IMG-LOGO
ਹੋਮ ਪੰਜਾਬ: ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ...

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਨੇ ਸੀਰ ਗੋਵਰਧਨਪੁਰ ਵਿਖੇ ਕੀਰਤਨ ਦਰਬਾਰ ਕਰਵਾਇਆ

Admin User - Nov 29, 2026 09:11 PM
IMG

ਸੀਰ ਗੋਵਰਧਨਪੁਰ (ਵਾਰਾਣਸੀ), 29 ਨਵੰਬਰ-

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਅੱਜ ਗੁਰੂ ਸਾਹਿਬ ਦੇ ਪਵਿੱਤਰ ਜਨਮ ਅਸਥਾਨ ਸੀਰ ਗੋਵਰਧਨਪੁਰ, ਵਾਰਾਣਸੀ ਵਿਖੇ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ ਗਿਆ। ਸੰਗਤ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਇਲਾਹੀ ਬਾਣੀ ਅਤੇ ਸਦੀਵੀ ਸਿੱਖਿਆਵਾਂ ਨਾਲ ਜੋੜਨ ਦੇ ਉਦੇਸ਼ ਨਾਲ ਪੂਰੇ ਪੰਜਾਬ ਵਿੱਚ ਧਾਰਮਿਕ, ਸੱਭਿਆਚਾਰਕ, ਵਿੱਦਿਅਕ ਅਤੇ ਸਮਾਜਿਕ ਪ੍ਰੋਗਰਾਮਾਂ ਰਾਹੀਂ ਇਹ ਸਮਾਗਮ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਏ ਜਾ ਰਹੇ ਹਨ।

ਇਸ ਪਵਿੱਤਰ ਸਮਾਗਮ ਵਿੱਚ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ., ਡਾ. ਰਵਜੋਤ ਸਿੰਘ ਅਤੇ ਤਰੁਨਪ੍ਰੀਤ ਸਿੰਘ ਸੌਂਦ, ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਗੜ੍ਹੀ, ਸੰਤ ਸਤਵਿੰਦਰ ਹੀਰਾ ਜੀ, ਸੰਤ ਪ੍ਰਦੀਪ ਦਾਸ ਕਠਾਰ ਵਾਲੇ, ਸੰਤ ਵਿਨੋਦ ਦਾਸ ਹੁਸ਼ਿਆਰਪੁਰ, ਸੰਤ ਪਰਮਿੰਦਰ ਦਾਸ ਦਸੂਹਾ, ਗੁਰਮੇਲ ਦਾਸ ਭਟੋਲੀ, ਸੰਤ ਸਮਾਜ ਦੇ ਹੋਰ ਸਤਿਕਾਰਯੋਗ ਮੈਂਬਰ ਅਤੇ ਪੰਜਾਬ ਤੋਂ ਆਈ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਿਰਕਤ ਕੀਤੀ। ਪ੍ਰਸਿੱਧ ਰਾਗੀ ਜਥਿਆਂ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਪਵਿੱਤਰ ਬਾਣੀ ਦੇ ਰਸ-ਭਿੰਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ, ਜਿਸ ਨਾਲ ਪੂਰਾ ਮਾਹੌਲ ਅਧਿਆਤਮਕ ਸ਼ਰਧਾ ਅਤੇ ਭਗਤੀ ਰਸ ਵਿੱਚ ਰੰਗਿਆ ਗਿਆ।

ਸੰਗਤ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਇਲਾਹੀ ਬਾਣੀ ਅਤੇ ਸਰਬ-ਸਾਂਝੇ ਸੰਦੇਸ਼ ਨੂੰ ਸਮਾਜ ਦੇ ਹਰ ਵਰਗ, ਖ਼ਾਸ ਕਰ ਕੇ ਪੇਂਡੂ ਖੇਤਰਾਂ ਦੇ ਲੋਕਾਂ ਅਤੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਾਲ ਭਰ ਚੱਲਣ ਵਾਲੇ ਇਨ੍ਹਾਂ ਯਾਦਗਾਰੀ ਸਮਾਗਮਾਂ ਰਾਹੀਂ ਪੰਜਾਬ ਸਰਕਾਰ ਗੁਰੂ ਸਾਹਿਬ ਦੀਆਂ ਬਰਾਬਰੀ ਅਤੇ ਸਮਾਜਿਕ ਸਦਭਾਵਨਾ ਦੀਆਂ ਸਦੀਵੀ ਸਿੱਖਿਆਵਾਂ ਦਾ ਪ੍ਰਚਾਰ ਕਰਨ ਲਈ ਸਮਰਪਿਤ ਯਤਨ ਕਰ ਰਹੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਇਸ ਇਤਿਹਾਸਕ ਮੌਕੇ ਕਰਵਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ ਲਈ ਲਗਪਗ 100 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।


ਸੂਬਾ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਦੇ ਵੇਰਵੇ ਸਾਂਝੇ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ 'ਤੇ ਪਹਿਲਾਂ ਹੀ ਬਾਰਾਂ ਵਿਸ਼ੇਸ਼ ਕੀਰਤਨ ਦਰਬਾਰ ਕਰਵਾਏ ਜਾ ਚੁੱਕੇ ਹਨ। ਪੇਂਡੂ ਭਾਈਚਾਰੇ ਅਤੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਅਧਿਆਤਮਕ ਵਿਰਾਸਤ ਅਤੇ ਸਮਾਜ ਪ੍ਰਤੀ ਉਨ੍ਹਾਂ ਦੇ ਯੋਗਦਾਨ ਤੋਂ ਜਾਣੂ ਕਰਵਾਉਣ ਲਈ ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪਵਿੱਤਰ ਜੀਵਨ, ਸਿੱਖਿਆਵਾਂ ਅਤੇ ਫਲਸਫ਼ੇ 'ਤੇ ਆਧਾਰਿਤ ਇੱਕ ਦਸਤਾਵੇਜ਼ੀ ਫ਼ਿਲਮ ਵੀ ਦਿਖਾਈ ਗਈ ਹੈ।


ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਭਰ ਦੀਆਂ ਯੂਨੀਵਰਸਿਟੀਆਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਇਲਾਹੀ ਸਿੱਖਿਆਵਾਂ ਨੂੰ ਸਮਰਪਿਤ ਸੈਮੀਨਾਰਾਂ ਅਤੇ ਵਰਕਸ਼ਾਪਾਂ ਸਮੇਤ ਅਕਾਦਮਿਕ ਪ੍ਰੋਗਰਾਮ ਕਰਵਾਏ ਗਏ ਹਨ। ਇਨ੍ਹਾਂ ਉਪਰਾਲਿਆਂ ਨੇ ਵਿਦਿਆਰਥੀਆਂ, ਵਿਦਵਾਨਾਂ ਅਤੇ ਸਿੱਖਿਆ ਸ਼ਾਸਤਰੀਆਂ ਨੂੰ ਗੁਰੂ ਸਾਹਿਬ ਦੇ ਸਦੀਵੀ ਸੰਦੇਸ਼ ਅਤੇ ਅਧਿਆਤਮਕ ਵਿਰਾਸਤ ਦਾ ਅਧਿਐਨ ਅਤੇ ਵਿਚਾਰ-ਵਟਾਂਦਰਾ ਕਰਨ ਲਈ ਇੱਕ ਮੰਚ 'ਤੇ ਇਕੱਠਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਇਤਿਹਾਸਕ ਸ਼ੋਭਾ ਯਾਤਰਾ 30 ਨਵੰਬਰ ਨੂੰ ਸੀਰ ਗੋਵਰਧਨਪੁਰ, ਵਾਰਾਣਸੀ ਤੋਂ ਆਰੰਭ ਹੋਵੇਗੀ ਅਤੇ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸੰਪੂਰਨ ਹੋਵੇਗੀ।


ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿਛਲੇ ਅੱਠ-ਨੌਂ ਮਹੀਨਿਆਂ ਤੋਂ ਸੂਬੇ ਭਰ ਵਿੱਚ ਵੱਖ-ਵੱਖ ਪ੍ਰੋਗਰਾਮਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾ ਰਹੀ ਹੈ। ਸਾਲ ਭਰ ਚੱਲਣ ਵਾਲੀ ਇਸ ਪਹਿਲਕਦਮੀ ਤਹਿਤ ਸੂਬਾ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਲਈ ਡੇਰਾ ਬੱਲਾਂ ਨੇੜੇ ਪਿੰਡ ਫ਼ਰੀਦਪੁਰਾ ਅਤੇ ਨੌਗਜ਼ਾ ਵਿੱਚ ਲਗਪਗ 11 ਏਕੜ ਜ਼ਮੀਨ ਖਰੀਦੀ ਹੈ। ਇਹ ਪ੍ਰਸਤਾਵਿਤ ਕੇਂਦਰ ਹਰ ਸਾਲ 750 ਤੋਂ ਵੱਧ ਵਿਦਵਾਨ ਤਿਆਰ ਕਰਨ ਵਿੱਚ ਸਹਾਈ ਹੋਵੇਗਾ, ਜੋ ਪਵਿੱਤਰ ਗੁਰਬਾਣੀ ਦਾ ਡੂੰਘਾਈ ਨਾਲ ਅਧਿਐਨ ਕਰਨਗੇ ਅਤੇ ਇਸ ਦੇ ਇਲਾਹੀ ਸੰਦੇਸ਼ ਨੂੰ ਦੁਨੀਆ ਭਰ ਦੇ ਲੋਕਾਂ ਤੱਕ ਪਹੁੰਚਾਉਣ ਲਈ ਕੰਮ ਕਰਨਗੇ। ਇਹ ਵਿਦਵਾਨ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸੰਕਲਪ 'ਬੇਗਮਪੁਰਾ' ਦੇ ਆਦਰਸ਼ਾਂ ਦਾ ਵੀ ਪ੍ਰਚਾਰ ਕਰਨਗੇ। ਉਨ੍ਹਾਂ ਦੱਸਿਆ ਕਿ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਸਮਝਣ ਅਤੇ ਉਨ੍ਹਾਂ 'ਤੇ ਚੱਲਣ ਲਈ ਪ੍ਰੇਰਿਤ ਕਰਨ ਵਾਸਤੇ ਪੂਰੇ ਪੰਜਾਬ ਵਿੱਚ ਡਰੋਨ ਸ਼ੋਅ, ਕੀਰਤਨ ਦਰਬਾਰਾਂ ਅਤੇ ਧਾਰਮਿਕ ਸਮਾਗਮਾਂ ਦੇ ਨਾਲ-ਨਾਲ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਲੇਖ ਲਿਖਣ ਅਤੇ ਸਾਹਿਤਕ ਮੁਕਾਬਲੇ ਵੀ ਕਰਵਾਏ ਗਏ ਹਨ।

ਪਿਛਲੇ ਸਾਲ 649ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਸੰਤ ਸਮਾਜ ਅਤੇ ਹੋਰ ਪਤਵੰਤਿਆਂ ਨਾਲ ਹੋਈਆਂ ਸਾਂਝੀਆਂ ਵਿਚਾਰ-ਚਰਚਾਵਾਂ ਨੂੰ ਯਾਦ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਲ ਭਰ ਚੱਲਣ ਵਾਲੇ ਯਾਦਗਾਰੀ ਪ੍ਰੋਗਰਾਮਾਂ ਦੀ ਯੋਜਨਾਬੰਦੀ ਅਤੇ ਤਾਲਮੇਲ ਲਈ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਤਿਹਾਸਕ ਸ਼ੋਭਾ ਯਾਤਰਾ 30 ਨਵੰਬਰ ਨੂੰ ਸੀਰ ਗੋਵਰਧਨਪੁਰ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪਵਿੱਤਰ ਜਨਮ ਅਸਥਾਨ ਤੋਂ ਆਰੰਭ ਹੋ ਕੇ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਪਹੁੰਚੇਗੀ। ਉਸੇ ਦਿਨ ਵੱਖ-ਵੱਖ ਥਾਵਾਂ ਤੋਂ ਆਰੰਭ ਹੋਣ ਵਾਲੀਆਂ ਤਿੰਨ ਹੋਰ ਸ਼ੋਭਾ ਯਾਤਰਾਵਾਂ ਵੀ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚਣਗੀਆਂ, ਜਿਸ ਉਪਰੰਤ ਗੁਰੂ ਸਾਹਿਬ ਦੀ ਪਾਵਨ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ।

ਸੰਗਤ ਨੂੰ ਆਗਾਮੀ ਧਾਰਮਿਕ ਪ੍ਰੋਗਰਾਮਾਂ ਵਿੱਚ ਵਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਮੌਕਾ ਹਰ ਕਿਸੇ ਨੂੰ ਇਲਾਹੀ ਬਾਣੀ ਨਾਲ ਮੁੜ ਜੁੜਨ ਅਤੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਦੀਵੀ ਸੰਦੇਸ਼ ਨੂੰ ਜੀਵਨ ਵਿੱਚ ਧਾਰਨ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਉਨ੍ਹਾਂ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਮੌਕੇ ਸਮੂਹ ਸੰਗਤ ਨੂੰ ਦਿਲੋਂ ਵਧਾਈ ਦਿੱਤੀ ਅਤੇ ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਬਰਾਬਰੀ, ਦਇਆ, ਸਮਾਜਿਕ ਸਦਭਾਵਨਾ ਅਤੇ ਵਿਸ਼ਵ-ਵਿਆਪੀ ਭਾਈਚਾਰੇ ਦੇ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ।

ਇਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਸੰਤ ਪ੍ਰਦੀਪ ਦਾਸ ਕਠਾਰ ਵਾਲੇ, ਸੰਤ ਵਿਨੋਦ ਦਾਸ ਹੁਸ਼ਿਆਰਪੁਰ, ਸੰਤ ਪਰਮਿੰਦਰ ਦਾਸ ਦਸੂਹਾ ਅਤੇ ਗੁਰਮੇਲ ਦਾਸ ਭਟੋਲੀ ਵੀ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.