ਤਾਜਾ ਖਬਰਾਂ
ਪੰਜਾਬ ਦੀ ਸਿਆਸਤ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ NDA ਗੱਠਜੋੜ ਵਿੱਚ ਵਾਪਸੀ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਅਕਾਲੀ ਦਲ ਦਾ ਮੁੜ NDA ਪਰਿਵਾਰ ਵਿੱਚ ਸ਼ਾਮਲ ਹੋਣਾ ਬੇਹੱਦ ਖੁਸ਼ੀ ਦੀ ਗੱਲ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਦੇਸ਼ ਵਿੱਚ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਨੂੰ ਪਹਿਲ ਦੇਣ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਦਾ ਗੱਠਜੋੜ ਇੱਕ ਕੁਦਰਤੀ ਸਾਂਝ ਹੈ, ਜੋ ਪੰਜਾਬ ਨੂੰ ਲੋਕ-ਪੱਖੀ ਸ਼ਾਸਨ ਦੇਣ ਦੇ ਨਾਲ-ਨਾਲ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਤੱਕ ਲਿਜਾਣ ਵਿੱਚ ਸਹਾਈ ਹੋਵੇਗਾ।
ਉਨ੍ਹਾਂ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ, ਲਾਲ ਕ੍ਰਿਸ਼ਨ ਅਡਵਾਨੀ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਰਗੀਆਂ ਸ਼ਖ਼ਸੀਅਤਾਂ ਦੀ ਰਹਿਨੁਮਾਈ ਹੇਠ ਇਸ ਗੱਠਜੋੜ ਨੇ ਆਪਣੀ ਮਜ਼ਬੂਤ ਨੀਂਹ ਰੱਖੀ ਸੀ। ਅਕਾਲੀ ਦਲ ਅਤੇ ਭਾਜਪਾ ਦੀ ਇਹ ਸਿਆਸੀ ਸਾਂਝ ਸਮੇਂ ਦੀਆਂ ਕਈ ਚੁਣੌਤੀਆਂ ਦੇ ਬਾਵਜੂਦ ਆਪਣੀ ਹੋਂਦ ਕਾਇਮ ਰੱਖਣ ਵਿੱਚ ਸਫਲ ਰਹੀ ਹੈ।
ਪ੍ਰਧਾਨ ਮੰਤਰੀ ਨੇ ਭਰੋਸਾ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਇਹ ਗੱਠਜੋੜ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਬਣ ਕੇ ਉਭਰੇਗਾ। ਉਨ੍ਹਾਂ ਦੇ ਇਸ ਬਿਆਨ ਨੂੰ ਪੰਜਾਬ ਦੀ ਆਗਾਮੀ ਸਿਆਸਤ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ।
Get all latest content delivered to your email a few times a month.