ਤਾਜਾ ਖਬਰਾਂ
ਗੁਰਦਾਸਪੁਰ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਬਣਾਉਣ ਲਈ ਜ਼ਿਲ੍ਹਾ ਪੁਲਿਸ ਵੱਲੋਂ ਐਤਵਾਰ ਨੂੰ ਵਿਸ਼ੇਸ਼ ਸਰਚ ਮੁਹਿੰਮ ਚਲਾਈ ਗਈ। ਐੱਸ.ਐੱਸ.ਪੀ. ਆਦਿੱਤਿਆ ਦੀ ਅਗਵਾਈ ਹੇਠ ਇਹ ਕਾਰਵਾਈ ਜ਼ਿਲ੍ਹੇ ਦੀਆਂ ਚਾਰੋਂ ਸਬ-ਡਿਵੀਜ਼ਨਾਂ ਵਿੱਚ ਇਕੱਠੇ ਕੀਤੀ ਗਈ। ਇਸ ਦੌਰਾਨ ਪੁਲਿਸ ਟੀਮਾਂ ਨੇ ਸੰਵੇਦਨਸ਼ੀਲ ਥਾਵਾਂ, ਸ਼ੱਕੀ ਇਲਾਕਿਆਂ ਅਤੇ ਪ੍ਰਮੁੱਖ ਸੜਕਾਂ ’ਤੇ ਨਾਕਾਬੰਦੀ ਕਰਕੇ ਵਾਹਨਾਂ ਅਤੇ ਲੋਕਾਂ ਦੀ ਜਾਂਚ ਕੀਤੀ। ਮੁਹਿੰਮ ਦੌਰਾਨ ਕਈ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ।
ਪੁਲਿਸ ਵੱਲੋਂ ਥਾਣਾ ਸਿਟੀ ਦੇ ਅਧੀਨ ਆਉਂਦੇ ਸਕੀਮ ਨੰਬਰ-7 ਦੇ ਕੁਆਰਟਰਾਂ ਵਿੱਚ ਵੀ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਗਈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇੱਥੇ ਕੁਝ ਬਾਹਰੀ ਵਿਅਕਤੀ ਬਿਨਾਂ ਪੁਲਿਸ ਤਸਦੀਕ ਦੇ ਰਹਿ ਰਹੇ ਹਨ। ਇਸ ਤੋਂ ਬਾਅਦ ਪੁਲਿਸ ਨੇ ਇਲਾਕੇ ਨੂੰ ਘੇਰੇ ਵਿੱਚ ਲੈ ਕੇ ਘਰ-ਘਰ ਜਾਂਚ ਕੀਤੀ ਅਤੇ ਸ਼ੱਕੀ ਪਾਏ ਗਏ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ। ਐੱਸ.ਐੱਸ.ਪੀ. ਨੇ ਮਕਾਨ ਮਾਲਕਾਂ ਨੂੰ ਚਿਤਾਵਨੀ ਦਿੱਤੀ ਕਿ ਕਿਰਾਏਦਾਰਾਂ ਦੀ ਪੁਲਿਸ ਵੈਰੀਫਿਕੇਸ਼ਨ ਕਰਵਾਉਣਾ ਯਕੀਨੀ ਬਣਾਇਆ ਜਾਵੇ। ਜੇਕਰ ਬਿਨਾਂ ਤਸਦੀਕ ਰਹਿ ਰਿਹਾ ਕੋਈ ਵਿਅਕਤੀ ਅਪਰਾਧਿਕ ਗਤੀਵਿਧੀ ਵਿੱਚ ਸ਼ਾਮਲ ਪਾਇਆ ਗਿਆ ਤਾਂ ਮਕਾਨ ਮਾਲਕ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਨਸ਼ਾ ਤਸਕਰਾਂ ਅਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਮੁਹਿੰਮ
ਐੱਸ.ਐੱਸ.ਪੀ. ਆਦਿੱਤਿਆ ਨੇ ਦੱਸਿਆ ਕਿ ਇਸ ਕਾਰਵਾਈ ਦਾ ਮੁੱਖ ਉਦੇਸ਼ ਅਪਰਾਧੀਆਂ, ਨਸ਼ਾ ਤਸਕਰਾਂ, ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਅਤੇ ਹੋਰ ਸ਼ਰਾਰਤੀ ਅਨਸਰਾਂ ’ਤੇ ਕਾਬੂ ਪਾਉਣਾ ਹੈ। ਇਸ ਤਹਿਤ ਜ਼ਿਲ੍ਹੇ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਵੀ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਅਜਿਹੀਆਂ ਗਤੀਵਿਧੀਆਂ ’ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ।
ਕਾਂਸਟੇਬਲ ਕਤਲ ਮਾਮਲੇ ’ਚ ਜਾਂਚ ਤੇਜ਼
ਕਾਂਸਟੇਬਲ ਦੇ ਕਤਲ ਮਾਮਲੇ ਬਾਰੇ ਐੱਸ.ਐੱਸ.ਪੀ. ਨੇ ਕਿਹਾ ਕਿ ਵਾਰਦਾਤ ਨੂੰ ਸੁਲਝਾਉਣ ਲਈ ਪੁਲਿਸ ਦੀਆਂ ਕਈ ਵਿਸ਼ੇਸ਼ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਮੁਲਜ਼ਮਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਉੱਧਰ, ਪਠਾਨਕੋਟ ਵਿੱਚ ਲੁੱਟੀ ਗਈ ਕਾਰ ਦੇ ਮਾਮਲੇ ਦੀ ਜਾਂਚ ਉੱਥੋਂ ਦੀ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਗੁਰਦਾਸਪੁਰ ਨਾਲ ਸਬੰਧਤ ਸ਼ੱਕੀ ਵਿਅਕਤੀਆਂ ਦੀ ਭੂਮਿਕਾ ਅਤੇ ਉਨ੍ਹਾਂ ਦੇ ਪਿਛਲੇ ਅਪਰਾਧਿਕ ਰਿਕਾਰਡ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ।
ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਪੁਖ਼ਤਾ
ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹੇ ਵਿੱਚ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ ਹੈ। ਐੱਸ.ਐੱਸ.ਪੀ. ਅਨੁਸਾਰ ਸ਼ਾਂਤੀਪੂਰਨ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ ਪੁਲਿਸ ਦੇ ਨਾਲ ਅਰਧ ਸੈਨਿਕ ਬਲਾਂ ਦੀਆਂ ਦੋ ਕੰਪਨੀਆਂ ਵੀ ਤਾਇਨਾਤ ਹਨ। ਇਨ੍ਹਾਂ ਵਿੱਚ CRPF ਅਤੇ BSF ਦੀ ਇੱਕ-ਇੱਕ ਕੰਪਨੀ ਸ਼ਾਮਲ ਹੈ। ਸੁਰੱਖਿਆ ਬਲਾਂ ਵੱਲੋਂ ਸੰਵੇਦਨਸ਼ੀਲ ਇਲਾਕਿਆਂ ਵਿੱਚ ਫਲੈਗ ਮਾਰਚ ਅਤੇ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ।
Get all latest content delivered to your email a few times a month.