ਤਾਜਾ ਖਬਰਾਂ
2014 ਬੈਚ ਦੇ ਆਈਏਐੱਸ ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਲੁਧਿਆਣਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਕਾਰਜਭਾਰ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਕੋਸ਼ਿਸ਼ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਲੋੜਵੰਦ ਅਤੇ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਦੀ ਹੋਵੇਗੀ।
ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਸਫ਼ਾਈ ਵਿਵਸਥਾ ਵਿੱਚ ਸੁਧਾਰ ਲਿਆਉਣ ਅਤੇ ਟ੍ਰੈਫਿਕ ਸਮੱਸਿਆਵਾਂ ਨੂੰ ਸੁਚੱਜੇ ਢੰਗ ਨਾਲ ਹੱਲ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਸਸ਼ਕਤ ਬਣਾਉਣਾ, ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਜ਼ਬੂਤ ਕਰਨਾ ਅਤੇ ਸਿੱਖਿਆ ਤੇ ਸਿਹਤ ਸਹੂਲਤਾਂ ਵਿੱਚ ਸੁਧਾਰ ਕਰਨਾ ਵੀ ਉਨ੍ਹਾਂ ਦੀਆਂ ਤਰਜੀਹਾਂ ਵਿੱਚ ਸ਼ਾਮਲ ਰਹੇਗਾ।
ਨਵੇਂ ਡੀਸੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਖ਼ੁਦ ਨਿਗਰਾਨੀ ਅਤੇ ਸਮੀਖਿਆ ਕੀਤੀ ਜਾਵੇਗੀ, ਤਾਂ ਜੋ ਸਾਰੇ ਕੰਮ ਤੈਅ ਸਮੇਂ ਅਨੁਸਾਰ ਪੂਰੇ ਹੋ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਆਮ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦਾ ਜਲਦ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।
ਡਾ. ਅਗਰਵਾਲ ਅਨੁਸਾਰ ਸਰਕਾਰੀ ਸੇਵਾਵਾਂ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਲੋਕਾਂ ਨੂੰ ਨਿਰਧਾਰਤ ਸਮੇਂ ਅੰਦਰ ਸਹੂਲਤਾਂ ਦੇਣ ਲਈ ਵਿਸ਼ੇਸ਼ ਕਦਮ ਚੁੱਕੇ ਜਾਣਗੇ। ਇਸ ਦੇ ਨਾਲ ਹੀ ਰੈੱਡ ਕਰਾਸ ਦੇ ਸਹਿਯੋਗ ਨਾਲ ਸਥਾਨਕ ਐੱਨਜੀਓਜ਼ ਨੂੰ ਜੋੜ ਕੇ ਸਮਾਜ ਭਲਾਈ ਦੇ ਕਾਰਜਾਂ ਨੂੰ ਹੋਰ ਗਤੀ ਦਿੱਤੀ ਜਾਵੇਗੀ।
Get all latest content delivered to your email a few times a month.