ਤਾਜਾ ਖਬਰਾਂ
ਅੰਮ੍ਰਿਤਸਰ ਦੇ ਪਿੰਡ ਜਲਾਲ ਉਸਮਾਨ ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ਨੇ ਇੱਕ ਪਰਿਵਾਰ ਨੂੰ ਕਦੇ ਨਾ ਭੁੱਲਣ ਵਾਲਾ ਦੁੱਖ ਦੇ ਦਿੱਤਾ। ਇੱਥੇ ਕੁੱਤਿਆਂ ਦੇ ਝੁੰਡ ਵੱਲੋਂ ਹਮਲਾ ਕੀਤੇ ਜਾਣ ਕਾਰਨ 8 ਸਾਲਾ ਬੱਚੇ ਦੀ ਜਾਨ ਚਲੀ ਗਈ। ਮ੍ਰਿਤਕ ਦੀ ਪਛਾਣ ਰਣਜੀਤ ਸਿੰਘ ਵਜੋਂ ਹੋਈ ਹੈ, ਜੋ ਆਪਣੇ ਮਾਪਿਆਂ ਦੀਆਂ ਤਿੰਨ ਧੀਆਂ ਤੋਂ ਬਾਅਦ ਇਕਲੌਤਾ ਪੁੱਤਰ ਸੀ। ਇਸ ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਪਿੰਡ ਵਾਸੀਆਂ ਵਿੱਚ ਵੀ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਮਿਲੀ ਜਾਣਕਾਰੀ ਮੁਤਾਬਕ ਰਣਜੀਤ ਸਿੰਘ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਸਕੂਲ ਜਾਣ ਲਈ ਘਰੋਂ ਨਿਕਲਿਆ ਸੀ। ਜਦੋਂ ਉਹ ਪਿੰਡ ਦੇ ਖੇਡ ਮੈਦਾਨ ਨੇੜੇ ਪਹੁੰਚਿਆ ਤਾਂ ਅਚਾਨਕ ਆਵਾਰਾ ਕੁੱਤਿਆਂ ਦੇ ਇੱਕ ਝੁੰਡ ਨੇ ਉਸ ਨੂੰ ਘੇਰ ਲਿਆ। ਬੱਚੇ ਵੱਲੋਂ ਬਚਣ ਦੀ ਕੋਸ਼ਿਸ਼ ਦੇ ਬਾਵਜੂਦ ਕੁੱਤਿਆਂ ਨੇ ਉਸ ’ਤੇ ਹਮਲਾ ਕਰ ਦਿੱਤਾ। ਕੁਝ ਸਮੇਂ ਬਾਅਦ ਜਦੋਂ ਪਿੰਡ ਵਾਸੀਆਂ ਨੇ ਉਸ ਨੂੰ ਉੱਥੇ ਦੇਖਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਇਸ ਦੁਖਦਾਈ ਘਟਨਾ ਨੇ ਪੂਰੇ ਪਿੰਡ ਨੂੰ ਸੋਗ ਵਿੱਚ ਡੁਬੋ ਦਿੱਤਾ।
ਇਸ ਹਾਦਸੇ ਨੇ ਪਹਿਲਾਂ ਹੀ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਪਰਿਵਾਰ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਪਿੰਡ ਵਾਸੀਆਂ ਰਿਚਪਾਲ ਸਿੰਘ ਅਤੇ ਗੁਰਪ੍ਰੀਤ ਸਿੰਘ ਅਨੁਸਾਰ ਰਣਜੀਤ ਦੇ ਪਿਤਾ ਸੁਖਵਿੰਦਰ ਸਿੰਘ ਦੀ ਆਰਥਿਕ ਹਾਲਤ ਬੇਹੱਦ ਕਮਜ਼ੋਰ ਹੈ। ਪਿਛਲੇ ਸਾਲ ਮੀਂਹ ਕਾਰਨ ਉਨ੍ਹਾਂ ਦੇ ਘਰ ਦੀ ਛੱਤ ਡਿੱਗ ਗਈ ਸੀ, ਜਿਸ ਤੋਂ ਬਾਅਦ ਪਰਿਵਾਰ ਨੂੰ ਆਪਣਾ ਘਰੇਲੂ ਸਾਮਾਨ ਵੀ ਦੂਜਿਆਂ ਦੇ ਘਰਾਂ ਵਿੱਚ ਰੱਖਣਾ ਪਿਆ।
ਪਿੰਡ ਵਾਸੀਆਂ ਨੇ ਦੱਸਿਆ ਕਿ ਘਰ ਦੇ ਨੁਕਸਾਨ ਬਦਲੇ ਸਰਕਾਰੀ ਮੁਆਵਜ਼ੇ ਲਈ ਅਰਜ਼ੀ ਦਿੱਤੀ ਗਈ ਸੀ, ਪਰ ਸਰਕਾਰੀ ਦਸਤਾਵੇਜ਼ਾਂ ਵਿੱਚ ਨਾਮ ਗਲਤ ਦਰਜ ਹੋਣ ਕਾਰਨ ਪਰਿਵਾਰ ਨੂੰ ਅਜੇ ਤੱਕ ਸਹਾਇਤਾ ਨਹੀਂ ਮਿਲ ਸਕੀ। ਇਸ ਮਾਮਲੇ ਸਬੰਧੀ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਆਰਟੀਆਈ ਵੀ ਦਾਇਰ ਕੀਤੀ ਗਈ ਹੈ।
ਮ੍ਰਿਤਕ ਦੇ ਰਿਸ਼ਤੇਦਾਰ ਜੋਗਿੰਦਰ ਸਿੰਘ ਨੇ ਕਿਹਾ ਕਿ ਪਿੰਡ ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ਲੰਬੇ ਸਮੇਂ ਤੋਂ ਬਣੀ ਹੋਈ ਹੈ ਅਤੇ ਪਹਿਲਾਂ ਵੀ ਅਜਿਹੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਇਸ ਦੇ ਬਾਵਜੂਦ ਕੋਈ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕਿਆ ਗਿਆ। ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਨੂੰ ਬੱਚੇ ਦੀ ਮੌਤ ਬਦਲੇ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ ਅਤੇ ਡਿੱਗੇ ਹੋਏ ਮਕਾਨ ਦਾ ਮੁਆਵਜ਼ਾ ਵੀ ਤੁਰੰਤ ਜਾਰੀ ਕੀਤਾ ਜਾਵੇ।
ਉੱਧਰ, ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਨੁਸਾਰ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਬੱਚਾ ਸਕੂਲ ਜਾ ਰਿਹਾ ਸੀ, ਜਦੋਂ ਉਸ ’ਤੇ ਕੁੱਤਿਆਂ ਨੇ ਹਮਲਾ ਕੀਤਾ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਧਾਰਾ 174 ਤਹਿਤ ਕਾਰਵਾਈ ਕੀਤੀ ਅਤੇ ਪੋਸਟਮਾਰਟਮ ਲਈ ਬਾਬਾ ਬਕਾਲਾ ਸਾਹਿਬ ਦੇ ਹਸਪਤਾਲ ਭੇਜ ਦਿੱਤਾ।
ਪੁਲਿਸ ਅਧਿਕਾਰੀ ਨੇ ਭਰੋਸਾ ਦਿੱਤਾ ਹੈ ਕਿ ਪਿੰਡ ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਅਤੇ ਪੀੜਤ ਪਰਿਵਾਰ ਨੂੰ ਬਣਦੀ ਸਹਾਇਤਾ ਦਿਵਾਉਣ ਲਈ ਸਬੰਧਤ ਵਿਭਾਗਾਂ ਅਤੇ ਡਿਪਟੀ ਕਮਿਸ਼ਨਰ ਨੂੰ ਲਿਖਤੀ ਰਿਪੋਰਟ ਭੇਜੀ ਜਾਵੇਗੀ।
Get all latest content delivered to your email a few times a month.