IMG-LOGO
ਹੋਮ ਪੰਜਾਬ, ਚੰਡੀਗੜ੍ਹ, ਪੰਜਾਬ ਵਿੱਚ ਠੰਢ ਨੇ ਫੜਿਆ ਜ਼ੋਰ: 10 ਜ਼ਿਲ੍ਹਿਆਂ 'ਚ ਸੰਘਣੀ...

ਪੰਜਾਬ ਵਿੱਚ ਠੰਢ ਨੇ ਫੜਿਆ ਜ਼ੋਰ: 10 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਫਰੀਦਕੋਟ ਸਭ ਤੋਂ ਠੰਡਾ

Admin User - Nov 19, 2026 10:39 AM
IMG

ਚੰਡੀਗੜ੍ਹ: ਸੂਬੇ ਵਿੱਚ ਠੰਢ ਨੇ ਹੁਣ ਪੂਰੀ ਤਰ੍ਹਾਂ ਦਸਤਕ ਦੇ ਦਿੱਤੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਮੌਸਮ ਦਾ ਮਿਜ਼ਾਜ ਹੋਰ ਤਿੱਖਾ ਹੋਣ ਜਾ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਜਾਰੀ ਤਾਜ਼ਾ ਭਵਿੱਖਬਾਣੀ ਅਨੁਸਾਰ ਪੰਜਾਬ ਦੇ ਕਈ ਹਿੱਸਿਆਂ ਵਿੱਚ 22 ਨਵੰਬਰ ਤੱਕ ਸੰਘਣੀ ਧੁੰਦ ਛਾਈ ਰਹਿਣ ਦੀ ਸੰਭਾਵਨਾ ਹੈ, ਜਿਸ ਨੂੰ ਦੇਖਦਿਆਂ ਵਿਭਾਗ ਨੇ ਚਾਰ ਦਿਨਾਂ ਲਈ 'ਯੈਲੋ ਅਲਰਟ' ਐਲਾਨਿਆ ਹੈ।


ਮੌਸਮ ਮਾਹਿਰਾਂ ਮੁਤਾਬਕ ਅੱਜ ਮਾਝੇ ਅਤੇ ਦੁਆਬੇ ਦੇ ਕੁਝ ਇਲਾਕਿਆਂ, ਜਿਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਸ਼ਾਮਲ ਹਨ, ਵਿੱਚ ਸੰਘਣੀ ਧੁੰਦ ਪੈਣ ਦੇ ਆਸਾਰ ਹਨ। ਹਾਲਾਂਕਿ, ਅਗਲੇ ਪੰਜ ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਮੌਸਮ ਪੂਰੀ ਤਰ੍ਹਾਂ ਖੁਸ਼ਕ ਬਣਿਆ ਰਹੇਗਾ।


ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਘੱਟੋ-ਘੱਟ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਪਾਰਾ ਆਮ ਦੇ ਨੇੜੇ ਪਹੁੰਚ ਗਿਆ ਹੈ। 8 ਡਿਗਰੀ ਸੈਲਸੀਅਸ ਤਾਪਮਾਨ ਨਾਲ ਫਰੀਦਕੋਟ ਸੂਬੇ ਦਾ ਸਭ ਤੋਂ ਠੰਡਾ ਸ਼ਹਿਰ ਰਿਹਾ, ਜਦਕਿ ਬਰਨਾਲਾ ਵਿੱਚ ਸਭ ਤੋਂ ਵੱਧ ਘੱਟੋ-ਘੱਟ ਤਾਪਮਾਨ 13.6 ਡਿਗਰੀ ਦਰਜ ਹੋਇਆ। ਦੂਜੇ ਪਾਸੇ, ਉੱਤਰ-ਪੱਛਮੀ ਦਿਸ਼ਾ ਤੋਂ 5 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲੀਆਂ ਹਵਾਵਾਂ ਕਾਰਨ ਸੂਬੇ ਦੇ ਪ੍ਰਦੂਸ਼ਣ ਪੱਧਰ ਵਿੱਚ ਮਾਮੂਲੀ ਸੁਧਾਰ ਦੇਖਣ ਨੂੰ ਮਿਲਿਆ ਹੈ, ਪਰ ਖੰਨਾ ਵਿੱਚ ਏਅਰ ਕੁਆਲਿਟੀ ਇੰਡੈਕਸ (AQI) ਅਜੇ ਵੀ 200 ਤੋਂ ਪਾਰ (ਖ਼ਰਾਬ ਸ਼੍ਰੇਣੀ) ਬਣਿਆ ਹੋਇਆ ਹੈ।


ਮੌਸਮ ਵਿਭਾਗ ਨੇ 20, 21 ਅਤੇ 22 ਨਵੰਬਰ ਲਈ ਸੂਬੇ ਦੇ 10 ਜ਼ਿਲ੍ਹਿਆਂ— ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਐੱਸ.ਏ.ਐੱਸ. ਨਗਰ (ਮੋਹਾਲੀ), ਰੂਪਨਗਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ ਸੰਘਣੀ ਧੁੰਦ ਪੈਣ ਦੀ ਚੇਤਾਵਨੀ ਦਿੰਦਿਆਂ ਯੈਲੋ ਅਲਰਟ ਜਾਰੀ ਰੱਖਿਆ ਹੈ।


ਸਵੇਰ ਅਤੇ ਸ਼ਾਮ ਦੇ ਸਮੇਂ ਠੰਢ ਵਧਣ ਅਤੇ ਵਿਜ਼ੀਬਿਲਟੀ (ਦ੍ਰਿਸ਼ਟਤਾ) ਘਟਣ ਦੇ ਮੱਦੇਨਜ਼ਰ ਵਾਹਨ ਚਾਲਕਾਂ ਨੂੰ ਸਫ਼ਰ ਦੌਰਾਨ ਵਿਸ਼ੇਸ਼ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.