ਤਾਜਾ ਖਬਰਾਂ
ਪੰਜਾਬ ਦੀ ਸਿਆਸਤ ਵਿੱਚ ਪੰਥਕ ਏਕਤਾ ਨੂੰ ਲੈ ਕੇ ਚੱਲ ਰਹੀਆਂ ਸਰਗਰਮੀਆਂ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਕਈ ਜ਼ਿਲ੍ਹਾ ਡੈਲੀਗੇਟਾਂ ਅਤੇ ਦਰਜਨਾਂ ਵਰਕਰਾਂ ਨੇ ਆਪਣੇ ਅਹੁਦਿਆਂ ਅਤੇ ਮੈਂਬਰਸ਼ਿਪ ਤੋਂ ਅਸਤੀਫ਼ੇ ਦੇ ਦਿੱਤੇ ਹਨ। ਅਸਤੀਫ਼ਾ ਦੇਣ ਵਾਲੇ ਆਗੂਆਂ ਨੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਪੰਜਾਬ ਦੀ ਤਰੱਕੀ ਅਤੇ ਪੰਥਕ ਏਕਤਾ ਲਈ ਅਗਲੇ ਫ਼ੈਸਲੇ ਲੈਣ ਦਾ ਅਧਿਕਾਰ ਸੌਂਪਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਡੈਲੀਗੇਟ ਇੰਦਰਜੀਤ ਸਿੰਘ ਬੇਦੀ ਨੇ ਕਿਹਾ ਕਿ ਪਿਛਲੇ ਲਗਭਗ ਇੱਕ ਦਹਾਕੇ ਦੌਰਾਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਨਸ਼ਿਆਂ ਅਤੇ ਕਰਜ਼ੇ ਦੀ ਗੰਭੀਰ ਸਮੱਸਿਆ ਵਿੱਚ ਧੱਕ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਵਿਕਾਸ ਦੇ ਨਾਂ 'ਤੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਮੁਤਾਬਕ ਮੌਜੂਦਾ ਹਾਲਾਤਾਂ ਵਿੱਚ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਪੰਥਕ ਏਕਤਾ ਨਾਲ ਜੁੜੀਆਂ ਹੋਈਆਂ ਹਨ।
ਇੰਦਰਜੀਤ ਸਿੰਘ ਬੇਦੀ ਨੇ ਕਿਹਾ ਕਿ ਸੂਬੇ ਵਿੱਚ ਨਸ਼ਾਖੋਰੀ, ਬੇਰੁਜ਼ਗਾਰੀ, ਵਿਕਾਸ ਦੀ ਕਮੀ ਅਤੇ ਗੈਂਗਸਟਰਾਂ ਦੀਆਂ ਗਤੀਵਿਧੀਆਂ ਲਗਾਤਾਰ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਇਸ ਤੋਂ ਇਲਾਵਾ ਵਪਾਰ ਅਤੇ ਕਿਸਾਨੀ ਸਮੇਤ ਸੂਬੇ ਦੇ ਵੱਖ-ਵੱਖ ਖੇਤਰ ਵੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਨ੍ਹਾਂ ਸੰਕਟਾਂ ਵਿੱਚੋਂ ਕੱਢਣ ਲਈ ਖੇਤਰੀ ਪਾਰਟੀ ਅਤੇ ਪੰਥਕ ਤਾਕਤਾਂ ਦਾ ਇਕਜੁੱਟ ਹੋਣਾ ਸਮੇਂ ਦੀ ਲੋੜ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਕਿਸੇ ਵੀ ਸਮੇਂ ਤੇਜ਼ ਹੋ ਸਕਦੀਆਂ ਹਨ, ਪਰ ਪੰਥਕ ਧਿਰਾਂ ਵੱਖ-ਵੱਖ ਪਾਰਟੀਆਂ ਬਣਾ ਕੇ ਚੋਣ ਮੈਦਾਨ ਵਿੱਚ ਉਤਰਨ ਦੀ ਤਿਆਰੀ ਕਰ ਰਹੀਆਂ ਹਨ। ਇਸ ਵੰਡ ਕਾਰਨ ਲੋਕਾਂ ਦਾ ਪੰਥਕ ਨੁਮਾਇੰਦਿਆਂ ਪ੍ਰਤੀ ਭਰੋਸਾ ਕਮਜ਼ੋਰ ਹੋ ਰਿਹਾ ਹੈ। ਉਨ੍ਹਾਂ ਸਾਰੀਆਂ ਵੱਖ ਹੋਈਆਂ ਪੰਥਕ ਧਿਰਾਂ ਨੂੰ ਆਪਸੀ ਮਤਭੇਦ ਭੁਲਾ ਕੇ ਇਕ ਮੰਚ 'ਤੇ ਇਕੱਠੇ ਹੋਣ ਦੀ ਅਪੀਲ ਕੀਤੀ।
ਇਸੇ ਮਕਸਦ ਤਹਿਤ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਪੰਥਕ ਏਕਤਾ ਅਤੇ ਪੰਜਾਬ ਦੀ ਬਿਹਤਰੀ ਲਈ ਅਗਲੀ ਰਣਨੀਤੀ ਤੈਅ ਕਰਨ ਦਾ ਪੂਰਾ ਅਧਿਕਾਰ ਦਿੰਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਪ੍ਰੋ. ਚੰਦੂਮਾਜਰਾ ਵੱਲੋਂ ਲਿਆ ਗਿਆ ਕੋਈ ਵੀ ਫ਼ੈਸਲਾ ਉਨ੍ਹਾਂ ਨੂੰ ਮਨਜ਼ੂਰ ਹੋਵੇਗਾ ਅਤੇ ਉਹ ਪੰਥਕ ਏਕਤਾ ਦੀ ਮਜ਼ਬੂਤੀ ਲਈ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ।
ਇਸ ਮੌਕੇ ਇੰਦਰਜੀਤ ਸਿੰਘ ਬੇਦੀ ਤੋਂ ਇਲਾਵਾ ਪਰਮਜੀਤ ਸਿੰਘ ਪੰਮਾ, ਸਰਕਲ ਪ੍ਰਧਾਨ ਸ੍ਰੀ ਆਨੰਦਪੁਰ ਸਾਹਿਬ, ਪ੍ਰੋ. ਹਰਪ੍ਰੀਤ ਸਿੰਘ, ਜਸਵਿੰਦਰ ਸਿੰਘ ਸੋਨੂੰ, ਅਜੀਤ ਸਿੰਘ ਅਤੇ ਹਰਭਜਨ ਸਿੰਘ ਸੈਣੀ ਸਮੇਤ ਕਈ ਜ਼ਿਲ੍ਹਾ ਡੈਲੀਗੇਟਾਂ ਅਤੇ ਦਰਜਨਾਂ ਵਰਕਰਾਂ ਨੇ ਅਸਤੀਫ਼ੇ ਦਿੱਤੇ। ਸਾਰੇ ਆਗੂਆਂ ਨੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਅਗਲੇ ਸਿਆਸੀ ਫ਼ੈਸਲੇ ਲੈਣ ਦਾ ਅਧਿਕਾਰ ਦਿੰਦਿਆਂ ਉਨ੍ਹਾਂ ਦੇ ਹਰ ਫ਼ੈਸਲੇ ਨਾਲ ਸਹਿਮਤੀ ਪ੍ਰਗਟਾਈ।
Get all latest content delivered to your email a few times a month.