IMG-LOGO
ਹੋਮ ਰਾਸ਼ਟਰੀ: ਤਾਮਿਲਨਾਡੂ 'ਚ ਭਿਆਨਕ ਸੜਕ ਹਾਦਸਾ: ਦਰੱਖਤ ਨਾਲ ਵੈਨ ਟਕਰਾਉਣ ਕਾਰਨ...

ਤਾਮਿਲਨਾਡੂ 'ਚ ਭਿਆਨਕ ਸੜਕ ਹਾਦਸਾ: ਦਰੱਖਤ ਨਾਲ ਵੈਨ ਟਕਰਾਉਣ ਕਾਰਨ 8 ਮੌਤਾਂ, PM ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ

Admin User - Nov 23, 2026 11:09 AM
IMG

ਤਾਮਿਲਨਾਡੂ ਦੇ ਤਿਰੂਚਿਰਾਪੱਲੀ ਜ਼ਿਲ੍ਹੇ ਵਿੱਚ ਐਤਵਾਰ ਨੂੰ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਅੱਠ ਵਿਅਕਤੀਆਂ ਦੀ ਜਾਨ ਚਲੀ ਗਈ, ਜਦਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇਹ ਹਾਦਸਾ ਥੁਰੈਯੂਰ-ਮੁਸੀਰੀ ਮਾਰਗ 'ਤੇ ਸਥਿਤ ਜੰਬੂਨਾਥਾਪੁਰਮ ਨੇੜੇ ਉਸ ਸਮੇਂ ਵਾਪਰਿਆ, ਜਦੋਂ ਤੇਜ਼ ਰਫ਼ਤਾਰ ਵੈਨ ਅਚਾਨਕ ਸੰਤੁਲਨ ਗੁਆ ਬੈਠੀ ਅਤੇ ਸੜਕ ਕਿਨਾਰੇ ਲੱਗੇ ਇੱਕ ਨਿੰਮ ਦੇ ਦਰੱਖਤ ਨਾਲ ਜਾ ਟਕਰਾਈ।


ਪ੍ਰਾਪਤ ਜਾਣਕਾਰੀ ਅਨੁਸਾਰ, ਵੈਨ ਵਿੱਚ ਸਵਾਰ ਸਾਰੇ ਯਾਤਰੀ ਨਾਮੱਕਲ ਜ਼ਿਲ੍ਹੇ ਵਿਖੇ ਇੱਕ ਪਰਿਵਾਰਕ ਸਮਾਗਮ ਵਿੱਚ ਸ਼ਿਰਕਤ ਕਰਨ ਉਪਰੰਤ ਥੰਜਾਵੁਰ ਜ਼ਿਲ੍ਹੇ ਦੇ ਥਿਰੁਕੱਟੂਪੱਲੀ ਵਿਖੇ ਆਪਣੇ ਘਰਾਂ ਨੂੰ ਪਰਤ ਰਹੇ ਸਨ। ਟੱਕਰ ਇੰਨੀ ਜ਼ਬਰਦਸਤ ਸੀ ਕਿ ਵਾਹਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਪੰਜ ਲੋਕਾਂ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਸਥਾਨਕ ਲੋਕਾਂ ਅਤੇ ਪੁਲਿਸ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਤੁਰੰਤ ਨੇੜਲੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਤਿੰਨ ਹੋਰ ਵਿਅਕਤੀਆਂ ਦੀ ਮੌਤ ਹੋ ਗਈ।


ਦੂਜੇ ਪਾਸੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਭਿਆਨਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ (PMO) ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' ਰਾਹੀਂ ਜਾਰੀ ਸੰਦੇਸ਼ ਵਿੱਚ ਪੀੜਤ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕਰਦਿਆਂ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਗਈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਵਿੱਚੋਂ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ।


ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਦੇਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.