IMG-LOGO
ਹੋਮ ਪੰਜਾਬ: ਅਕਾਲੀ ਦਲ ਬਾਦਲ ਨਾਲ ਹੱਥ ਮਿਲਾ ਕੇ BJP ਨੇ ਸਿੱਖ...

ਅਕਾਲੀ ਦਲ ਬਾਦਲ ਨਾਲ ਹੱਥ ਮਿਲਾ ਕੇ BJP ਨੇ ਸਿੱਖ ਕੌਮ ਖ਼ਿਲਾਫ਼ ਕੀਤੇ ਗੁਨਾਹਾਂ ਦਾ ਸਾਥ ਦਿੱਤਾ: ਗਿਆਨੀ ਹਰਪ੍ਰੀਤ ਸਿੰਘ

Admin User - Nov 24, 2026 05:08 PM
IMG

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਭਾਜਪਾ ਅਤੇ ਅਕਾਲੀ ਦਲ ਬਾਦਲ ਵਿਚਾਲੇ ਹੋਏ ਸਿਆਸੀ ਗਠਜੋੜ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਇੱਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੇ ਅਕਾਲੀ ਦਲ ਬਾਦਲ ਨਾਲ ਗਠਜੋੜ ਕਰਕੇ ਸਿੱਖ ਕੌਮ ਦੇ ਖ਼ਿਲਾਫ਼ ਕੀਤੀਆਂ ਗਈਆਂ ਕਾਰਵਾਈਆਂ ਦੀ ਜ਼ਿੰਮੇਵਾਰੀ ਵਿੱਚ ਵੀ ਆਪਣੀ ਭਾਗੀਦਾਰੀ ਪਾ ਲਈ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਕਾਲੀ ਦਲ ਦੀ ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਡੇਰਾ ਸਿਰਸਾ ਮੁਖੀ ਨੂੰ ਮਿਲੀ ਕਥਿਤ ਸਰਪ੍ਰਸਤੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਾਉਣ ਦੇ ਮਾਮਲੇ ਵਿੱਚ ਉਸ ਨੂੰ ਬਚਾਉਣ ਦੇ ਯਤਨ ਅਤੇ ਬਿਨਾਂ ਮੰਗੇ ਦਿੱਤੀ ਗਈ ਮੁਆਫ਼ੀ ਵਰਗੇ ਮੁੱਦੇ ਸਿੱਖ ਸੰਗਤ ਦੀਆਂ ਭਾਵਨਾਵਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਸ ਮੁਆਫ਼ੀ ਦੇ ਪ੍ਰਚਾਰ ਲਈ ਗੁਰੂ ਕੀ ਗੋਲਕ ਦਾ ਪੈਸਾ ਵੀ ਖਰਚਿਆ ਗਿਆ ਸੀ।

ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸਬੰਧਤ ਮਾਮਲਿਆਂ ਵਿੱਚ ਸਮੇਂ ਸਿਰ ਕਾਰਵਾਈ ਨਾ ਕਰਨਾ ਅਤੇ ਚੋਰੀ ਹੋਈ ਪਾਵਨ ਬੀੜ ਨੂੰ ਬਰਾਮਦ ਕਰਨ ਵਿੱਚ ਅਸਫਲ ਰਹਿਣਾ ਵੀ ਉਹ ਮੁੱਦੇ ਹਨ, ਜਿਨ੍ਹਾਂ ਨੂੰ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਗਤ ਦੀ ਹਾਜ਼ਰੀ ਵਿੱਚ ਸਵੀਕਾਰ ਕੀਤਾ ਸੀ। ਇਨ੍ਹਾਂ ਮਾਮਲਿਆਂ ਦੇ ਮੱਦੇਨਜ਼ਰ ਹੀ ਪੰਜ ਸਿੰਘ ਸਾਹਿਬਾਨ ਵੱਲੋਂ ਉਨ੍ਹਾਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਸੀ।

ਗਿਆਨੀ ਹਰਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਬਾਅਦ ਵਿੱਚ ਆਪਣੇ ਕਬੂਲਨਾਮੇ ਤੋਂ ਪਿੱਛੇ ਹਟ ਕੇ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਹਜ਼ੂਰੀ ਵਿੱਚ ਦਿੱਤੇ ਬਿਆਨ ਦੀ ਵੀ ਉਲੰਘਣਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਆਗੂ ਨਾਲ ਸਿਆਸੀ ਸਾਂਝ ਪਾਉਣ ਕਾਰਨ ਭਾਜਪਾ ਵੀ ਇਨ੍ਹਾਂ ਵਿਵਾਦਾਂ ਅਤੇ ਦੋਸ਼ਾਂ ਵਿੱਚ ਭਾਈਵਾਲ ਬਣ ਗਈ ਹੈ।

ਉਨ੍ਹਾਂ ਭਾਜਪਾ ਦੇ ਪੰਜਾਬ ਵਿੱਚ ਸਰਗਰਮ ਹੋਣ ਅਤੇ ਸੂਬੇ ਨੂੰ ਬਚਾਉਣ ਦੇ ਦਾਅਵਿਆਂ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਅਕਾਲੀ ਦਲ ਬਾਦਲ ਨਾਲ ਗਠਜੋੜ ਕਰਕੇ ਪਾਰਟੀ ਨੇ ਆਪਣੇ ਹੀ ਦਾਅਵਿਆਂ ਨੂੰ ਕਮਜ਼ੋਰ ਕਰ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਇਸ ਸਿਆਸੀ ਗਠਜੋੜ ਨੂੰ ਸਵੀਕਾਰ ਨਹੀਂ ਕਰਨਗੇ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ।

ਇਹ ਪ੍ਰੈੱਸ ਬਿਆਨ ਮੀਡੀਆ ਇੰਚਾਰਜ ਸ. ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤਾ ਗਿਆ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.