ਤਾਜਾ ਖਬਰਾਂ
ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ 736.96 ਕਰੋੜ ਰੁਪਏ ਦੀ ਕਥਿਤ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੂੰ ਪੱਤਰ ਲਿਖਿਆ ਹੈ। ਵਿਜੀਲੈਂਸ ਨੇ ਕੇਂਦਰੀ ਜਾਂਚ ਏਜੰਸੀ ਨੂੰ ਇਸ ਮਾਮਲੇ ਵਿੱਚ ਰਸਮੀ ਤੌਰ ’ਤੇ ਜਾਂਚ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ।
ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਜਾਂਚ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਬਿਕਰਮ ਸਿੰਘ ਮਜੀਠੀਆ ਇਸ ਕਥਿਤ ਗੈਰ-ਕਾਨੂੰਨੀ ਵਿੱਤੀ ਨੈੱਟਵਰਕ ਦੇ ਮੁੱਖ ਸਾਜ਼ਿਸ਼ਕਰਤਾ ਅਤੇ ਸਭ ਤੋਂ ਵੱਡੇ ਲਾਭਪਾਤਰੀ ਸਨ। ਏਜੰਸੀ ਦੇ ਦੋਸ਼ਾਂ ਮੁਤਾਬਕ ਨਸ਼ਿਆਂ ਦੇ ਕਾਰੋਬਾਰ ਤੋਂ ਹਾਸਲ ਕੀਤੀ ਗਈ ਕਥਿਤ ਕਾਲੀ ਕਮਾਈ ਨੂੰ ਲੁਕਾਉਣ ਲਈ ਪਰਿਵਾਰਕ ਮੈਂਬਰਾਂ, ਕਾਰੋਬਾਰੀ ਭਾਈਵਾਲਾਂ ਅਤੇ ਸ਼ੈੱਲ ਕੰਪਨੀਆਂ ਦੇ ਜ਼ਰੀਏ ਵਿੱਤੀ ਲੈਣ-ਦੇਣ ਕੀਤੇ ਗਏ।
ਜਾਂਚ ਦੌਰਾਨ ਇਹ ਵੀ ਸਾਹਮਣੇ ਆਉਣ ਦਾ ਦਾਅਵਾ ਕੀਤਾ ਗਿਆ ਹੈ ਕਿ ਕਥਿਤ ਨਸ਼ਾ ਤਸਕਰੀ ਦੀ ਕਮਾਈ ਨੂੰ ਜਾਇਜ਼ ਦਿਖਾਉਣ ਅਤੇ ਉਸ ਦੇ ਸਰੋਤ ਨੂੰ ਲੁਕਾਉਣ ਲਈ ਕਈ ਬੋਗਸ ਕੰਪਨੀਆਂ ਬਣਾਈਆਂ ਗਈਆਂ ਸਨ। ਇਸ ਤੋਂ ਇਲਾਵਾ ਪੈਸੇ ਦਾ ਇੱਕ ਵੱਡਾ ਹਿੱਸਾ ਸਾਈਪ੍ਰਸ ਅਤੇ ਸਿੰਗਾਪੁਰ ਵਿੱਚ ਸਥਿਤ ਵਿਦੇਸ਼ੀ ਕੰਪਨੀਆਂ ਰਾਹੀਂ ਟ੍ਰਾਂਸਫਰ ਕੀਤੇ ਜਾਣ ਦੇ ਦੋਸ਼ ਲਗਾਏ ਗਏ ਹਨ।
ਵਿਜੀਲੈਂਸ ਦੀ ਪੜਤਾਲ ਅਨੁਸਾਰ ਮਜੀਠੀਆ ਨੇ ਕਥਿਤ ਤੌਰ ’ਤੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਨਜ਼ਦੀਕੀ ਸਹਿਯੋਗੀਆਂ ਦੇ ਨਾਮ ’ਤੇ ਨਸ਼ਿਆਂ ਦੀ ਕਮਾਈ ਨਾਲ ਵੱਡੀ ਮਾਤਰਾ ਵਿੱਚ ਗੈਰ-ਕਾਨੂੰਨੀ ਜਾਇਦਾਦਾਂ ਬਣਾਈਆਂ। ਇਨ੍ਹਾਂ ਸੰਪਤੀਆਂ ਵਿੱਚ ਹਵਾਈ ਜਹਾਜ਼ਾਂ ਸਮੇਤ ਹੋਰ ਕੀਮਤੀ ਚੱਲ ਅਤੇ ਅਚੱਲ ਜਾਇਦਾਦਾਂ ਵੀ ਸ਼ਾਮਲ ਹੋਣ ਦਾ ਦਾਅਵਾ ਕੀਤਾ ਗਿਆ ਹੈ।
ਹੁਣ ਵਿਜੀਲੈਂਸ ਵੱਲੋਂ ED ਨੂੰ ਭੇਜੇ ਗਏ ਪੱਤਰ ਤੋਂ ਬਾਅਦ ਇਸ ਮਾਮਲੇ ਵਿੱਚ ਕੇਂਦਰੀ ਏਜੰਸੀ ਦੀ ਅਗਲੀ ਕਾਰਵਾਈ ’ਤੇ ਨਜ਼ਰ ਰਹੇਗੀ।
Get all latest content delivered to your email a few times a month.