ਤਾਜਾ ਖਬਰਾਂ
ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਿਆ ਦਰਬਾਰ ਸਾਹਿਬ
ਬੰਦੀ ਛੋੜ ਦਿਵਸ ਦੀ ਇਤਿਹਾਸਕ ਮਹੱਤਤਾ ਨੂੰ ਸਮਰਪਿਤ ਇਸ ਪਵਿੱਤਰ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਖੂਬਸੂਰਤ ਬਿਜਲਈ ਰੌਸ਼ਨੀਆਂ ਨਾਲ ਸਜਾਇਆ ਗਿਆ। ਸ਼ਾਮ ਹੁੰਦਿਆਂ ਹੀ ਸੰਗਤਾਂ ਵੱਲੋਂ ਪਰਿਕਰਮਾ ਵਿੱਚ ਵੱਡੀ ਗਿਣਤੀ ਵਿੱਚ ਦੀਵੇ ਜਗਾਏ ਗਏ, ਜਿਸ ਨਾਲ ਪੂਰਾ ਧਾਰਮਿਕ ਅਸਥਾਨ ਰੌਸ਼ਨੀ ਨਾਲ ਨੂਰੋ-ਨੂਰ ਹੋ ਗਿਆ।
ਅੰਮ੍ਰਿਤ ਸਰੋਵਰ ਵਿੱਚ ਦੀਵਿਆਂ ਦੀ ਪੈ ਰਹੀ ਸੁਨਹਿਰੀ ਝਲਕ ਨੇ ਇਸ ਮਨਮੋਹਕ ਦ੍ਰਿਸ਼ ਨੂੰ ਹੋਰ ਵੀ ਖ਼ਾਸ ਬਣਾ ਦਿੱਤਾ। ਇਸ ਮੌਕੇ ਹੋਈ ਆਤਿਸ਼ਬਾਜ਼ੀ ਨੇ ਆਸਮਾਨ ਨੂੰ ਰੰਗਾਂ ਨਾਲ ਰੌਸ਼ਨ ਕਰ ਦਿੱਤਾ ਅਤੇ ਸੰਗਤਾਂ ਨੇ ਇਸ ਇਤਿਹਾਸਕ ਦਿਹਾੜੇ ਨੂੰ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ।
ਦਰਬਾਰ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਰੂਬੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੰਦੀ ਛੋੜ ਦਿਵਸ ਧਾਰਮਿਕ ਮਰਿਆਦਾ ਅਤੇ ਰਵਾਇਤਾਂ ਅਨੁਸਾਰ ਮਨਾਇਆ ਗਿਆ। ਉਨ੍ਹਾਂ ਮੁਤਾਬਕ ਇਸ ਵਿਸ਼ੇਸ਼ ਮੌਕੇ ’ਤੇ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਗੁਰੂ ਘਰ ਵਿਖੇ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ SGPC ਵੱਲੋਂ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਸੇਵਾਦਾਰਾਂ ਅਤੇ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਤਾਂ ਜੋ ਦੂਰ-ਦੁਰਾਡੇ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਦਰਸ਼ਨ-ਦੀਦਾਰ, ਲੰਗਰ, ਰਿਹਾਇਸ਼ ਅਤੇ ਹੋਰ ਸੇਵਾਵਾਂ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
Get all latest content delivered to your email a few times a month.