ਤਾਜਾ ਖਬਰਾਂ
ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ ਨੂੰ ਅਜੇ ਹੋਰ ਇੰਤਜ਼ਾਰ ਕਰਨਾ ਪਵੇਗਾ। ਦਿੱਲੀ ਹਾਈ ਕੋਰਟ ਨੇ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਸਬੰਧੀ ਦਾਇਰ ਪਟੀਸ਼ਨ ’ਤੇ ਕੋਈ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਕੌਮੀ ਸੁਰੱਖਿਆ ਅਤੇ ਦੇਸ਼ ਦੇ ਨਾਗਰਿਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਫੈਸਲਾ ਨੀਤੀਗਤ ਮਾਮਲਾ ਹੈ, ਜਿਸ ਵਿੱਚ ਅਦਾਲਤ ਵੱਲੋਂ ਦਖ਼ਲ ਦੇਣਾ ਉਚਿਤ ਨਹੀਂ ਹੋਵੇਗਾ।
ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਅਤੇ ਆਸਥਾ ਨਾਲ ਡੂੰਘਾ ਸਬੰਧ ਰੱਖਦਾ ਹੈ। ਇਸ ਲਾਂਘੇ ਦੀ ਸ਼ੁਰੂਆਤ ਵੀ ਸ਼ਰਧਾਲੂਆਂ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨਾਂ ਦੀ ਸਹੂਲਤ ਦੇਣ ਲਈ ਕੀਤੀ ਗਈ ਸੀ। ਪਰ ਮੌਜੂਦਾ ਹਾਲਾਤ ਵਿੱਚ ਸੁਰੱਖਿਆ ਨੂੰ ਤਰਜੀਹ ਦਿੰਦਿਆਂ ਕੇਂਦਰ ਸਰਕਾਰ ਵੱਲੋਂ ਲਏ ਗਏ ਫੈਸਲੇ ਨੂੰ ਚੁਣੌਤੀ ਦੇਣ ਦਾ ਕੋਈ ਢੁੱਕਵਾਂ ਆਧਾਰ ਨਹੀਂ ਹੈ।
ਇਹ ਪਟੀਸ਼ਨ ਪਾਰਦਰਸ਼ਿਤਾ ਪਬਲਿਕ ਵੈਲਫੇਅਰ ਫਾਊਂਡੇਸ਼ਨ ਵੱਲੋਂ ਦਾਇਰ ਕੀਤੀ ਗਈ ਸੀ, ਜਿਸ ਵਿੱਚ ਕੇਂਦਰ ਸਰਕਾਰ ਨੂੰ ਲਾਂਘਾ ਮੁੜ ਚਾਲੂ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਸੀ ਕਿ ਲੰਬੇ ਸਮੇਂ ਤੋਂ ਲਾਂਘਾ ਬੰਦ ਹੋਣ ਕਾਰਨ ਸ਼ਰਧਾਲੂ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਤੋਂ ਵਾਂਝੇ ਹਨ। ਇਸ ਦੇ ਨਾਲ ਹੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਕੇ ਲਾਂਘੇ ਨੂੰ ਪੜਾਅਵਾਰ ਖੋਲ੍ਹਣ ਦਾ ਸੁਝਾਅ ਵੀ ਦਿੱਤਾ ਗਿਆ ਸੀ।
ਹਾਈ ਕੋਰਟ ਨੇ ਇਹ ਵੀ ਨੋਟ ਕੀਤਾ ਕਿ ਲਾਂਘਾ ਮੁੜ ਖੋਲ੍ਹਣ ਬਾਰੇ ਪਟੀਸ਼ਨਕਰਤਾ ਵੱਲੋਂ ਸਰਕਾਰੀ ਅਧਿਕਾਰੀਆਂ ਨੂੰ ਦਿੱਤੀ ਗਈ ਅਰਜ਼ੀ ਹਾਲੇ ਵਿਚਾਰ ਅਧੀਨ ਹੈ। ਅਦਾਲਤ ਨੇ ਆਸ ਪ੍ਰਗਟਾਈ ਕਿ ਸਬੰਧਤ ਅਧਿਕਾਰੀ ਇਸ ਮੰਗ ’ਤੇ ਵਿਚਾਰ ਕਰਨਗੇ।
ਜ਼ਿਕਰਯੋਗ ਹੈ ਕਿ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਕੇਂਦਰ ਸਰਕਾਰ ਨੇ 7 ਮਈ 2025 ਨੂੰ ਕਰਤਾਰਪੁਰ ਸਾਹਿਬ ਲਾਂਘੇ ਦੀਆਂ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਸਨ। ਉਦੋਂ ਤੋਂ ਹੀ ਭਾਰਤੀ ਸ਼ਰਧਾਲੂਆਂ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨਾਂ ਲਈ ਜਾਣ ਦੀ ਇਜਾਜ਼ਤ ਨਹੀਂ ਮਿਲ ਰਹੀ।
Get all latest content delivered to your email a few times a month.