ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਗਰਾਉਂ ਅਤੇ ਖੰਨਾ ਦਾ ਦੌਰਾ ਕਰਕੇ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨਾਲ ਵਿਸ਼ੇਸ਼ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਨੇ ਵਪਾਰਕ ਵਰਗ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ ਅਤੇ 2027 ਵਿੱਚ ਅਕਾਲੀ-ਭਾਜਪਾ ਸਰਕਾਰ ਬਣਨ ਦੀ ਸੂਰਤ ਵਿੱਚ ਉਦਯੋਗਾਂ ਨੂੰ ਰਾਹਤ ਦੇਣ ਲਈ ਕਈ ਅਹਿਮ ਐਲਾਨ ਕੀਤੇ।
ਸੁਖਬੀਰ ਬਾਦਲ ਨੇ ਕਿਹਾ ਕਿ ਸੂਬੇ ਵਿੱਚ ਉਦਯੋਗਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਉਣ ਲਈ ਸੋਲਰ ਪਾਰਕ ਸਥਾਪਿਤ ਕੀਤੇ ਜਾਣਗੇ। ਇਸ ਤਹਿਤ ਉਦਯੋਗਿਕ ਇਕਾਈਆਂ ਨੂੰ 5 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਦਿੱਤੀ ਜਾਵੇਗੀ। ਉਨ੍ਹਾਂ ਨਵੇਂ ਉਦਯੋਗ ਸਥਾਪਿਤ ਕਰਨ ਵਾਲਿਆਂ ਨੂੰ ਸਟੇਟ ਜੀਐੱਸਟੀ ਦੀ ਰਕਮ ਆਪਣੇ ਕੋਲ ਰੱਖਣ ਦੀ ਸਹੂਲਤ ਦੇਣ ਦਾ ਵਾਅਦਾ ਵੀ ਕੀਤਾ।
ਛੋਟੇ ਦੁਕਾਨਦਾਰਾਂ ਨੂੰ ਰਾਹਤ ਦੇਣ ਬਾਰੇ ਉਨ੍ਹਾਂ ਕਿਹਾ ਕਿ ਪਹਿਲਾਂ ਚੱਲ ਰਹੀ ਵਿਸ਼ੇਸ਼ ਸਕੀਮ ਮੁੜ ਲਾਗੂ ਕੀਤੀ ਜਾਵੇਗੀ। ਇਸ ਤਹਿਤ ਸਿਰਫ਼ 1,000 ਰੁਪਏ ਸਾਲਾਨਾ ਫੀਸ ਦੇ ਕੇ ਦੁਕਾਨਦਾਰਾਂ ਨੂੰ ਖਾਤਾ-ਕਿਤਾਬ ਰੱਖਣ ਦੀਆਂ ਗੁੰਝਲਾਂ ਤੋਂ ਛੋਟ ਮਿਲੇਗੀ। ਇਸ ਦੇ ਨਾਲ ਹੀ ਵਪਾਰੀਆਂ ਲਈ 10 ਲੱਖ ਰੁਪਏ ਦਾ ਮੈਡੀਕਲ ਅਤੇ ਫਾਇਰ ਬੀਮਾ ਅਤੇ 15 ਲੱਖ ਰੁਪਏ ਦਾ ਜੀਵਨ ਬੀਮਾ ਦੇਣ ਦਾ ਭਰੋਸਾ ਦਿੱਤਾ।
ਉਦਯੋਗਪਤੀਆਂ ਵੱਲੋਂ ਰੱਖੀਆਂ ਗਈਆਂ ਮੰਗਾਂ ਦੇ ਜਵਾਬ ਵਿੱਚ ਸੁਖਬੀਰ ਬਾਦਲ ਨੇ ਸਟੀਲ ਰੋਲਿੰਗ ਮਿੱਲਾਂ ਨੂੰ ਮਲਟੀ-ਫਿਊਲ ਵਰਤਣ ਦੀ ਇਜਾਜ਼ਤ ਦੇਣ, ਕੋਲਡ ਸਟੋਰੇਜ ਮਾਲਕਾਂ ਨੂੰ ਬਿਜਲੀ ਦੇ ਨਿਸ਼ਚਿਤ ਖਰਚਿਆਂ ਤੋਂ ਰਾਹਤ ਦੇਣ ਅਤੇ ਆਲੂਆਂ ਦੀ ਵਾਧੂ ਪੈਦਾਵਾਰ ਹੋਣ ’ਤੇ ਆਟਾ-ਦਾਲ ਸਕੀਮ ਰਾਹੀਂ ਲੋਕਾਂ ਨੂੰ ਆਲੂ ਵੰਡਣ ਦੀ ਵਿਵਸਥਾ ਕਰਨ ਦੀ ਗੱਲ ਆਖੀ।
ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਬਣਨ ’ਤੇ ਜਾਇਦਾਦ ਦੀ ਖਰੀਦੋ-ਫਰੋਖਤ ਲਈ ਐਨਓਸੀ ਦੀ ਸ਼ਰਤ ਖਤਮ ਕੀਤੀ ਜਾਵੇਗੀ। ਗੈਰ-ਨਿਯਮਤ ਕਾਲੋਨੀਆਂ ਨੂੰ ਰੈਗੂਲਰ ਕਰਨ ਦੇ ਨਾਲ ਰਜਿਸਟਰੀ ਅਤੇ ਇੰਤਕਾਲ ਦੀ ਪ੍ਰਕਿਰਿਆ ਇੱਕੋ ਸਮੇਂ ਪੂਰੀ ਕਰਨ ਦੀ ਵਿਵਸਥਾ ਕੀਤੀ ਜਾਵੇਗੀ।
ਖੇਤੀਬਾੜੀ ਅਤੇ ਹੋਰ ਵਪਾਰਕ ਖੇਤਰਾਂ ਨਾਲ ਜੁੜੇ ਮਸਲਿਆਂ ’ਤੇ ਵੀ ਉਨ੍ਹਾਂ ਕਈ ਭਰੋਸੇ ਦਿੱਤੇ। ਇਨ੍ਹਾਂ ਵਿੱਚ ਆੜ੍ਹਤੀਆਂ ਨੂੰ 2.5 ਫ਼ੀਸਦੀ ਕਮਿਸ਼ਨ, ਫਲੋਰ ਮਿੱਲਾਂ ਨੂੰ ਸਥਾਨਕ ਕਣਕ ਮੁਹੱਈਆ ਕਰਵਾਉਣ, ਸ਼ੈਲਰ ਮਾਲਕਾਂ ਦੇ ਗੋਦਾਮ 31 ਮਾਰਚ ਤੱਕ ਖਾਲੀ ਕਰਵਾਉਣ ਅਤੇ ਦਾਲ ਮਿੱਲਾਂ ਨੂੰ ਉਤਸ਼ਾਹਿਤ ਕਰਨ ਵਰਗੇ ਮੁੱਦੇ ਸ਼ਾਮਲ ਸਨ।
ਇਸ ਤੋਂ ਇਲਾਵਾ 'ਗਰੋਅ ਇਨ ਪੰਜਾਬ' ਮੁਹਿੰਮ ਸ਼ੁਰੂ ਕਰਨ, ਇੱਟਾਂ ਦੇ ਭੱਠਿਆਂ ਵਿੱਚ ਪੈਲਟਸ ਦੀ ਲਾਜ਼ਮੀ ਵਰਤੋਂ ਤੋਂ ਰਾਹਤ ਦੇਣ ਅਤੇ ਸੁਨਿਆਰਿਆਂ ਨੂੰ ਪੁਲਿਸ ਵੱਲੋਂ ਬੇਵਜ੍ਹਾ ਤੰਗ-ਪ੍ਰੇਸ਼ਾਨ ਨਾ ਕਰਨ ਦਾ ਭਰੋਸਾ ਵੀ ਦਿੱਤਾ ਗਿਆ।
ਇਸ ਮੌਕੇ ਸਾਬਕਾ ਵਿਧਾਇਕ ਐਸ.ਆਰ. ਕਲੇਰ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਬਣਾਉਣ ਲਈ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਉਦਯੋਗਿਕ ਖੇਤਰ ਕਿਸੇ ਵੀ ਸੂਬੇ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।
ਭਾਜਪਾ ਦੇ ਜਗਰਾਉਂ ਤੋਂ ਸੀਨੀਅਰ ਆਗੂ ਡਾ. ਰਜਿੰਦਰ ਸ਼ਰਮਾ ਨੇ ਵੀ ਮੀਟਿੰਗ ਵਿੱਚ ਸ਼ਿਰਕਤ ਕੀਤੀ ਅਤੇ ਵਪਾਰਕ ਵਰਗ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਉਦਯੋਗਿਕ ਖੇਤਰ ਨੂੰ ਮੁੜ ਮਜ਼ਬੂਤ ਕਰਨ ਅਤੇ ਵਿਕਾਸ ਦੀ ਰਫ਼ਤਾਰ ਵਧਾਉਣ ਲਈ ਕਾਰੋਬਾਰੀਆਂ ਦੀਆਂ ਮੁਸ਼ਕਲਾਂ ਦੂਰ ਕਰਨਾ ਜ਼ਰੂਰੀ ਹੈ।
ਜਗਰਾਉਂ ਵਿਖੇ ਹੋਈ ਮੀਟਿੰਗ ਵਿੱਚ ਐੱਸਜੀਪੀਸੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਕਈ ਸੀਨੀਅਰ ਆਗੂ, ਸਾਬਕਾ ਚੇਅਰਮੈਨ, ਕੌਂਸਲਰ, ਸਰਕਲ ਪ੍ਰਧਾਨ, ਯੂਥ ਅਤੇ ਵਪਾਰਕ ਵਿੰਗ ਦੇ ਨੁਮਾਇੰਦੇ ਹਾਜ਼ਰ ਰਹੇ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਥਾਨਕ ਵਪਾਰੀਆਂ ਅਤੇ ਉਦਯੋਗਿਕ ਖੇਤਰ ਨਾਲ ਸਬੰਧਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਸ਼ਮੂਲੀਅਤ ਕੀਤੀ।
Get all latest content delivered to your email a few times a month.