ਤਾਜਾ ਖਬਰਾਂ
ਅੰਮ੍ਰਿਤਸਰ ਦੇ ਜੰਡਿਆਲਾ ਅਧੀਨ ਪੈਂਦੇ ਪਿੰਡ ਅਕਾਲਗੜ੍ਹ ਢਪਈਆਂ ਵਿੱਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹਿੰਸਕ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਦੁਪਹਿਰ ਸਮੇਂ 100 ਤੋਂ 150 ਦੇ ਕਰੀਬ ਹਥਿਆਰਬੰਦ ਵਿਅਕਤੀਆਂ ਨੇ ਇੱਕ ਪਰਿਵਾਰ ਦੇ ਘਰ ਨੂੰ ਘੇਰ ਲਿਆ ਅਤੇ ਕਥਿਤ ਤੌਰ ’ਤੇ ਗੋਲੀਆਂ ਚਲਾਉਣ ਦੇ ਨਾਲ-ਨਾਲ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਘਟਨਾ ਕਾਰਨ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਹਮਲੇ ਦੌਰਾਨ ਸੰਦੀਪ ਸਿੰਘ ਨਾਮਕ ਨੌਜਵਾਨ ਦੀ ਲੱਤ ਵਿੱਚ ਗੋਲੀ ਲੱਗ ਗਈ ਅਤੇ ਉਸ ਨੂੰ ਕਿਰਪਾਨ ਤੇ ਦਾਤਰ ਦੇ ਵਾਰਾਂ ਕਾਰਨ ਵੀ ਸੱਟਾਂ ਲੱਗੀਆਂ। ਜ਼ਖ਼ਮੀ ਨੂੰ ਤੁਰੰਤ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਪੀੜਤ ਪਰਿਵਾਰ ਨੇ ਦਾਅਵਾ ਕੀਤਾ ਹੈ ਕਿ ਇਸ ਘਟਨਾ ਦੌਰਾਨ 6 ਤੋਂ 7 ਵਿਅਕਤੀ ਜ਼ਖ਼ਮੀ ਹੋਏ ਹਨ।
ਪਰਿਵਾਰਕ ਮੈਂਬਰ ਵਿਸ਼ਾਲ ਸਿੰਘ ਅਨੁਸਾਰ ਦੋਵਾਂ ਧਿਰਾਂ ਵਿਚਕਾਰ ਪਹਿਲਾਂ ਤੋਂ ਹੀ ਕਿਸੇ ਗੱਲ ਨੂੰ ਲੈ ਕੇ ਰੰਜਿਸ਼ ਚੱਲ ਰਹੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਇਸੇ ਰੰਜਿਸ਼ ਦੇ ਚੱਲਦਿਆਂ ਵਿਰੋਧੀ ਧਿਰ ਵੱਲੋਂ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਇਕੱਠਾ ਕਰਕੇ ਹਮਲਾ ਕੀਤਾ ਗਿਆ। ਪੀੜਤਾਂ ਮੁਤਾਬਕ ਹਮਲਾਵਰਾਂ ਕੋਲ ਪਿਸਤੌਲਾਂ, ਬੰਦੂਕਾਂ ਅਤੇ ਤੇਜ਼ਧਾਰ ਹਥਿਆਰ ਸਨ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਸਾਰੇ ਮੁਲਜ਼ਮਾਂ ਦੀ ਜਲਦ ਗ੍ਰਿਫ਼ਤਾਰੀ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਹਰਪਾਲ ਸਿੰਘ ਆਪਣੀ ਟੀਮ ਸਮੇਤ ਹਸਪਤਾਲ ਪਹੁੰਚੇ ਅਤੇ ਜ਼ਖ਼ਮੀ ਦਾ ਹਾਲ ਜਾਣਿਆ। ਉਨ੍ਹਾਂ ਦੱਸਿਆ ਕਿ ਇਹ ਝਗੜਾ ਦੁਪਹਿਰ ਕਰੀਬ 1:30 ਤੋਂ 2 ਵਜੇ ਦੇ ਵਿਚਕਾਰ ਹੋਇਆ। ਮੁੱਢਲੀ ਜਾਣਕਾਰੀ ਅਨੁਸਾਰ ਫਾਇਰਿੰਗ ਦੌਰਾਨ ਸੰਦੀਪ ਸਿੰਘ ਦੀ ਲੱਤ ਵਿੱਚ ਗੋਲੀ ਲੱਗੀ ਹੈ ਅਤੇ ਤੇਜ਼ਧਾਰ ਹਥਿਆਰ ਨਾਲ ਵੀ ਸੱਟ ਪਹੁੰਚੀ ਹੈ।
ਪੁਲਿਸ ਅਧਿਕਾਰੀ ਨੇ ਕਿਹਾ ਕਿ ਜ਼ਖ਼ਮੀ ਧਿਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਬਿਆਨਾਂ ਦੇ ਆਧਾਰ ’ਤੇ ਬਣਦੀਆਂ ਕਾਨੂੰਨੀ ਧਾਰਾਵਾਂ ਤਹਿਤ ਐੱਫਆਈਆਰ ਦਰਜ ਕੀਤੀ ਜਾਵੇਗੀ। ਪੁਲਿਸ ਵੱਲੋਂ ਘਟਨਾ ਸਥਾਨ ਦਾ ਮੁਆਇਨਾ ਕਰਕੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਫਾਇਰਿੰਗ ਸਬੰਧੀ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜਾਂਚ ਤੋਂ ਬਾਅਦ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Get all latest content delivered to your email a few times a month.