ਤਾਜਾ ਖਬਰਾਂ
ਹਰਿਆਣਾ : ਸ਼ੁੱਕਰਵਾਰ ਦੇਰ ਰਾਤ ਕੈਥਲ ਵਿਖੇ ਵਾਪਰੇ ਇੱਕ ਦਿਲ ਦਹਿਲਾ ਦੇਣ ਵਾਲੇ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਜਾਨ ਚਲੀ ਗਈ, ਜਦਕਿ ਚਾਰ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸੱਤ ਨੌਜਵਾਨ ਕਾਰ ਵਿੱਚ ਸਵਾਰ ਹੋ ਕੇ ਆਪਣੇ ਘਰ ਵਾਪਸ ਪਰਤ ਰਹੇ ਸਨ ਕਿ ਅਚਾਨਕ ਗੱਡੀ ਬੇਕਾਬੂ ਹੋ ਕੇ ਇੱਕ ਪੁਲ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ।
ਹਾਦਸੇ ਦੀ ਆਵਾਜ਼ ਸੁਣ ਕੇ ਮੌਕੇ 'ਤੇ ਇਕੱਠੇ ਹੋਏ ਰਾਹਗੀਰਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕੀਤੇ ਅਤੇ ਨੁਕਸਾਨੀ ਗਈ ਕਾਰ ਵਿੱਚੋਂ ਨੌਜਵਾਨਾਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ। ਹਾਲਾਂਕਿ, ਤਿੰਨ ਨੌਜਵਾਨਾਂ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ ਸੀ।
ਮ੍ਰਿਤਕਾਂ ਦੀ ਪਛਾਣ ਪਿੰਡ ਕਰੋੜਾ ਦੇ ਰਹਿਣ ਵਾਲੇ 22 ਸਾਲਾ ਅਜੈ ਕੁਮਾਰ, 20 ਸਾਲਾ ਨਵਦੀਪ ਅਤੇ 32 ਸਾਲਾ ਪ੍ਰਦੀਪ ਕੁਮਾਰ ਵਜੋਂ ਹੋਈ ਹੈ, ਜੋ ਕਿ ਆਪਸ ਵਿੱਚ ਚਚੇਰੇ ਭਰਾ ਸਨ। ਹਾਦਸੇ ਵਿੱਚ ਜ਼ਖਮੀ ਹੋਏ ਸਾਹਿਲ, ਨਰਿੰਦਰ, ਗੌਰਵ ਅਤੇ ਅਰਜੁਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਹ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।
ਇਸ ਦੁਖਦਾਈ ਘਟਨਾ ਨੇ ਪੂਰੇ ਪਿੰਡ ਕਰੋੜਾ ਨੂੰ ਸੋਗ ਵਿੱਚ ਡੁਬੋ ਦਿੱਤਾ ਹੈ। ਮ੍ਰਿਤਕ ਅਜੈ ਅਤੇ ਪ੍ਰਦੀਪ ਆਪਣੇ ਮਾਪਿਆਂ ਦੇ ਇਕਲੌਤੇ ਪੁੱਤਰ ਸਨ। ਅਜੈ ਪਿੰਡ ਵਿੱਚ ਹੀ ਸੈਲੂਨ ਚਲਾ ਕੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ, ਜਦਕਿ ਵਿਆਹੁਤਾ ਪ੍ਰਦੀਪ ਆਪਣੇ ਪਿੱਛੇ ਪਤਨੀ ਅਤੇ ਦੋ ਮਾਸੂਮ ਬੱਚੇ (ਇੱਕ ਪੁੱਤਰ ਤੇ ਇੱਕ ਧੀ) ਛੱਡ ਗਿਆ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਤੀਤਰਾਮ ਥਾਣੇ ਦੇ ਐੱਸ.ਐੱਚ.ਓ. ਵੇਦਪਾਲ ਪੁਲਿਸ ਟੀਮ ਸਮੇਤ ਘਟਨਾ ਸਥਾਨ 'ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਤਿੰਨਾਂ ਨੌਜਵਾਨਾਂ ਦੀਆਂ ਦੇਹਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਪੀੜਤ ਪਰਿਵਾਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ, ਜਿਨ੍ਹਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Get all latest content delivered to your email a few times a month.