ਤਾਜਾ ਖਬਰਾਂ
ਚੰਡੀਗੜ੍ਹ, ਨਵੰਬਰ 6:
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜਾਣਕਾਰੀ ਦਿੱਤੀ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਅਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਤੋਂ ਪਾਰ ਹੋ ਗਈ ਹੈ, ਜੋ ਕਿ ਚੱਲ ਰਹੇ ਖ਼ਰੀਫ਼ ਮਾਰਕੀਟਿੰਗ ਸੀਜ਼ਨ 2026-27 ਵਿੱਚ ਇੱਕ ਵੱਡੀ ਪ੍ਰਾਪਤੀ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਸੁਚਾਰੂ, ਬਿਨਾਂ ਕਿਸੇ ਦਿੱਕਤ ਅਤੇ ਕਿਸਾਨ-ਪੱਖੀ ਖਰੀਦ ਕਾਰਜਾਂ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਆਮਦ ਹੁਣ 152 ਐਲ.ਐਮ.ਟੀ. ਤੋਂ ਪਾਰ ਹੋ ਗਈ ਹੈ ਅਤੇ ਖਰੀਦ ਵੀ 150 ਐਲ.ਐਮ.ਟੀ. ਤੋਂ ਪਾਰ ਹੋ ਗਈ ਹੈ, ਜੋ ਕਿ ਪੰਜਾਬ ਸਰਕਾਰ ਦੀ ਕੁਸ਼ਲ ਖਰੀਦ ਪ੍ਰਣਾਲੀ ਵਿੱਚ ਕਿਸਾਨਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।
ਮੰਤਰੀ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁੱਲ ਲਿਫਟਿੰਗ 110 ਐਲ.ਐਮ.ਟੀ. ਤੱਕ ਪਹੁੰਚ ਚੁੱਕੀ ਹੈ ਅਤੇ ਖਰੀਦ ਦੇ 72 ਘੰਟਿਆਂ ਦੇ ਮੁਕਾਬਲੇ ਲਿਫਟਿੰਗ ਦੀ ਪ੍ਰਤੀਸ਼ਤਤਾ 84.65 ਫੀਸਦੀ ਹੈ। ਉਨ੍ਹਾਂ ਕਿਹਾ ਕਿ ਲਿਫਟਿੰਗ ਨੂੰ ਤੇਜ਼ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਮੰਡੀਆਂ ਤਾਜ਼ੀ ਆਮਦ ਲਈ ਖਾਲੀ ਰਹਿਣ ਅਤੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਾ ਪੇਸ਼ ਆਵੇ।
ਸ੍ਰੀ ਕਟਾਰੂਚੱਕ ਨੇ ਅੱਗੇ ਦੱਸਿਆ ਕਿ ਕਿਸਾਨਾਂ ਦੇ ਖਾਤਿਆਂ ਵਿੱਚ 33000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ ਕਿ 100.89 ਫੀਸਦੀ ਬਣਦੀ ਹੈ। ਉਨ੍ਹਾਂ ਦੁਹਰਾਇਆ ਕਿ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਅਤੇ ਅਦਾਇਗੀ ਸਮੇਂ ਸਿਰ ਕੀਤੀ ਜਾਵੇਗੀ।
ਮੰਤਰੀ ਨੇ ਕਿਹਾ ਕਿ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਸਾਰੀਆਂ ਖਰੀਦ ਏਜੰਸੀਆਂ, ਮੰਡੀ ਬੋਰਡ, ਟਰਾਂਸਪੋਰਟਰਾਂ ਅਤੇ ਮਜ਼ਦੂਰਾਂ ਨਾਲ ਨੇੜਿਓਂ ਤਾਲਮੇਲ ਕਰਕੇ ਨਿਰਵਿਘਨ ਖਰੀਦ, ਸਮੇਂ ਸਿਰ ਲਿਫਟਿੰਗ ਅਤੇ ਤੁਰੰਤ ਅਦਾਇਗੀ ਨੂੰ ਯਕੀਨੀ ਬਣਾ ਰਿਹਾ ਹੈ।
Get all latest content delivered to your email a few times a month.