ਤਾਜਾ ਖਬਰਾਂ
ਅੰਮ੍ਰਿਤਸਰ ਦੇ ਗੁਰੂ ਕੀ ਵਡਾਲੀ ਇਲਾਕੇ ਵਿੱਚ ਦਿਨ-ਦਿਹਾੜੇ ਗੋਲੀਬਾਰੀ ਦੀ ਘਟਨਾ ਵਾਪਰੀ, ਜਿਸ ਵਿੱਚ ਇੱਕ ਬਜ਼ੁਰਗ ਮਹਿਲਾ ਦੀ ਜਾਨ ਚਲੀ ਗਈ, ਜਦਕਿ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜਾਣਕਾਰੀ ਮੁਤਾਬਕ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਗਲੀ ਵਿੱਚ ਖੜ੍ਹੇ ਨੌਜਵਾਨ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀ ਚਲਾਈ। ਗੋਲੀ ਨੌਜਵਾਨ ਦੇ ਪੇਟ ਵਿੱਚ ਲੱਗਣ ਤੋਂ ਬਾਅਦ ਪਿੱਛੇ ਖੜ੍ਹੀ 65 ਸਾਲਾ ਦਲਬੀਰ ਕੌਰ ਨੂੰ ਵੀ ਲੱਗ ਗਈ। ਦੋਵਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਦਲਬੀਰ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ।
ਜ਼ਖਮੀ ਨੌਜਵਾਨ ਸਿਮਰਨਜੀਤ ਸਿੰਘ ਉਰਫ਼ ਗੋਲਾ ਨੇ ਦੱਸਿਆ ਕਿ ਹਮਲਾਵਰ ਪਹਿਲਾਂ ਉਸ ਕੋਲ ਆਏ ਅਤੇ ਹਾਲ-ਚਾਲ ਪੁੱਛ ਕੇ ਚਲੇ ਗਏ ਸਨ। ਕੁਝ ਸਮੇਂ ਬਾਅਦ ਉਹ ਮੁੜ ਵਾਪਸ ਆਏ ਅਤੇ ਇੰਦਰ ਨਾਮ ਦੇ ਵਿਅਕਤੀ ਬਾਰੇ ਪੁੱਛਣ ਤੋਂ ਬਾਅਦ ਗੋਲੀ ਚਲਾ ਦਿੱਤੀ। ਨੌਜਵਾਨ ਨੇ ਦਾਅਵਾ ਕੀਤਾ ਕਿ ਹਮਲਾਵਰਾਂ ਨੇ ਆਪਣੇ ਆਪ ਨੂੰ ਸੰਨੀ ਅਤੇ ਲੋਧੀ ਮਾਜਰਾ ਨਾਲ ਜੁੜੇ ਵਿਅਕਤੀਆਂ ਵਜੋਂ ਦੱਸਿਆ। ਉਸ ਮੁਤਾਬਕ ਇਲਾਕੇ ਦੇ ਕੁਝ ਨੌਜਵਾਨਾਂ ਨਾਲ ਉਸ ਦੀ ਪਹਿਲਾਂ ਤੋਂ ਰੰਜਿਸ਼ ਚੱਲ ਰਹੀ ਸੀ।
ਘਟਨਾ ਤੋਂ ਬਾਅਦ ਇਲਾਕੇ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ। ਉੱਧਰ, ਦਲਬੀਰ ਕੌਰ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰਕੇ ਹਮਲਾਵਰਾਂ ਦੀ ਪਛਾਣ ਅਤੇ ਗੋਲੀਬਾਰੀ ਪਿੱਛੇ ਕਾਰਨਾਂ ਦਾ ਪਤਾ ਲਗਾਉਣ ਦੀ ਕਾਰਵਾਈ ਕੀਤੀ ਜਾ ਰਹੀ ਹੈ।
Get all latest content delivered to your email a few times a month.