ਤਾਜਾ ਖਬਰਾਂ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਸਾਲਾਨਾ ਜਨਰਲ ਇਜਲਾਸ ਅਤੇ ਪ੍ਰਧਾਨਗੀ ਦੇ ਅਹੁਦੇ ਦੀ ਚੋਣ ਨੂੰ ਲੈ ਕੇ ਪੰਥਕ ਤੇ ਸਿਆਸੀ ਹਲਕਿਆਂ ਵਿੱਚ ਹਲਚਲ ਵਧ ਗਈ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਹੈ ਕਿ ਐਸਜੀਪੀਸੀ ਦੇ 95 ਫੀਸਦੀ ਮੈਂਬਰ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ। ਉਨ੍ਹਾਂ ਵਿਰੋਧੀ ਧਿਰਾਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵਿਰੋਧੀ ਆਗੂ ਸਿਰਫ਼ ਆਪਣੀ ਸਿਆਸੀ ਹਾਜ਼ਰੀ ਲਗਵਾਉਣ ਲਈ ਬਿਆਨਬਾਜ਼ੀ ਅਤੇ ਪ੍ਰਦਰਸ਼ਨ ਕਰ ਰਹੇ ਹਨ।
ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਪ੍ਰਧਾਨਗੀ ਦੀ ਚੋਣ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਦਰ 'ਤੇ ਹੋਣੀ ਹੈ ਅਤੇ ਗੁਰੂ ਸਾਹਿਬ ਦੀ ਰਜ਼ਾ ਅਨੁਸਾਰ ਹੀ ਅਗਲੇ ਪ੍ਰਧਾਨ ਦੀ ਚੋਣ ਹੋਵੇਗੀ। ਸਾਬਕਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਉਮੀਦ ਜਤਾਈ ਕਿ ਗੁਰੂ ਸਾਹਿਬ ਉਨ੍ਹਾਂ ਨੂੰ ਮੁੜ ਪੰਥ ਦੀ ਸੇਵਾ ਬਖਸ਼ਣਗੇ। ਇਸ ਦੇ ਨਾਲ ਹੀ ਬੀਬੀ ਜਗੀਰ ਕੌਰ ਦੇ ਨਾਮ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਨੂੰ ਉਨ੍ਹਾਂ ਮਹਿਜ਼ ਮੀਡੀਆ ਦੀਆਂ ਅਟਕਲਾਂ ਕਰਾਰ ਦਿੱਤਾ। ਮੁੱਖ ਸਕੱਤਰ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਿਸ ਵੀ ਉਮੀਦਵਾਰ ਦਾ ਐਲਾਨ ਕੀਤਾ ਜਾਵੇਗਾ, ਸਮੂਹ ਮੈਂਬਰ ਉਸ 'ਤੇ ਫੁੱਲ ਚੜ੍ਹਾਉਣਗੇ।
ਪੁਨਰ ਸੁਰਜੀਤ ਅਕਾਲੀ ਦਲ ਅਤੇ ਤਰਸੇਮ ਸਿੰਘ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਪ੍ਰਦਰਸ਼ਨਾਂ 'ਤੇ ਪ੍ਰਤੀਕਿਰਿਆ ਦਿੰਦਿਆਂ ਮੰਨਣ ਨੇ ਕਿਹਾ ਕਿ ਵਿਰੋਧੀ ਧਿਰਾਂ ਸਿਰਫ਼ ਸੁਰਖੀਆਂ ਵਿੱਚ ਬਣੇ ਰਹਿਣ ਲਈ ਅਜਿਹੇ ਹੱਥਕੰਡੇ ਅਪਣਾਉਂਦੀਆਂ ਹਨ। ਐਸਜੀਪੀਸੀ ਦੀਆਂ ਆਮ ਚੋਣਾਂ ਵਿੱਚ ਹੋ ਰਹੀ ਦੇਰੀ ਬਾਰੇ ਸਫ਼ਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਕਦੇ ਵੀ ਚੋਣਾਂ ਤੋਂ ਮੂੰਹ ਨਹੀਂ ਮੋੜਿਆ। ਉਨ੍ਹਾਂ ਕਿਹਾ ਕਿ ਚੋਣਾਂ ਕਰਵਾਉਣ ਦੀ ਜ਼ਿੰਮੇਵਾਰੀ ਕੇਂਦਰ ਅਤੇ ਪੰਜਾਬ ਸਰਕਾਰ ਦੀ ਹੈ, ਅਤੇ ਅਕਾਲੀ ਦਲ ਖੁਦ ਚਾਹੁੰਦਾ ਹੈ ਕਿ ਇਹ ਚੋਣਾਂ ਬਿਨਾਂ ਕਿਸੇ ਦੇਰੀ ਦੇ ਜਲਦ ਕਰਵਾਈਆਂ ਜਾਣ।
Get all latest content delivered to your email a few times a month.