤੇ ਸੰਗਤ ਦੀ ਸਹੂਲਤ ਲਈ ਹੋਰ ਲੋੜੀਂਦੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਚਰਚਾ ਕੀਤੀ।

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਫ਼ਲਸਫ਼ੇ ਵਿੱਚ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਅਹਿਮੀਅਤ ਬਾਰੇ ਦੱਸਦਿਆਂ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ, “ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਤਿੰਨ ਦਿਨਾ ਸਮਾਗਮ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦਾ ਮੁੱਖ ਆਕਰਸ਼ਣ ਹੋਣਗੇ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਇਸ ਇਤਿਹਾਸਕ ਅਵਸਰ ਮੌਕੇ ਗੁਰੂ ਸਾਹਿਬ ਦੇ ਬਰਾਬਰੀ, ਮਨੁੱਖੀ ਮਾਣ-ਸਨਮਾਨ, ਸਮਾਜਿਕ ਸਦਭਾਵਨਾ ਅਤੇ ਵਿਸ਼ਵ-ਵਿਆਪੀ ਭਾਈਚਾਰਕ ਸਾਂਝ ਦੇ ਸਦੀਵੀ ਫ਼ਲਸਫ਼ੇ ਨੂੰ ਸੱਚੀ ਸ਼ਰਧਾਂਜਲੀ ਦੇਣਾ ਹੈ।

ਵਿੱਤ ਮੰਤਰੀ ਨੇ ਅੱਗੇ ਦੱਸਿਆ, “ਸਮਾਗਮਾਂ ਦੀ ਲੜੀ ਵਜੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਸਜਾਈਆਂ ਜਾ ਰਹੀਆਂ ਚਾਰ ਪ੍ਰਮੁੱਖ ਸ਼ੋਭਾ ਯਾਤਰਾਵਾਂ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸਮਾਪਤ ਹੋਣਗੀਆਂ, ਜਿਸ ਨਾਲ ਦੇਸ਼ ਭਰ ਤੋਂ ਸੰਗਤਾਂ ਮੁੱਖ ਧਾਰਮਿਕ ਪ੍ਰੋਗਰਾਮ ਤੋਂ ਪਹਿਲਾਂ ਇੱਥੇ ਪਹੁੰਚ ਜਾਣਗੀਆਂ।”


ਉਨ੍ਹਾਂ ਕਿਹਾ, “ਇਹ ਸ਼ੋਭਾ ਯਾਤਰਾਵਾਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਰਬ-ਸਾਂਝੇ ਸੰਦੇਸ਼ ਅਤੇ ਪਵਿੱਤਰ ਸਿੱਖਿਆਵਾਂ ਦੇ ਪਾਸਾਰ ਦਾ ਅਹਿਮ ਜ਼ਰੀਆ ਬਣਨਗੀਆਂ ਅਤੇ ਇਸ ਇਤਿਹਾਸਕ ਮੌਕੇ ਤੋਂ ਪਹਿਲਾਂ ਸ਼ਰਧਾ, ਏਕਤਾ ਅਤੇ ਆਪਸੀ ਸਾਂਝ ਦਾ ਅਧਿਆਤਮਕ ਮਾਹੌਲ ਸਿਰਜਣਗੀਆਂ।”


ਧਾਰਮਿਕ ਪ੍ਰੋਗਰਾਮਾਂ ਦੇ ਵੇਰਵੇ ਸਾਂਝੇ ਕਰਦਿਆਂ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦੱਸਿਆ, “4 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 6 ਦਸੰਬਰ ਨੂੰ ਪਾਏ ਜਾਣਗੇ, ਜਿਸ ਦੇ ਨਾਲ ਹੀ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਤਿੰਨ ਦਿਨਾ ਸਮਾਗਮਾਂ ਦੀ ਸਮਾਪਤੀ ਹੋਵੇਗੀ।”

ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਾਰੇ ਪ੍ਰਬੰਧ ਅਗਾਊਂ ਮੁਕੰਮਲ ਕਰ ਲਏ ਜਾਣ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸੰਗਤ, ਖਾਸ ਕਰਕੇ ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ, ਜੋ ਇਸ ਪਵਿੱਤਰ ਅਸਥਾਨ ’ਤੇ ਆਉਣਗੇ, ਉਨ੍ਹਾਂ ਦੀ ਸਹੂਲਤ ਅਤੇ ਆਰਾਮ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਨੂੰ ਦੁਹਰਾਉਂਦਿਆਂ ਚੀਮਾ ਨੇ ਕਿਹਾ, ‘‘ਪੰਜਾਬ ਸਰਕਾਰ ਧਾਰਮਿਕ, ਸੱਭਿਆਚਾਰਕ ਅਤੇ ਵਿਦਿਅਕ ਉਪਰਾਲਿਆਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਵਚਨਬੱਧ ਹੈ।’’

ਉਨ੍ਹਾਂ ਅੱਗੇ ਕਿਹਾ, ‘‘ਇਹ ਸਮਾਗਮ ਸਿਰਫ਼ ਇੱਕ ਧਾਰਮਿਕ ਇਕੱਤਰਤਾ ਹੀ ਨਹੀਂ ਸਗੋਂ ਇਹ ਗੁਰੂ ਜੀ ਮਹਾਰਾਜ ਵੱਲੋਂ ਦਿਖਾਈ ਸਮਾਨਤਾ, ਦਇਆ, ਸਮਾਜਿਕ ਨਿਆਂ ਅਤੇ ਭਾਈਚਾਰੇ ਦੀ ਰਿਵਾਇਤ ਨੂੰ ਮੁੜ ਦ੍ਰਿੜ੍ਹਾਉਣ ਦਾ ਮੌਕਾ ਵੀ ਹੋਣਗੇ।’’

ਵਿੱਤ ਮੰਤਰੀ ਨੇ ਸਾਰੇ ਵਿਭਾਗਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ 650ਵਾਂ ਇਤਿਹਾਸਕ ਪ੍ਰਕਾਸ਼ ਪੁਰਬ, ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਮਹਾਨ ਵਿਰਾਸਤ ਦੇ ਅਨੁਕੂਲ ਪੂਰੀ ਮਰਿਆਦਾ, ਸ਼ਾਨੋ-ਸ਼ੌਕਤ ਅਤੇ ਅਧਿਆਤਮਿਕ ਉਤਸ਼ਾਹ ਨਾਲ ਮਨਾਇਆ ਜਾਵੇ।

ਇਸ ਮੀਟਿੰਗ ਵਿੱਚ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਪ੍ਰਸ਼ਾਸਕੀ ਸਕੱਤਰ ਕੁਮਾਰ ਅਮਿਤ, ਡਾਇਰੈਕਟਰ ਸੰਜੀਵ ਕੁਮਾਰ ਤਿਵਾੜੀ, ਲੋਕ ਸੰਪਰਕ ਵਿਭਾਗ ਦੇ ਡਿਪਟੀ ਸਕੱਤਰ ਦੀਪਾਂਕਰ ਗਰਗ ਅਤੇ ਕਈ ਹੋਰ ਅਧਿਕਾਰੀ ਮੌਜੂਦ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.