2021-01-12 18:31:03 ( ਖ਼ਬਰ ਵਾਲੇ ਬਿਊਰੋ )
ਨਵੀਂ ਦਿੱਲੀ 12 ਜਨਵਰੀ : ਸੁਪਰੀਮ ਕੋਰਟ ਵੱਲੋਂ ਖੇਤੀ ਕਾਨੂੰਨਾ ਤੇ ਰੋਕ ਲਗਾ ਕੇ ਬਣਾਈ ਗਈ ਕਮੇਟੀ ਦਾ ਕਿਸਾਨ ਜਥੇਬੰਦੀਆਂ ਵੱਲੋਂ ਖੁੱਲ੍ਹ ਕੇ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਇਸ ਕਮੇਟੀ ਨੂੰ ਮਨਜ਼ੂਰ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ ਹੈ। ਇਸ ਸਬੰਧੀ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਜੋ ਸੁਪਰੀਮ ਕੋਰਟ ਵੱਲੋਂ ਕਮੇਟੀ ਬਣਾਈ ਗਈ ਹੈ, ਉਸ ਦੇ ਮੈਂਬਰ ਪਹਿਲਾਂ ਹੀ ਕਾਨੂੰਨ ਲਾਗੂ ਕਰਨ ਦਾ ਸਮਰਥਨ ਕਰ ਚੁੱਕੇ ਹਨ। ਇਸ ਕਰਕੇ ਕਿਸਾਨ ਜਥੇਬੰਦੀਆਂ ਕਮੇਟੀ ਕੋਲ ਆਪਣਾ ਪੱਖ ਨਹੀਂ ਰੱਖਣਗੀਆਂ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਲੋਹੜੀ ਵਾਲੇ ਦਿਨ ਤਿੰਨੇ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਉਹ 15 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਵਿਚ ਵੀ ਜਾਣਗੇ। ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਦਿੱਲੀ ਵਿੱਚ ਹੋਣ ਵਾਲੀ ਪਰੇਡ ਵਿਚ ਨਹੀਂ ਜਾਣਗੇ ਬਲਕਿ ਇਕ ਸ਼ਾਂਤੀਪੂਰਨ ਤਰੀਕੇ ਨਾਲ ਇਤਿਹਾਸਿਕ ਪ੍ਰੋਗਰਾਮ ਉਲੀਕਿਆ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤਕ ਤਿੰਨੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤਕ ਬਜ਼ੁਰਗ ਅਤੇ ਬੱਚੇ ਧਰਨੇ ਤੋਂ ਵਾਪਸ ਆਪਣੇ ਘਰ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਕੀਲ ਅੱਜ ਸੁਪਰੀਮ ਕੋਰਟ ਵਿੱਚ ਇਸ ਲਈ ਪੇਸ਼ ਨਹੀਂ ਹੋਏ ਕਿਉਂਕਿ ਅੱਜ ਫ਼ੈਸਲਾ ਆਉਣਾ ਸੀ।