ਤਾਜਾ ਖਬਰਾਂ
ਬਿੱਟੂ ਨੇ ਕਿਹਾ ਕਿ ਭਾਜਪਾ ਵੱਲੋਂ ਪਹਿਲਾਂ ਇਕੱਲਿਆਂ ਚੋਣ ਮੈਦਾਨ ਵਿੱਚ ਉਤਰਨ ਦੀ ਤਿਆਰੀ ਕੀਤੀ ਜਾ ਰਹੀ ਸੀ, ਪਰ ਪਿਛਲੇ ਤਿੰਨ ਮਹੀਨਿਆਂ ਦੌਰਾਨ ਕੀਤੇ ਗਏ ਸਰਵੇਖਣਾਂ ਅਤੇ ਜਨਤਕ ਦੌਰਿਆਂ ਤੋਂ ਇਹ ਸਪੱਸ਼ਟ ਹੋਇਆ ਕਿ ਪੰਜਾਬ ਦੇ ਲੋਕ ਅਤੇ ਦੋਵਾਂ ਪਾਰਟੀਆਂ ਦੇ ਵਰਕਰ ਇਕੱਠੇ ਹੋ ਕੇ ਸਰਕਾਰ ਬਣਾਉਣ ਦੇ ਹੱਕ ਵਿੱਚ ਹਨ। ਲੋਕ ਸੂਬੇ ਵਿੱਚ ਵਿਕਾਸ ਅਤੇ ਬਿਹਤਰ ਪ੍ਰਸ਼ਾਸਨ ਲਈ ਡਬਲ ਇੰਜਣ ਸਰਕਾਰ ਚਾਹੁੰਦੇ ਹਨ।
ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਗੁਰਪੁਰਬ ਦੇ ਪਵਿੱਤਰ ਮੌਕੇ 'ਤੇ ਦੋਵਾਂ ਪਾਰਟੀਆਂ ਦੇ ਪੁਰਾਣੇ ਸਿਆਸੀ ਰਿਸ਼ਤੇ ਨੂੰ ਮੁੜ ਮਜ਼ਬੂਤ ਕਰਨ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਦੇ ਅਹੁਦੇ ਲਈ ਚਿਹਰੇ ਸਬੰਧੀ ਪੁੱਛੇ ਗਏ ਸਵਾਲ 'ਤੇ ਬਿੱਟੂ ਨੇ ਕਿਹਾ ਕਿ ਫਿਲਹਾਲ ਕਿਸੇ ਅਹੁਦੇ ਨੂੰ ਲੈ ਕੇ ਕੋਈ ਵਿਵਾਦ ਜਾਂ ਦਾਅਵੇਦਾਰੀ ਨਹੀਂ ਹੈ। ਉਨ੍ਹਾਂ ਮੁਤਾਬਕ ਇਸ ਸਮੇਂ ਸਭ ਤੋਂ ਵੱਡੀ ਤਰਜੀਹ ਪੰਜਾਬ ਨੂੰ ਤਰੱਕੀ ਦੇ ਰਾਹ 'ਤੇ ਲਿਜਾਣਾ ਅਤੇ ਸੂਬੇ ਦੀ ਖੁਸ਼ਹਾਲੀ ਯਕੀਨੀ ਬਣਾਉਣਾ ਹੈ।
ਕਿਸਾਨੀ ਦੇ ਮੁੱਦੇ 'ਤੇ ਗੱਲ ਕਰਦਿਆਂ ਰਵਨੀਤ ਬਿੱਟੂ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਭਾਜਪਾ-ਅਕਾਲੀ ਗਠਜੋੜ ਦੀ ਸਰਕਾਰ ਬਣਦੀ ਹੈ ਤਾਂ ਕੇਂਦਰ ਸਰਕਾਰ ਤੋਂ ਫੰਡ ਲਿਆ ਕੇ ਝੋਨੇ ਅਤੇ ਕਣਕ ਤੋਂ ਇਲਾਵਾ ਹੋਰ 23 ਫਸਲਾਂ ਲਈ ਵੀ ਘੱਟੋ-ਘੱਟ ਸਮਰਥਨ ਮੁੱਲ (MSP) ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਕਿਸਾਨਾਂ ਦੀ ਭਲਾਈ ਨੂੰ ਆਪਣੇ ਚੋਣ ਮਨੋਰਥ ਪੱਤਰਾਂ ਵਿੱਚ ਵਿਸ਼ੇਸ਼ ਤਰਜੀਹ ਦੇਣਗੀਆਂ।
ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਵਾਲ 'ਤੇ ਬਿੱਟੂ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਲੈ ਕੇ ਪਹਿਲਾਂ ਹੀ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨਾਲ ਪਰਿਵਾਰਕ ਤੌਰ 'ਤੇ ਮੁਲਾਕਾਤ ਕਰ ਚੁੱਕੇ ਹਨ। ਉਨ੍ਹਾਂ ਨੇ ਆਪਣਾ ਪੱਖ ਰੱਖਦਿਆਂ ਕਿਹਾ ਸੀ ਕਿ ਕਾਨੂੰਨੀ ਪ੍ਰਕਿਰਿਆ ਦੇ ਅੰਦਰ ਰਹਿ ਕੇ ਪੀੜਤ ਪਰਿਵਾਰਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਬਣਦੀ ਰਾਹਤ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮਾਮਲੇ ਵਿੱਚ ਉਨ੍ਹਾਂ ਵੱਲੋਂ ਕੋਈ ਰੁਕਾਵਟ ਨਹੀਂ ਹੈ।
ਅੰਤ ਵਿੱਚ ਬਿੱਟੂ ਨੇ ਕਿਹਾ ਕਿ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਇਸ ਗਠਜੋੜ ਨੂੰ ਲੈ ਕੇ ਪੂਰੀ ਤਰ੍ਹਾਂ ਇਕਜੁੱਟ ਹੈ। ਉਨ੍ਹਾਂ ਉਮੀਦ ਜਤਾਈ ਕਿ ਭਾਜਪਾ ਅਤੇ ਅਕਾਲੀ ਦਲ ਦਾ ਇਹ ਸਿਆਸੀ ਸਾਥ ਪੰਜਾਬ ਨੂੰ ਮੁੜ ਵਿਕਾਸ, ਤਰੱਕੀ ਅਤੇ ਖੁਸ਼ਹਾਲੀ ਦੀਆਂ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਵਿੱਚ ਮਦਦਗਾਰ ਹੋਵੇਗਾ।
Get all latest content delivered to your email a few times a month.